ਮਜੀਠਾ, 6 ਜੂਨ (ਮਨਿੰਦਰ ਸਿੰਘ ਸੋਖੀ)-ਹਲਕਾ ਮਜੀਠਾ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵਿਚਾਲੇ ਚੱਲ ਰਹੀ ਪੋਸਟਰਬਾਜ਼ੀ ਦੀ ਜੰਗ 'ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਸੀਨੀਅਰ ਕਾਂਗਰਸੀ ਆਗੂ ਤੇ ਹਲਕਾ ਇੰਚਾਰਜ ਮਜੀਠਾ ਭਗਵੰਤ ਪਾਲ ਸਿੰਘ ਸੱਚਰ ਨੇ ਕਿਹਾ ਕਿ ਦੋਵੇਂ ਪਾਰਟੀਆਂ ਲੋਕਾਂ ਦੇ ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਸਸਤੀ ਰਾਜਨੀਤੀ ਕਰ ਰਹੀਆਂ ਹਨ | ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕ ਬੇਰੁਜ਼ਗਾਰੀ, ਨਸ਼ਿਆਂ, ਕਿਸਾਨੀ ਸੰਕਟ, ਟੁੱਟੀਆਂ ਸੜਕਾਂ ਅਤੇ ਵਿਕਾਸ ਕਾਰਜਾਂ ਦੀ ਘਾਟ ਨਾਲ ਜੂਝ ਰਹੇ ਹਨ, ਪਰ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਸਿਰਫ਼ ਇਕ-ਦੂਜੇ ਖ਼ਿਲਾਫ਼ ਪੋਸਟਰ ਲਗਾ ਕੇ ਸਿਆਸੀ ਨਾਟਕਬਾਜ਼ੀ ਕਰਨ ਵਿਚ ਰੁੱਝੀਆਂ ਹੋਈਆਂ ਹਨ | ਸੱਤਾਧਾਰੀ ਪਾਰਟੀ ਵਲੋਂ ਨਗਰ ਕੌਂਸਲ ਚੋਣਾਂ ਵਿਚ ਕੀਤੀਆਂ ਗਈਆਂ ਧੱਕੇਸ਼ਾਹੀਆਂ ਦਾ ਜ਼ਿਕਰ ਕਰਦਿਆਂ ਸੱਚਰ ਨੇ ਕਿਹਾ ਇਸ ਦਾ ਜਵਾਬ ਮਜੀਠਾ ਦੇ ਲੋਕ 2027 ਦੀਆਂ ਵਿਧਾਨਸਭਾ ਚੋਣਾਂ ਵਿਚ ਦੇਣਗੇ | ਉਨ੍ਹਾਂ ਕਿਹਾ ਕਿ ਮਜੀਠੇ ਦੇ ਲੋਕਾਂ ਨੇ ਹਮੇਸ਼ਾ ਸੱਚ ਤੇ ਸ਼ਫਾਰਤ ਨੂੰ ਪਹਿਲ ਦਿੱਤੀ ਹੈ ਨਾ ਕਿ ਬਦਮਾਸ਼ੀ ਤੇ ਧੱਕੇਸ਼ਾਹੀ ਨੂੰ ਕਾਂਗਰਸੀ ਆਗੂ ਸੱਚਰ ਨੇ ਕਿਹਾ ਕਿ ਪੰਜਾਬ ਦੀ ਜਨਤਾ ਹੁਣ ਸਿਆਸੀ ਡਰਾਮਿਆਂ ਤੋਂ ਤੰਗ ਆ ਚੁੱਕੀ ਹੈ ਅਤੇ ਉਨ੍ਹਾਂ ਨੂੰ ਅਜਿਹੇ ਨੇਤਾਵਾਂ ਦੀ ਲੋੜ ਹੈ ਜੋ ਲੋਕਾਂ ਦੇ ਦੁੱਖ-ਦਰਦ ਨੂੰ ਸਮਝਣ ਅਤੇ ਉਨ੍ਹਾਂ ਦੇ ਹੱਲ ਲਈ ਕੰਮ ਕਰਨ | ਉਨ੍ਹਾਂ ਕਿਹਾ ਕਿ ਪੋਸਟਰਾਂ ਦੀ ਇਹ ਜੰਗ ਸਾਬਤ ਕਰਦੀ ਹੈ ਕਿ ਦੋਵੇਂ ਪਾਰਟੀਆਂ ਕੋਲ ਲੋਕਾਂ ਨੂੰ ਦੱਸਣ ਲਈ ਕੋਈ ਠੋਸ ਕਾਰਗੁਜ਼ਾਰੀ ਨਹੀਂ ਹੈ | ਉਨ੍ਹਾਂ ਕਿਹਾ ਕਿ ਇੱਕ ਪਾਸੇ ਆਮ ਆਦਮੀ ਪਾਰਟੀ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਦਕਿ ਦੂਜੇ ਪਾਸੇ ਅਕਾਲੀ ਦਲ ਆਪਣੇ ਪਿਛਲੇ ਸ਼ਾਸਨ ਦੌਰਾਨ ਕੀਤੀਆਂ ਗਲਤੀਆਂ ਲਈ ਲੋਕਾਂ ਦੇ ਸਵਾਲਾਂ ਦਾ ਜਵਾਬ ਦੇਣ ਤੋਂ ਭੱਜ ਰਿਹਾ ਹੈ | ਦੋਵੇਂ ਧਿਰਾਂ ਸਿਰਫ਼ ਸਿਆਸੀ ਸੁਰਖੀਆਂ ਬਟੋਰਣ ਲਈ ਪੋਸਟਰਾਂ ਦਾ ਸਹਾਰਾ ਲੈ ਰਹੀਆਂ ਹਨ | ਸੱਚਰ ਨੇ ਅੰਤ ਵਿਚ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਮੁੱਦਿਆਂ ਦੀ ਲੜਾਈ ਲੜਦੀ ਆਈ ਹੈ ਅਤੇ ਅੱਗੇ ਵੀ ਹਲਕਾ ਮਜੀਠਾ ਦੇ ਵਿਕਾਸ, ਨੌਜਵਾਨਾਂ ਦੇ ਰੁਜ਼ਗਾਰ, ਕਿਸਾਨਾਂ ਦੇ ਹੱਕਾਂ ਅਤੇ ਆਮ ਲੋਕਾਂ ਦੀ ਭਲਾਈ ਲਈ ਆਵਾਜ਼ ਬੁਲੰਦ ਕਰਦੀ ਰਹੇਗੀ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਹਲਕੇ ਦੇ ਲੋਕ ਪੋਸਟਰਾਂ ਦੀ ਨਹੀਂ, ਸਗੋਂ ਕੰਮ ਕਰਨ ਵਾਲਿਆਂ ਦੀ ਰਾਜਨੀਤੀ ਨੂੰ ਤਰਜੀਹ ਦੇਣਗੇ ਅਤੇ ਇਸ ਦਾ ਜਵਾਬ ਚੋਣਾਂ ਵਿਚ ਦੇਣਗੇ | ਇਸ ਮੌਕੇ ਮਜੀਠਾ ਸ਼ਹਿਰੀ ਪ੍ਰਧਾਨ ਨਵਦੀਪ ਸਿੰਘ ਸੋਨਾ ਮਜੀਠਾ, ਨਵਤੇਜ ਪਾਲ ਸਿੰਘ ਬਲਾਕ ਪ੍ਰਧਾਨ, ਸੁਲੱਖਣ ਸਿੰਘ ਕੱਥੂਨੰਗਲ, ਡਾ. ਸੁਖਵਿੰਦਰ ਸਿੰਘ ਰੰਧਾਵਾ, ਮੋਹਨ ਸਿੰਘ ਤੇ ਹੋਰ ਵੀ ਆਗੂ ਹਾਜ਼ਰ ਸਨ |