02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ ਹੋਣਹਾਰ ਵਿਦਿਆਰਥੀਆਂ ਦਾ ਤਰਨ ਤਾਰਨ ਵਿਖੇ ਹੋਇਆ ਸਨਮਾਨ

Ad Position 21
No active advertisement
ਅਜੀਤ ਡੈਸਕ 27-06-2026
ਤਰਨ ਤਾਰਨ, 26 ਜੂਨ (ਹਰਿੰਦਰ ਸਿੰਘ)–ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੇ ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਤੇ ‘ਆਪ’ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਤਰਨ ਤਾਰਨ ਵਿਖੇ ਇਕ ਸ਼ਾਨਦਾਰ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿਚ 85 ਫੀਸਦੀ ਜਾਂ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ 500 ਦੇ ਕਰੀਬ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਵਿਧਾਇਕ ਤਰਨ ਤਾਰਨ ਹਰਮੀਤ ਸਿੰਘ ਸੰਧੂ, ਵਿਧਾਇਕ ਬਾਬਾ ਬਕਾਲਾ ਦਲਬੀਰ ਸਿੰਘ ਟੌਗ ਅਤੇ ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ) ਸਕੱਤਰ ਸਿੰਘ ਬੱਲ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਇਸ ਦੌਰਾਨ ਬੋਲਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਬੱਚੇ ਸੂਬੇ ਤੇ ਦੇਸ਼ ਦਾ ਭਵਿੱਖ ਹਨ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀ ਸਿੱਖਿਆ ਨੂੰ ਤਰਜੀਹ ਦੇਣ ਤਾਂ ਜੋ ਉਹ ਪੇਸ਼ੇਵਰ ਬੁਲੰਦੀਆਂ ਨੂੰ ਛੋਹ ਕੇ ਸੂਬੇ ਅਤੇ ਦੇਸ਼ ਦਾ ਨਾਮ ਰੋਸ਼ਨ ਕਰ ਸਕਣ। ਮਿਆਰੀ ਸਿੱਖਿਆ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਸਕੂਲ ਸਿੱਖਿਆ ਵਿਚ ਕੇਰਲ ਨੂੰ ਪਛਾੜ ਕੇ ਪੰਜਾਬ ਹੁਣ ਭਾਰਤ ਦੇ ਸਿੱਖਿਆ ਸੂਚਕ ਅੰਕ ਵਿਚ ਸਿਖਰਲੇ ਸਥਾਨ ’ਤੇ ਪਹੁੰਚ ਗਿਆ ਹੈ। ਨੀਤੀ ਆਯੋਗ ਦੀ 2026 ਦੀ ਰਿਪੋਰਟ ਅਤੇ ਕੇਂਦਰ ਦੀ ਪੀ. ਜੀ. ਆਈ. 2.0 ਦਰਜਾਬੰਦੀ ਨਾਲ ਸੂਬੇ ਦੇ ਸਕੂਲਾਂ ਨੂੰ ਦੇਸ਼ ਭਰ ਵਿਚ ਪਹਿਲਾ ਸਥਾਨ ਪ੍ਰਾਪਤ ਹੋਇਆ ਹੈ। ਉਨ੍ਹਾਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਤੇਜ਼ੀ ਨਾਲ ਵਧ ਰਹੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਵਰਗੇ ਭਵਿੱਖਮੁਖੀ ਹੁਨਰਾਂ ਨਾਲ ਲੈਸ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਜਲਦ ਹੀ ਪੰਜਾਬ ਵਿਚ ਦੇਸ਼ ਦੀ ਪਹਿਲੀ ਡਿਜੀਟਲ ਯੂਨੀਵਰਸਿਟੀ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਛੇਵੀ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਨੂੰ ਵੀ ‘ਏ.ਆਈ’ ਵਿਸ਼ਾ ਪੜ੍ਹਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਐਕਟ’ ਵਿਚ ਸੋਧ ਕਰਨ ਲਈ ਇਕ ਆਰਡੀਨੈਂਸ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਤਹਿਤ ਫੀਸਾਂ ਅਤੇ ਫੰਡਾਂ ਵਿਚ ਸਾਲਾਨਾ ਵਾਧਾ ਵੱਧ ਤੋਂ ਵੱਧ 5 ਫੀਸਦੀ ਤੱਕ ਸੀਮਤ ਕੀਤਾ ਗਿਆ ਹੈ। ਸਰਕਾਰ ਨੇ ਪਿਛਲੇ ਤਿੰਨ ਸਾਲਾਂ ਦੌਰਾਨ ਫ਼ੀਸਾਂ ਵਿਚ ‘ਗੈਰ-ਵਾਜਬ’ ਵਾਧਾ ਕਰਨ ਵਾਲੇ ਸਕੂਲਾਂ ਵਿਰੁੱਧ ਕਾਰਵਾਈ ਕਰਨ ਦਾ ਵੀ ਫ਼ੈਸਲਾ ਕੀਤਾ ਹੈ ਅਤੇ ਇਕੱਠੀ ਕੀਤੀ ਗਈ ਵਾਧੂ ਰਕਮ ਮਾਪਿਆਂ ਨੂੰ ਵਾਪਸ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵਲੋਂ ਜ਼ਿਲ੍ਹਾ ਤਰਨ ਤਾਰਨ ਦੇ ਸਰਹੱਦੀ ਇਲਾਕੇ ਦੇ ਸਕੂਲਾਂ ਵਿਚ 130 ਕਰੋੜ ਤੋਂ ਵੱਧ ਦੇ ਵਿਕਾਸ ਕਰਵਾਏ ਗਏ ਹਨ। ਉਨਾਂ ਕਿਹਾ ਕਿ ਉਹ ਅਜਿਹੇ ਪਹਿਲੇ ਸਿੱਖਿਆ ਮੰਤਰੀ ਹਨ, ਜਿਨ੍ਹਾਂ ਨੇ ਸਰਹੱਦੀ ਖੇਤਰ ਦੇ ਸਕੂਲਾਂ ਦਾ ਦੌਰਾ ਕੀਤਾ ਹੈ। ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਤੇ ‘ਆਪ’ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਸਮਾਗਮ ਦੌਰਾਨ ਵਿਦਿਆਰਥੀਆਂ ਨਾਲ ਖੁੱਲ੍ਹੀ ਰਚਨਾਤਮਕ ਗੱਲਬਾਤ ਕੀਤੀ। ਉਨ੍ਹਾਂ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਿਸੇ ਦੇਸ਼ ਦੀ ਤਰੱਕੀ ਅੰਦਰੂਨੀ ਤੌਰ ’ਤੇ ਇਸਦੀ ਸਿੱਖਿਆ ਪ੍ਰਣਾਲੀ ਦੀ ਮਜ਼ਬੂਤੀ ਨਾਲ ਜੁੜੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਿੱਖਿਆ ਠੀਕ ਕਰ ਦਿੱਤੀ ਜਾਵੇ, ਤਾਂ ਦੇਸ਼ ਆਪਣੇ ਆਪ ਠੀਕ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰੀਖਿਆ ਪ੍ਰਣਾਲੀ ਰੱਟੇ ਦੀ ਜਗ੍ਹਾ ਸਮਝਣ ਵਾਲੀ ਹੋਣੀ ਚਾਹੀਦੀ ਹੈ। ਉਨ੍ਹਾਂ ਬੱਚਿਆ ਤੋਂ ਵੀ ਸੁਝਾਅ ਲਏ ਕਿ ਸਿੱਖਿਆ ਨੀਤੀ ਅਤੇ ਪ੍ਰੀਖਿਆ ਪ੍ਰਣਾਲੀ ‘ਚ ਕੀ ਬਦਲਾਅ ਕਰਨੇ ਚਾਹੀਦੇ ਹੈ। ਸਮਾਗਮ ਦਾ ਮਾਹੌਲ ਬਹੁਤ ਹੀ ਉਤਸ਼ਾਹਪੂਰਨ ਸੀ ਕਿਉਂਕਿ ਵਿਦਿਆਰਥੀਆਂ ਨੇ ਪ੍ਰਣਾਲੀਗਤ ਸੁਧਾਰਾਂ ਲਈ ਸੁਝਾਅ ਦੇ ਕੇ ਸਰਗਰਮੀ ਨਾਲ ਹਿੱਸਾ ਲਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਦਿੱਤਿਆ ਸ਼ਰਮਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਰਾਜੇਸ਼ ਕੁਮਾਰ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਰਜਿੰਦਰ ਕੌਰ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ, ਅਧਿਆਪਕ, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਵੱਡੀ ਗਿਣਤੀ ਵਿਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਤਰਨ ਤਾਰਨ ਪੁੱਜਣ ’ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੇ ਮੁਨੀਸ਼ ਸਿਸੋਦੀਆ ਦਾ ਵਿਧਾਇਕ ਹਰਮੀਤ ਸਿੰਘ ਸੰਧੂ ਵਲੋਂ ਭਰਵਾ... ਅਗਲੀ ਖ਼ਬਰ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ’ਚ ਹੀ ਭੇਦਭਾਵ-ਬਬਲ ਬੁੱਟਰ
Ad Position 24
No active advertisement