ਹਰੀਕੇ ਪੱਤਣ, 5 ਜੂਨ (ਸੰਜੀਵ ਕੁੰਦਰਾ)-ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ ਹੇਠ ਕਿ੍ਸ਼ੀ ਵਿਗਿਆਨ ਕੇਂਦਰ ਬੂਹ ਵਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਤਰਨ ਤਾਰਨ ਨਾਲ ਮਿਲ ਕੇ ਜ਼ਿਲ੍ਹੇ ਵਿਚ ਖੇਤ ਬਚਾਉ ਅਭਿਆਨ ਚਲਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ. ਪ੍ਰਭਜੀਤ ਸਿੰਘ ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਇਸ ਅਭਿਆਨ ਤਹਿਤ 1 ਜੂਨ 2026 ਤੋਂ ਵੱਖ ਵੱਖ ਪਿੰਡਾਂ ਵਿਚ ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਮਿੱਟੀ ਦੀ ਸਿਹਤ ਸੰਭਾਲ ਸਬੰਧੀ ਜਾਗਰੂਕ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਇਹ ਮੁਹਿੰਮ 30 ਜੂਨ 2026 ਤੱਕ ਚੱਲੇਗੀ | ਜਿਸ ਵਿਚ ਵੱਖ ਵੱਖ ਪਿੰਡਾਂ ਵਿਚ ਜਾਗਰੂਕਤਾ ਕੈਂਪ ਅਤੇ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ | ਇਸ ਮੁਹਿੰਮ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ.ਨਵਜੋਤ ਸਿੰਘ ਬਰਾੜ ਨੇ ਦੱਸਿਆ ਕਿ ਸਾਡੇ ਵਲੋਂ ਕਿਸਾਨਾਂ ਨੂੰ ਮਿੱਟੀ ਪਰਖ ਦੇ ਅਧਾਰ 'ਤੇ ਖਾਦਾਂ ਦੀ ਸੰਤੁਲਿਤ ਵਰਤੋਂ, ਹਰੀ ਖਾਦ ਅਤੇ ਰੁੜੀ ਖਾਦ ਦੀ ਮਹੱਤਤਾ, ਕੁਦਰਤੀ ਖੇਤੀ ਆਦਿ ਵਿਸ਼ਿਆਂ ਤੇ ਜਾਗਰੂਕ ਕੀਤਾ ਜਾ ਰਿਹਾ ਹੈ, ਤਾਂ ਜੋ ਕਿਸਾਨ ਵੀਰਾਂ ਦੀ ਰਸਾਇਣਕ ਖਾਦਾਂ ਤੇ ਨਿਰਭਰਤਾ ਘਟਾ ਕੇ ਖਾਦਾਂ ਦੀ ਸੰਤੁਲਿਤ ਵਰਤੋਂ ਨੂੰ ਯਕੀਨੀ ਬਣਾਇਆ ਜਾ ਸਕੇ | ਡਾ. ਬਰਾੜ ਨੇ ਕਿਸਾਨਾਂ ਨੂੰ ਬੇਨਤੀ ਕੀਤੀ ਕਿ ਜੇਕਰ ਹਾੜੀ ਵਿਚ ਕਣਕ ਨੂੰ ਡੀ.ਏ.ਪੀ ਖਾਦ ਪਾਈ ਹੈ ਤਾਂ ਸਾਉਣੀ ਦੇ ਸੀਜ਼ਨ ਵਿਚ ਝੋਨੇ ਵਿਚ ਡੀ.ਏ.ਪੀ. ਜਾਂ ਸੁਪਰ ਖਾਦ ਦੀ ਵਰਤੋਂ ਨਹੀਂ ਕਰਨੀ ਚਾਹਿਦੀ | ਉਨ੍ਹਾਂ ਕਿਹਾ ਕਿ ਝੋਨੇ ਦੀ ਫਸਲ ਦਾ ਸਹੀ ਝਾੜ ਲੈਣ ਲਈ ਯੂਰੀਏ ਦੀ ਸਿਫਾਰਿਸ਼ ਮਾਤਰਾ ਲੁਆਈ ਦੇ 6 ਹਫਤਿਆਂ ਦੇ ਵਿਚ ਵਿਚ ਪੈ ਜਾਣੀ ਚਾਹਿਦੀ ਹੈ | ਡਾ.ਬਰਾੜ ਨੇ ਦੱਸਿਆ ਕਿ ਜਦੋਂ ਕਿਸਾਨ ਯੂਰੀਏ ਦੀ ਲੋੜ ਤੋਂ ਵੱਧ ਵਰਤੋਂੋ ਕਰਦੇ ਹਨ ਤਾਂ ਫਸਲ ਵਿਚ ਕੀੜੇ ਅਤੇ ਬਿਮਾਰੀਆਂ ਦੀ ਸਮੱਸਿਆ ਜ਼ਿਆਦਾ ਆਉਂਦੀ ਹੈ | ਡਾ. ਪ੍ਰਭਜੀਤ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਨਾਂ ਕੈਂਪਾਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰ ਕੇ ਖਾਦਾਂ ਦੀ ਸੁਚੱਜੀ ਵਰਤੋਂ ਸਬੰਧੀ ਜਾਣਕਾਰੀ ਹਾਸਿਲ ਕਰਨ ਤਾਂ ਜੋ ਖੇਤੀ ਖਰਚੇ ਘਟਾਏ ਜਾ ਸਕਣ ਅਤੇ ਫਸਲਾਂ ਦਾ ਝਾੜ ਵਧਾਇਆ ਜਾ ਸਕੇ |