ਗੋਇੰਦਵਾਲ ਸਾਹਿਬ, 11 ਜੂਨ (ਸਕੱਤਰ ਸਿੰਘ ਅਟਵਾਲ)-ਪੰਜਾਬ ਦੇ ਸੰਘਰਸ਼ਸ਼ੀਲ ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ ਅਤੇ ਆਮ ਜਨਤਾ ਦੇ ਹੱਕਾਂ ਲਈ ਕਿਸਾਨ ਮਜ਼ਦੂਰ ਜਥੇਬੰਦੀਆਂ ਨੇ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਹੈ | ਇਹ ਪ੍ਰਗਟਾਵਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਇਕਾਈ ਝੰਡੇਰ ਮਹਾਂਪੁਰਖ ਦੇ ਪ੍ਰਧਾਨ ਮਨਜੀਤ ਸਿੰਘ ਝੰਡੇਰ ਮਹਾਂਪੁਰਖਾਂ ਪੱਤਰਕਾਰਾਂ ਨਾਲ ਕੀਤਾ | ਉਨ੍ਹਾਂ ਕਿਹਾ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀਆਂ ਨੇ ਕਿਸਾਨੀ ਅੰਦੋਲਨ ਦੌਰਾਨ ਪੰਜਾਬ ਦੇ ਹੱਕਾਂ ਦੀ ਆਵਾਜ਼ ਨੂੰ ਦੇਸ਼ ਭਰ ਵਿੱਚ ਮਜ਼ਬੂਤੀ ਨਾਲ ਉਠਾਇਆ ਅਤੇ ਇਸ ਤੋਂ ਬਾਅਦ ਵੀ ਪੰਜਾਬ ਦੇ ਲੋਕਾਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ਨੂੰ ਲਗਾਤਾਰ ਬੁਲੰਦ ਕਰਦੀਆਂ ਆ ਰਹੀਆਂ ਹਨ | ਜਥੇਬੰਦੀਆਂ ਵਲੋਂ ਸਮੇਂ-ਸਮੇਂ 'ਤੇ ਲੋਕ ਮਸਲਿਆਂ ਨੂੰ ਲੈ ਕੇ ਸੰਘਰਸ਼ ਕੀਤੇ ਗਏ ਹਨ, ਜਿਸ ਨਾਲ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਅਤੇ ਪ੍ਰਸ਼ਾਸਨ ਤੱਕ ਪਹੁੰਚਾਇਆ ਗਿਆ ਹੈ | ਬੀਤੇ ਦਿਨਾਂ ਦੌਰਾਨ ਬਿਜਲੀ ਵਿਭਾਗ ਅਤੇ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਕ ਵਿਚ ਵੀ ਕਿਸਾਨ ਮਜ਼ਦੂਰ ਜਥੇਬੰਦੀਆਂ ਨੇ ਅੱਗੇ ਹੋ ਕੇ ਲੜਾਈ ਲੜੀ ਅਤੇ ਮੁਲਾਜ਼ਮਾਂ ਦੇ ਸੰਘਰਸ਼ ਨੂੰ ਆਪਣਾ ਸਮਰਥਨ ਦਿੱਤਾ | ਕਿਸਾਨ ਜਥੇਬੰਦੀਆਂ ਹਮੇਸ਼ਾ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਮੈਦਾਨ ਵਿਚ ਡਟੀਆਂ ਰਹੀਆਂ ਹਨ | ਅੱਜ ਲੋਕ ਰਾਜਨੀਤਿਕ ਹਸਤੀਆਂ ਨਾਲੋਂ ਵੱਧ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀਆਂ 'ਤੇ ਭਰੋਸਾ ਕਰਦੇ ਹਨ ਕਿਉਂਕਿ ਆਮ ਜਨਤਾ ਚੰਗੀ ਤਰ੍ਹਾਂ ਜਾਣਦੀ ਹੈ ਕਿ ਮੁਸ਼ਕਿਲ ਅਤੇ ਮਾੜੇ ਸਮੇਂ ਵਿੱਚ ਇਹ ਜਥੇਬੰਦੀਆਂ ਹੀ ਲੋਕਾਂ ਦੇ ਨਾਲ ਖੜ੍ਹਦੀਆਂ ਹਨ ਤੇ ਉਨ੍ਹਾਂ ਦੇ ਹੱਕਾਂ ਲਈ ਸੰਘਰਸ਼ ਕਰਦੀਆਂ ਹਨ | ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਜਥੇਬੰਦੀ ਲੋਕ ਹਿੱਤਾਂ ਦੇ ਮੁੱਦਿਆਂ ਨੂੰ ਲੈ ਕੇ ਆਪਣੀ ਲੜਾਈ ਜਾਰੀ ਰੱਖੇਗੀ |