ਪੱਟੀ, 25 ਜੂਨ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਸੰਤ ਮਹਾਂਪੁਰਖ ਬਾਬਾ ਚਰਨ ਦਾਸ ਦੀ ਪਾਵਨ ਯਾਦ ਨੂੰ ਸਮਰਪਿਤ ਪਿੰਡ ਚੂਸਲੇਵੜ ਵਿਖੇ 27 ਤੋਂ 29 ਜੂਨ ਤੱਕ ਮਨਾਏ ਜਾ ਰਹੇ ਸਲਾਨਾ ਜੋੜ ਮੇਲੇ ਦੀਆਂ ਸਮੂਹ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਬਾਬਾ ਚਰਨਦਾਸ ਦੀ ਲੋਕਲ ਕਮੇਟੀ ਦੇ ਪ੍ਰਧਾਨ ਥਾਣੇਦਾਰ ਜੋਗਾ ਸਿੰਘ ਅਤੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਸਰੂਪ ਸਿੰਘ ਨੇ ਦੱਸਿਆ ਕਿ ਦੇਸ਼-ਵਿਦੇਸ਼ ਵੱਸਦੀ ਸੰਗਤ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਜੋੜ ਮੇਲੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਆਰੰਭ 27 ਜੂਨ ਨੂੰ ਹੋਣਗੇ। ਉਨ੍ਹਾਂ ਦੱਸਿਆ ਕਿ 29 ਜੂਨ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਵਿਸ਼ਾਲ ਧਾਰਮਿਕ ਦੀਵਾਨ ਸਜਾਏ ਜਾਣਗੇ। ਇਸ ਮੌਕੇ ਸਿੰਘ ਸਾਹਿਬਾਨਾਂ ਤੋਂ ਇਲਾਵਾ ਵੱਖ-ਵੱਖ ਸੰਪਰਦਾਵਾਂ ਦੇ ਮੁਖੀ ਅਤੇ ਮਹਾਂਪੁਰਖ ਸੰਗਤਾਂ ਨੂੰ ਦਰਸ਼ਨ ਦੇਣਗੇ। ਇਸ ਦੇ ਨਾਲ ਹੀ ਪ੍ਰਸਿੱਧ ਕੀਰਤਨੀ, ਕਵੀਸ਼ਰੀ ਅਤੇ ਢਾਡੀ ਜਥੇ ਗੁਰਬਾਣੀ ਕੀਰਤਨ ਅਤੇ ਵੀਰ ਰਸ ਭਰੀ ਵਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ। ਪ੍ਰਧਾਨ ਥਾਣੇਦਾਰ ਜੋਗਾ ਸਿੰਘ ਨੇ ਦੱਸਿਆ ਕਿ ਧਾਰਮਿਕ ਸਮਾਗਮਾਂ ਦੀ ਸਮਾਪਤੀ ਉਪਰੰਤ ਪੰਜਾਬ ਦੀਆਂ ਨਾਮਵਰ ਕਬੱਡੀ ਟੀਮਾਂ ਵਿਚਕਾਰ ਦਿਲਖਿੱਚਵੇਂ ਕਬੱਡੀ ਮੁਕਾਬਲੇ ਕਰਵਾਏ ਜਾਣਗੇ, ਜਿਨ੍ਹਾਂ ਵਿਚ ਜੇਤੂ ਟੀਮਾਂ ਨੂੰ ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਸਮੂਹ ਸੰਗਤ ਨੂੰ ਜੋੜ ਮੇਲੇ ਵਿਚ ਵੱਧ ਚੜ੍ਹ ਕੇ ਹਾਜ਼ਰੀ ਭਰਨ ਦੀ ਅਪੀਲ ਕੀਤੀ। ਇਸ ਮੌਕੇ ਰਣਜੀਤ ਸਿੰਘ, ਨਵਜੋਤ ਸਿੰਘ, ਹਰਜੀਤ ਸਿੰਘ, ਕੈਪਟਨ ਗੁਰਚਰਨ ਸਿੰਘ, ਪਰਗਟ ਸਿੰਘ, ਸਰਬਜੀਤ ਸਿੰਘ, ਗੁਰਚਰਨ ਸਿੰਘ, ਅਮੀਰ ਸਿੰਘ, ਸੁਖਦੇਵ ਸਿੰਘ, ਸੁਖਵਿੰਦਰ ਸਿੰਘ, ਸੁਖਚੈਨ ਸਿੰਘ, ਪਿਆਰਾ ਸਿੰਘ, ਰਾਜਵਿੰਦਰ ਸਿੰਘ, ਲਵਪ੍ਰੀਤ ਸਿੰਘ, ਗੁਰਸੇਵਕ ਸਿੰਘ, ਦਲਜੀਤ ਸਿੰਘ, ਗੁਰਪ੍ਰੀਤ ਸਿੰਘ, ਪਰਮਜੀਤ ਸਿੰਘ ਸਮੇਤ ਪਿੰਡ ਚੂਸਲੇਵੜ ਦੇ ਨਿਵਾਸੀ ਅਤੇ ਐੱਨ.ਆਰ.ਆਈ. ਹਾਜ਼ਰ ਸਨ।