ਤਰਨ ਤਾਰਨ, 24 ਜੂਨ (ਪਰਮਜੀਤ ਜੋਸ਼ੀ)-ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੰਜੀਵ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਮਿਤੀ 26 ਜੂਨ 2026 ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ ਡੀ.ਸੀ ਦਫ਼ਤਰ ਕੰਪਲੈਕਸ ਸਰਹਾਲੀ ਰੋਡ (ਪਿੰਡ ਪਿੱਦੀ) ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਅਤੇ ਸਵੈ-ਰੋਜਗਾਰ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਤਰਨ ਤਾਰਨ ਵਿਕਰਮਜੀਤ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਵਿਚ ਕੇਅਰ ਹੈਲਥ ਇੰਸ਼ੋਰੈਂਸ ਕੰਪਨੀ ਅਤੇ ਏਅਰਟੈੱਲ ਪੇਮੈਂਟ ਬੈਂਕ ਕੰਪਨੀ ਭਾਗ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਉਮਰ ਹੱਦ 18 ਤੋਂ 45 ਸਾਲ ਦੇ ਲੜਕੇ ਅਤੇ ਲੜਕੀਆਂ, ਯੋਗਤਾ ਘੱਟੋ-ਘੱਟ ਬਾਰ੍ਹਵੀਂ ਪਾਸ ਪਲੇਸਮੈਂਟ ਕੈਂਪ ਵਿਚ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਤਨਖਾਹ 10 ਤੋਂ 15 ਹਜ਼ਾਰ ਰੁਪਏ ਤੱਕ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਰੋਜ਼ਗਾਰ ਦਫਤਰ ਵਿਖੇ ਸਵੈ-ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਕੈਂਪ ਜਨਰਲ ਮੈਨੇਜ਼ਰ ਜ਼ਿਲ੍ਹਾ ਉਦਯੋਗ ਕੇਂਦਰ ਤਰਨ ਤਾਰਨ, ਡਿਪਟੀ ਡਾਇਰੈਕਟਰ ਡੇਅਰੀ ਵਿਭਾਗ ਤਰਨ ਤਾਰਨ, ਡਿਪਟੀ ਡਾਇਰੈਕਟਰ ਮੱਛੀ ਪਾਲਣ ਤਰਨ ਤਾਰਨ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਤਰਨ ਤਾਰਨ, ਜ਼ਿਲ੍ਹਾ ਮੈਨੇਜ਼ਰ ਐਸ.ਸੀ.ਐਫ.ਸੀ. ਤਰਨ ਤਾਰਨ ਅਤੇ ਲੀਡ ਜ਼ਿਲ੍ਹਾ ਮੈਨੇਜ਼ਰ ਤਰਨ ਤਾਰਨ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿਚ ਵੱਖ-ਵੱਖ ਵਿਭਾਗਾਂ ਵਲੋਂ ਉਪਲਬੱਧ ਸਵੈ-ਰੋਜ਼ਗਾਰ ਸਕੀਮਾਂ, ਟ੍ਰੇਨਿੰਗ, ਲੋਨ ਸੰਬੰਧੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਬੇਰੋਜ਼ਗਾਰ ਉਮੀਦਵਾਰਾਂ ਨੂੰ ਇਸ ਪਲੇਸਮੈਂਟ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।