ਤਰਨ ਤਾਰਨ, 12 ਜੂਨ (ਹਰਿੰਦਰ ਸਿੰਘ)—ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਰਮਨਦੀਪ ਕੌਰ ਦੀ ਸਿਫਾਰਿਸ਼ ’ਤੇ ਅਕਾਲੀ ਆਗੂ ਮਹਿਲ ਸਿੰਘ ਮੱਲ੍ਹੀ ਪਿੰਡ ਜੋਧਪੁਰ ਨੂੰ ਹਲਕਾ ਖਡੂਰ ਸਾਹਿਬ ਦੇ ਯੂਥ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਮਹਿਲ ਸਿੰਘ ਮੱਲ੍ਹੀ ਨੇ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ, ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਹਲਕਾ ਖਡੂਰ ਸਾਹਿਬ ਦੇ ਇੰਚਾਰਜ ਰਮਨਦੀਪ ਕੌਰ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ’ਤੇ ਜਤਾਏ ਗਏ ਵਿਸ਼ਵਾਸ ਲਈ ਉਹ ਸਦਾ ਰਿਣੀ ਰਹਿਣਗੇ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਦਿੱਤੀ ਗਈ ਇਸ ਮਹੱਤਵਪੂਰਨ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ, ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ ਅਤੇ ਯੂਥ ਵਿੰਗ ਨੂੰ ਹੋਰ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕਰਨਗੇ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਨੌਜਵਾਨਾਂ ਤੱਕ ਪਹੁੰਚਾਉਣ ਅਤੇ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਬਣਾਉਣ ਲਈ ਸਰਗਰਮ ਭੂਮਿਕਾ ਨਿਭਾਉਣਗੇ।