28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਨਰੇਗਾ ਮੁਲਾਜ਼ਮਾਂ ਵਲੋਂ ਵਧੀਕ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਧਰਨਾ

Ad Position 21
No active advertisement
ਅਜੀਤ ਡੈਸਕ 11-06-2026
ਤਰਨ ਤਾਰਨ, 10 ਜੂਨ (ਹਰਿੰਦਰ ਸਿੰਘ)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿਚ ਨਰੇਗਾ ਤਹਿਤ ਆਰਜ਼ੀ ਆਸਾਮੀਆਂ 'ਤੇ ਠੇਕਾ ਆਧਾਰਿਤ ਨੌਕਰੀ ਕਰ ਰਹੇ ਨਰੇਗਾ ਮੁਲਾਜ਼ਮਾਂ ਵਲੋਂ ਆਪਣੀਆਂ ਸੇਵਾਵਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿਚ ਮਰਜ਼ ਕਰਕੇ ਪੱਕੀਆਂ ਕਰਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਸੰਘਰਸ਼ਾਂ ਦੀ ਲੜੀ ਤਹਿਤ 9ਵੇਂ ਦਿਨ ਬਲਾਕ ਪੱਧਰੀ ਧਰਨਾ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸਾਹਮਣੇ ਜਾਰੀ ਰਿਹਾ | ਇਸ ਸਮੇਂ ਵਿਭਾਗ ਵਲੋਂ 9 ਜੂਨ ਨੂੰ ਨਰੇਗਾ ਮੁਲਾਜ਼ਮਾਂ ਦੀ ਹੜਤਾਲ ਕਾਰਨ ਨਰੇਗਾ ਦੇ ਕੰਮਾਂ ਦੀ ਪ੍ਰਗਤੀ 'ਤੇ ਮਾੜਾ ਪ੍ਰਭਾਵ ਪੈਣ ਦਾ ਹਵਾਲਾ ਦੇ ਕੇ ਨਰੇਗਾ ਦੇ ਕੰਮ ਚਲਾਉਣ ਦਾ ਅਧਿਕਾਰ ਪੰਜਾਬ ਸਟੇਟ ਰੂਰਲ ਲਿਵਲੀਹੁੱਡ ਮਿਸ਼ਨ ਦੇ ਵਰਕਰਾਂ ਰਾਹੀਂ ਕਰਵਾਉਣ ਦੇ ਕੱਢੇ ਪੱਤਰ ਦੀਆਂ ਕਾਪੀਆਂ ਸਾੜੀਆਂ ਗਈਆਂ | ਪ੍ਰੈੱਸ ਨਾਲ ਗੱਲਬਾਤ ਸਾਂਝੀ ਕਰਦਿਆਂ ਜ਼ਿਲ੍ਹਾ ਪ੍ਰਧਾਨ ਮਨਪ੍ਰੀਤ ਸਿੰਘ ਚੀਮਾ ਵਲੋਂ ਦੱਸਿਆ ਗਿਆ ਕਿ ਅਜਿਹੇ ਪੱਤਰ ਕੱਢਣ ਦਾ ਸਿੱਧਾ ਮਤਲਬ ਹੈ ਕਿ ਵਿਭਾਗ ਤੇ ਧਰਨੇ ਦਾ ਵੱਡਾ ਪ੍ਰਭਾਵ ਹੈ | ਅਸੀਂ ਅਜਿਹੇ ਪੱਤਰਾਂ ਤੋਂ ਡਰਨ ਵਾਲੇ ਨਹੀਂ ਹਾਂ | ਪੰਜਾਬ ਭਰ ਵਿਚ ਇਕ ਵੀ ਮੁਲਾਜ਼ਮ ਨਰੇਗਾ ਦਾ ਕੰਮ ਪੱਕੇ ਹੋਣ ਨਹੀਂ ਕਰੇਗਾ ਅਤੇ ਹੋਰ ਕਿਸੇ ਵਿਚ ਇਹ ਕਾਬਲੀਅਤ ਨਹੀਂ ਕਿ ਨਰੇਗਾ ਨੂੰ ਚਲਾ ਸਕੇ | ਉਨ੍ਹਾਂ ਦੱਸਿਆ ਕਿ ਪਿਛਲੇ ਲਗਪਗ 17-18 ਸਾਲ ਤੋਂ ਉਹ ਕੱਚੀ ਨੌਕਰੀ ਕਰ ਰਹੇ ਹਨ | ਹਰ ਸਮੇਂ ਨੌਕਰੀ ਤੋਂ ਕੱਢ ਦੇਣ, ਤਨਖ਼ਾਹ ਰੋਕ ਲੈਣ, ਦੂਰ-ਦੁਰਾਂਡੇ ਬਦਲੀ ਕਰਨ ਦਾ ਡਰ ਉਨ੍ਹਾਂ ਦੇ ਮਨਾਂ ਅੰਦਰ ਬਣਿਆ ਰਹਿੰਦਾ ਹੈ | ਅਫ਼ਸਰਸ਼ਾਹੀ ਵਲੋਂ ਨਰੇਗਾ ਤੋਂ ਇਲਾਵਾ ਹਰ ਤਰ੍ਹਾਂ ਦੇ ਪੇਂਡੂ ਵਿਕਾਸ ਨਾਲ ਸੰਬੰਧਿਤ ਕੰਮ ਨਰੇਗਾ ਮੁਲਾਜ਼ਮਾਂ ਤੋਂ ਲਏ ਜਾਂਦੇ ਹਨ | ਜੇਕਰ ਉਹ ਵਾਧੂ ਕੰਮਾਂ ਨੂੰ ਕਰਨ ਤੋਂ ਮਨ੍ਹਾਂ ਕਰਦੇ ਹਨ ਤਾਂ ਉਨ੍ਹਾਂ ਦਾ ਕੰਟਰੈਕਟ ਰੋਕ ਲੈਣ, ਬਦਲੀ ਕਰਨ ਵਰਗੀਆਂ ਧਮਕੀਆਂ ਦਿੱਤੀਆਂ ਜਾਂਦੀਆਂ ਹਨ | ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਮੂਹ ਨਰੇਗਾ ਮੁਲਾਜ਼ਮਾਂ ਦੀ ਭਰਤੀ ਪੂਰੇ ਪਾਰਦਰਸ਼ੀ ਢੰਗ ਨਾਲ ਰੈਗੂਲਰ ਭਰਤੀ ਲਈ ਅਪਣਾਏ ਜਾਂਦੇ ਤੈਅ ਮਾਪਦੰਡਾਂ ਅਨੁਸਾਰ ਬਿਲਕੁਲ ਨਿਗੂਣੀਆਂ ਤਨਖ਼ਾਹਾਂ 'ਤੇ ਕੀਤੀ ਗਈ ਸੀ | ਅੱਜ 18 ਸਾਲ ਬਾਅਦ ਵੀ ਪਿਛਲੇ ਛੇ ਮਹੀਨਿਆਂ ਤੋਂ ਤਨਖ਼ਾਹਾਂ ਬਕਾਇਆ ਹਨ | ਮੰਹਿਗਾਈ ਦੇ ਇਸ ਲੱਕ ਤੋੜਵੇਂ ਜ਼ਮਾਨੇ ਵਿਚ ਬਹੁਤੇ ਮੁਲਾਜ਼ਮ ਕਣਕ, ਤੂੜੀ ਸਮੇਤ ਹੋਰ ਵੀ ਨਿੱਤ ਵਰਤੋਂ ਦੀਆਂ ਚੀਜ਼ਾਂ ਖ਼ਰੀਦਣ ਤੋਂ ਵਾਂਝੇ ਰਹਿ ਗਏ ਹਨ | ਬੱਚਿਆਂ ਦੀਆਂ ਸਕੂਲਾਂ-ਕਾਲਜਾਂ ਦੀਆਂ ਫ਼ੀਸਾਂ, ਵਰਦੀਆਂ, ਕਿਤਾਬਾਂ, ਸਕੂਲ ਵੈਨਾਂ ਦੀ ਫ਼ੀਸ, ਮਾਪਿਆਂ ਦੀਆਂ ਦਵਾਈਆਂ ਅਤੇ ਇਲਾਜ, ਲੋਨ ਦੀਆਂ ਕਿਸ਼ਤਾਂ ਵਰਗੀਆਂ ਲੋੜਾਂ ਪੂਰੀਆਂ ਕਰਨ ਵਿਚ ਅਸਮਰੱਥ ਨਰੇਗਾ ਮੁਲਾਜ਼ਮ ਆਪਣਾ ਕੀਮਤੀ ਸਾਮਾਨ ਵੇਚ ਕੇ ਗੁਜ਼ਾਰਾ ਕਰ ਰਹੇ ਹਨ | ਉਨ੍ਹਾਂ ਦੱਸਿਆ ਕਿ ਨਰੇਗਾ ਮੁਲਾਜ਼ਮਾਂ ਨੂੰ ਪਿਛਲੇ 18 ਸਾਲਾਂ ਦੌਰਾਨ ਕੋਈ ਵੀ ਮੈਡੀਕਲ ਸਹੂਲਤ ਨਹੀਂ ਦਿੱਤੀ ਜਾਂਦੀ | ਡਿਊਟੀ ਦੌਰਾਨ ਹੋਏ ਹਾਦਸਿਆਂ ਕਾਰਨ ਕਈ ਮੁਲਾਜ਼ਮਾਂ ਦੀ ਮੌਤ ਹੋ ਚੁੱਕੀ ਹੈ, ਵਾਰਿਸ ਰੁਲ ਰਹੇ ਹਨ, ਕਿਸੇ ਵੀ ਮਿ੍ਤਕ ਮੁਲਾਜ਼ਮ ਦੇ ਵਾਰਸ਼ ਨੂੰ ਤਰਸ ਦੇ ਆਧਾਰ ਤੇ ਨੌਕਰੀ ਨਹੀਂ ਮਿਲੀ | ਭਿਆਨਕ ਹਾਦਸਿਆਂ ਦੌਰਾਨ ਆਪਣੇ ਅੰਗ ਤੱਕ ਗੁਆ ਚੁੱਕੇ ਮੁਲਾਜ਼ਮਾਂ ਨੂੰ ਵੀ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ | ਵਿਭਾਗ ਦੀ ਅਫ਼ਸਰਸ਼ਾਹੀ ਆਪਣੀ ਜੁੰਮੇਵਾਰੀ ਤੋਂ ਹਮੇਸ਼ਾ ਹੀ ਭੱਜਦੀ ਰਹੀ ਹੈ | ਉਨ੍ਹਾਂ ਦੱਸਿਆ ਕਿ ਨਰੇਗਾ ਮੁਲਾਜ਼ਮਾਂ ਨਾਲ ਹੀ ਇਹ ਵਿਤਕਰਾ ਕਿਉਂ ਕੀਤਾ ਜਾਂਦਾ ਹੈ | ਪਿਛਲੇ ਹਫ਼ਤੇ 1 ਜੂਨ ਨੂੰ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਹੋਈ ਪੈਨਲ ਮੀਟਿੰਗ ਵਿਚ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਸੀ ਕਿ ਉਹ ਅਗਲੇ ਦੋ ਦਿਨਾਂ ਵਿਚ ਪ੍ਰੋਸੋਨਲ ਵਿਭਾਗ ਤੋਂ ਨਰੇਗਾ ਮੁਲਾਜ਼ਮਾਂ ਨੂੰ ਪੰਚਾਇਤ ਵਿਭਾਗ ਵਿਚ ਮਰਜ਼ ਕਰਕੇ ਪੱਕੇ ਕਰਨ ਦਾ ਕੋਈ ਹੱਲ ਲੱਭ ਕੇ ਲਿਆਉਣਗੇ, ਪ੍ਰੰਤੂ ਅੱਜ 9 ਜੂਨ ਹੋ ਚੁੱਕੀ ਹੈ ਫਿਰ ਵੀ ਨਾ ਤਾਂ ਕੋਈ ਅਫ਼ਸਰ ਇਸ ਮਸਲੇ ਨੂੰ ਸੁਲਝਾਉਣ ਲਈ ਕੁੱਝ ਕਰ ਰਿਹਾ ਹੈ ਅਤੇ ਨਾ ਹੀ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵਲੋਂ ਯੂਨੀਅਨ ਨੂੰ ਕੋਈ ਅਗਾਮੀ ਮੀਟਿੰਗ ਸੰਬੰਧੀ ਜਾਣਕਾਰੀ ਦਿੱਤੀ ਗਈ ਹੈ | ਯੂਨੀਅਨ ਨੇ ਆਪਣੇ ਫ਼ੈਸਲੇ ਮੁਤਾਬਕ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕਾਂ, ਸੰਸਦ ਮੈਂਬਰਾਂ, ਚੇਅਰਮੈਨਾਂ ਅਤੇ ਹਲਕਾ ਇੰਚਾਰਜਾਂ ਨੂੰ ਮੰਗ ਪੱਤਰ ਦਿੱਤੇ ਹਨ | ਹਰ ਇਕ ਆਗੂ ਨੇ ਨਰੇਗਾ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ ਤੇ ਪੂਰਨ ਸਹਿਮਤੀ ਪ੍ਰਗਟ ਕੀਤੀ ਹੈ ਅਤੇ ਕਈ ਆਗੂਆਂ ਨੇ ਪੰਚਾਇਤ ਮੰਤਰੀ ਨੂੰ ਫ਼ੋਨ ਵੀ ਕੀਤੇ ਹਨ | ਉਨ੍ਹਾਂ ਦੱਸਿਆ ਕਿ ਅੱਜ ਤੱਕ ਤਾਂ ਕੋਈ ਹੱਲ ਨਿਕਲਦਾ ਪ੍ਰਤੀਤ ਨਹੀਂ ਹੋ ਰਿਹਾ, ਜਿਸ 'ਤੇ ਸੂਬਾ ਭਰ ਦੇ ਨਰੇਗਾ ਮੁਲਾਜ਼ਮਾਂ ਵਿਚ ਗਹਿਰਾ ਰੋਸ ਪਾਇਆ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਰਮਨਦੀਪ ਕੌਰ ਦੀ ਅਗਵਾਈ ਹੇਠ ਪਿੰਡ ਮਾਣਕਦੇਕੇ ਦੇ ਦਰਜਨਾਂ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਅਗਲੀ ਖ਼ਬਰ ਛੁੱਟੀਆਂ ਦੌਰਾਨ ਬੱਚਿਆਂ ਨੂੰ ਸਵੇਰੇ-ਸ਼ਾਮ ਗਰਾਊਾਡਾਂ 'ਚ ਖੇਡਣ ਲਈ ਭੇਜਣ ਮਾਪੇ- ਜ਼ਿਲ੍ਹਾ ਖੇਡ ਅਫ਼ਸਰ
Ad Position 24