ਤਰਨ ਤਾਰਨ, 6 ਜੂਨ (ਹਰਿੰਦਰ ਸਿੰਘ)- ਤਰਨ ਤਾਰਨ ਵਿਖੇ ਵਿਧਾਇਕ ਹਰਮੀਤ ਸਿੰਘ ਸੰਧੂ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਨਸ਼ਾ ਮੁਕਤੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੇ ਫੇਜ਼-2 ਤਹਿਤ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੌਕੇ ਨਸ਼ਾ ਮੁਕਤੀ ਯਾਤਰਾ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਸਰਗਰਮ ਪਿੰਡ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਕਨਵੀਨਰਾਂ, ਪ੍ਰਧਾਨਾਂ ਅਤੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ | ਸੰਬੋਧਨ ਕਰਦਿਆਂ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਪੂਰੀ ਦਿ੍ੜਤਾ ਨਾਲ ਕੰਮ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਜਿੱਥੇ ਵੱਡੀ ਗਿਣਤੀ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਦੀਆਂ ਸਲਾਖਾਂ ਪਿੱਛੇ ਭੇਜਿਆ ਹੈ, ਉਥੇ ਨਸ਼ੇ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਦੇ ਮੁੜ ਵਸੇਬੇ ਲਈ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਹਨ | ਉਨ੍ਹਾਂ ਪਿੰਡ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੇਤਰਾਂ ਵਿਚ ਵੱਧ ਤੋਂ ਵੱਧ ਲੋਕਾਂ ਨੂੰ ਇਸ ਮੁਹਿੰਮ ਨਾਲ ਜੋੜਨ, ਜੇਕਰ ਸਮਾਜ ਦੇ ਹਰੇਕ ਵਰਗ ਦਾ ਸਹਿਯੋਗ ਮਿਲੇ ਤਾਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਟੀਚਾ ਜਲਦ ਹਾਸਲ ਕੀਤਾ ਜਾ ਸਕਦਾ ਹੈ | ਇਸ ਮੌਕੇ ਐਸ.ਡੀ.ਐਮ. ਤਰਨ ਤਾਰਨ ਡਾ. ਕਰਨਵੀਰ ਸਿੰਘ, ਡੀ.ਐਸ.ਪੀ. ਸਿਟੀ ਸੁਖਬੀਰ ਸਿੰਘ, ਸਾਬਕਾ ਪ੍ਰਧਾਨ ਨਗਰ ਕੌਂਸਲ ਭੁਪਿੰਦਰ ਸਿੰਘ ਖੇੜਾ, ਚੇਅਰਮੈਨ ਮਾਰਕੀਟ ਕਮੇਟੀ ਬਲਵਿੰਦਰ ਸਿੰਘ ਰੰਧਾਵਾ, ਨਸ਼ਾ ਮੁਕਤੀ ਮੋਰਚਾ ਦੇ ਕੋਆਰਡੀਨੇਟਰ ਕੁਲਦੀਪ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਗੋਲਡੀ, ਯਾਦਵਿੰਦਰ ਸਿੰਘ ਯਾਦੂ, ਕਰਨੈਲ ਸਿੰਘ, ਜਰਨੈਲ ਸਿੰਘ, ਸਰਬਜਿੰਦਰ ਸਿੰਘ ਭਰੋਵਾਲ, ਅੰਜੂ ਵਰਮਾ, ਗੁਰਨਾਮ ਸਿੰਘ ਜੌਹਲ ਰਾਜੂ ਸਿੰਘ ਵਾਲਾ ਆਦਿ ਹਾਜ਼ਰ ਸਨ |