ਤਰਨ ਤਾਰਨ, 24 ਜੂਨ (ਹਰਿੰਦਰ ਸਿੰਘ)—ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ) ਤਹਿਤ 25 ਜੂਨ ਤੋਂ 24 ਜੁਲਾਈ ਤੱਕ ਬੀ.ਐੱਲ.ਓਜ਼ ਘਰ-ਘਰ ਜਾ ਕੇ ਗਣਨਾ ਫਾਰਮ ਭਰਵਾਉਣਗੇ। ਇਹ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸ ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਅੱਜ ਆਪਣੇ ਦਫ਼ਤਰ ਵਿਖੇ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸਮੁੱਚੀ ਐਸ.ਆਈ.ਆਰ ਪ੍ਰਕਿਰਿਆ ਨੂੰ ਪੂਰੇ ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦਾ ਉਦੇਸ਼ ਹਰੇਕ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿਚ ਸ਼ਾਮਿਲ ਕਰਨਾ ਅਤੇ ਅਯੋਗ ਵਿਅਕਤੀਆਂ ਦੇ ਨਾਮ ਹਟਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਕੰਮ ਲਈ ਜ਼ਿਲ੍ਹਾ ਤਰਨ ਤਾਰਨ ਵਿੱਚ ਕੁੱਲ 911 ਬੀ.ਐਲ.ਓਜ਼, 93 ਸੈਕਟਰ ਸੁਪਰਵਾਈਜ਼ਰ ਅਤੇ 4 ਚੋਣਕਾਰ ਰਜਿਸਟਰੇਸ਼ਨ ਅਫ਼ਸਰ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਚ 7.50 ਲੱਖ ਤੋਂ ਵੱਧ ਵੋਟਰ ਹਨ, ਜਿਸ ਅਨੁਸਾਰ ਹਰੇਕ ਬੀ.ਐਲ.ਓ ਨੂੰ ਔਸਤ 850 ਵੋਟਰਾਂ ਦੀ ਐਸ.ਆਈ.ਆਰ ਕਰਨੀ ਹੋਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੋਟਰ ਐਸ.ਆਈ.ਆਰ ਅਧੀਨ ਗਣਨਾ ਫਾਰਮ ਨਹੀਂ ਭਰਦਾ ਹੈ ਤਾਂ ਉਸ ਨੂੰ ਡਰਾਫਟ ਵੋਟਰ ਸੂਚੀ ਵਿਚ ਸ਼ਾਮਿਲ ਨਹੀਂ ਕੀਤਾ ਜਾਵੇਗਾ, ਜੋ ਮਿਤੀ 3 ਅਗਸਤ ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਇਸ ਸਬੰਧੀ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਸ਼ਡਿਊਲ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕਿ 25 ਜੂਨ ਤੋਂ 24ਜੁਲਾਈ ਤੱਕ ਬੀ.ਐੱਲ.ਓਜ਼ ਘਰ-ਘਰ ਜਾ ਕੇ ਪ੍ਰੀ-ਪ੍ਰਿੰਟਿਡ ਗਣਨਾ ਫਾਰਮ ਵੰਡਣ ਅਤੇ ਭਰਵਾਉਣ ਦਾ ਕੰਮ ਕਰਨਗੇ। ਉਨ੍ਹਾਂ ਦੱਸਿਆ ਕਿ 3 ਅਗਸਤ ਨੂੰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕੀਤੀ ਜਾਵੇਗੀ ਅਤੇ 3 ਅਗਸਤ ਤੋਂ 2 ਸਤੰਬਰ ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 28 ਸਤੰਬਰ ਤੱਕ ਕੀਤਾ ਜਾਵੇਗਾ ਅਤੇ ਅੰਤਿਮ ਵੋਟਰ ਸੂਚੀ 1 ਅਕਤੂਬਰ ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵੋਟਰਾਂ ਦੀ ਸਹੂਲਤ ਲਈ ਸਾਲ 2003 ਦੀਆਂ ਵੋਟਰ ਸੂਚੀਆਂ ਨੂੰ ਮੌਜੂਦਾ ਸੂਚੀਆਂ ਨਾਲ ਜੋੜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬੀ.ਐਲ.ਓਜ਼ ਵੋਟਰਾਂ ਨਾਲ ਸੰਪਰਕ ਕਰਨ ਲਈ ਤਿੰਨ ਵਾਰ ਉਨ੍ਹਾਂ ਦੇ ਘਰ ਜਾਣਗੇ। ਉਨ੍ਹਾਂ ਦੱਸਿਆ ਕਿ ਐਸ.ਆਈ.ਆਰ. ਦੌਰਾਨ ਆਧਾਰ ਕਾਰਡ ਨੂੰ ਸਿਰਫ ਪਹਿਚਾਣ ਦੇ ਸਰੋਤ ਵਜੋਂ ਹੀ ਮਾਨਤਾ ਦਿੱਤੀ ਗਈ ਹੈ ਨਾ ਕਿ ਪਹਿਚਾਣ ਦੇ ਸਬੂਤ ਵਜੋਂ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਭਾਰਤ ਚੋਣ ਕਮਿਸ਼ਨ ਵਲੋਂ ਚਲਾਈ ਜਾ ਰਹੀ ਇਸ ਮਹੱਤਵਪੂਰਨ ਮੁਹਿੰਮ 1 ਸਫ਼ਲ ਬਣਾਉਣ ਲਈ ਬੀ.ਐਲ.ਓਜ਼ ਨੂੰ ਪੂਰਾ ਸਹਿਯੋਗ ਦੇਣ ਤਾਂ ਜੋ ਹਰ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿਚ ਦਰਜ ਹੋ ਸਕੇ। ਉਨ੍ਹਾਂ ਸਮੂਹ ਵੋਟਰਾਂ ਨੂੰ ਯਕੀਨ ਦਿਵਾਇਆ ਕਿ ਐਸ.ਆਈ.ਆਰ ਪਾਰਦਰਸ਼ੀ ਢੰਗ ਨਾਲ ਕਰਵਾਈ ਜਾਵੇਗੀ। ਡੀ.ਸੀ. ਰਾਹੁਲ ਨੇ ਦੱਸਿਆ ਕਿ ਐਸ.ਆਈ.ਆਰ ਨੂੰ ਮੁੱਖ ਰੱਖਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਦੇ ਕਮਰਾ ਨੰਬਰ 217 ਵਿਚ ਇਕ ਵਿਸ਼ੇਸ਼ ਹੈਲਪ ਡੈਸਕ ਵੀ ਸਥਾਪਿਤ ਕੀਤਾ ਗਿਆ ਹੈ। ਇਸਦਾ ਮੁੱਖ ਮਕਸਦ ਸਾਰੇ ਨਾਗਰਿਕਾਂ, ਖ਼ਾਸ ਕਰਕੇ ਦਿਵਿਆਂਗ, ਐਨ.ਆਰ.ਆਈ ਅਤੇ ਬਜ਼ੁਰਗ ਵੋਟਰਾਂ ਦੀ ਚੋਣ ਪ੍ਰਕਿਰਿਆ ਵਿਚ ਸ਼ਮੂਲੀਅਤ ਨੂੰ ਯਕੀਨੀ ਬਣਾਉਣਾ ਹੈ।