ਤਰਨ ਤਾਰਨ, 27 ਜੂਨ (ਪਰਮਜੀਤ ਜੋਸ਼ੀ)—ਤਰਨ ਤਾਰਨ ਸ਼ਹਿਰ ਅਤੇ ਆਸ-ਪਾਸ ਇਲਾਕਿਆਂ ਵਿਚ ਅਵਾਰਾ ਕੁੱਤਿਆਂ ਦੀ ਭਰਮਾਰ ਹੈ, ਜਿਸ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ ਪ੍ਰੰਤੂ ਨਗਰ ਕੌਂਸਲ ਵਿਭਾਗ ਵਲੋਂ ਇਸ ਤਰਫ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਜਿਕਰਯੋਗ ਹੈ ਕਿ ਹਰ ਸਾਲ ਪੰਜਾਬ ਸਮੇਤ ਦੇਸ਼ ਵਿਚ ਅਵਾਰਾ ਕੁੱਤਿਆਂ ਦੇ ਕੱਟਣ ਨਾਲ ਰੈਬਿਜ ਹੋਣ ਨਾਲ ਸਮੇਂ ਸਿਰ ਇਲਾਜ ਨਾ ਹੋਣ ਕਾਰਨ ਹਜ਼ਾਰਾਂ ਲੋਕਾਂ ਦੀਆਂ ਜਾਨਾਂ ਚਲੀਆਂ ਜਾਂਦੀਆਂ ਹਨ, ਉਥੇ ਪੰਜਾਬ ਵਿਚ ਵੀ ਅਜਿਹੇ ਮਾਮਲੇ ਆਏ ਦਿਨ ਅਖ਼ਬਾਰਾਂ ਦੀ ਸੁਰਖੀਆਂ ਬਣਦੇ ਰਹਿੰਦੇ ਹਨ ਕਿ ਅਵਾਰਾ ਕੁੱਤਿਆਂ ਵਲੋਂ ਛੋਟੇ-ਛੋਟੇ ਬੱਚਿਆਂ ਨੂੰ ਨੋਚ-ਨੋਚ ਖਾ ਲਿਆ ਗਿਆ ਹੈ, ਜੋ ਕਿ ਚਿੰਤਾ ਦਾ ਵਿਸ਼ਾ ਹੈ, ਪ੍ਰੰਤੂ ਸਰਕਾਰ ਵਲੋਂ ਅਵਾਰਾ ਕੁੱਤਿਆਂ ਦੀ ਰੋਕਥਾਮ ਅਤੇ ਇਨ੍ਹਾਂ ਦੀ ਵੱਧ ਰਹੀ ਆਬਾਦੀ ਨੂੰ ਕੰਟਰੋਲ ਕਰਨ ਲਈ ਕੋਈ ਵੀ ਉੱਚਿਤ ਨਹੀਂ ਚੁੱਕੇ ਜਾ ਰਹੇ ਹਨ। ਸੁਪਰੀਮ ਕੋਰਟ ਵਲੋਂ ਵੀ ਸੂਬਾ ਸਰਕਾਰਾਂ ਨੂੰ ਹਦਾਇਤਾਂ ਜਾਰੀ ਕਰਕੇ ਇਹ ਗੱਲ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਉਹ ਜਨਤਕ ਸਥਾਨਾਂ ਜਿਵੇਂ ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ, ਸਕੂਲਾਂ, ਕਾਲਜਾਂ ਅਤੇ ਹੋਰ ਜਨਤਕ ਸਥਾਨਾਂ ਤੋਂ ਅਵਾਰਾ ਕੁੱਤਿਆਂ ਤੋਂ ਹਟਾਏ ਅਤੇ ਉਥੇ ਇਨ੍ਹਾਂ ਦੀ ਆਬਾਦੀ ਨੂੰ ਕੰਟਰੋਲ ਕਰਨ ਲਈ ਉੱਚਿਤ ਕਦਮ ਚੁੱਕੇ ਪਰ ਹਾਲੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਤਰਨ ਤਾਰਨ ਸ਼ਹਿਰ ਦੀ ਤਾਂ ਸ਼ਹਿਰ ਦੀਆਂ ਗਲੀਆਂ, ਮੁਹੱਲਿਆਂ ਵਿਚ ਝੁੰਡਾਂ ਵਿਚ ਅਵਾਰਾ ਕੁੱਤੇ ਘੁੰਮਦੇ ਦੇਖੇ ਜਾ ਸਕਦੇ ਹਨ, ਜੋ ਕਿ ਲੋਕਾਂ ਨੂੰ ਵੱਢਣ ਨੂੰ ਪੈਂਦੇ ਹਨ ਅਤੇ ਕਈ ਲੋਕਾਂ ਨੂੰ ਵੱਢ ਵੀ ਲੈਂਦੇ ਹਨ, ਜਿਸ ਕਾਰਨ ਲੋਕਾਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਕੁੱਤੇ ਦੇ ਵੱਢਣ ’ਤੇ ਅਗਰ ਸਮੇਂ ਰਹਿੰਦੇ ਲੋਕਾਂ ਵਲੋਂ ਐਂਟੀ ਰੈਬਿਜ ਦੇ ਟੀਕੇ ਨਾ ਲਗਾਏ ਜਾਣ ਤਾਂ ਵਿਅਕਤੀ ਮੌਤ ਦੇ ਮੂੰਹ ਵਿਚ ਚਲਿਆ ਜਾਂਦਾ ਹੈ। ਪੰਜਾਬ ਵਿਚ ਆਏ ਦਿਨ ਅਵਾਰਾ ਕੁੱਤਿਆਂ ਦੇ ਕੱਟਣ ਅਤੇ ਬੱਚਿਆਂ ਨੂੰ ਨੋਚ–ਨੋਚ ਖਾਣ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਅਤੇ ਇਹ ਸਿਲਸਿਲਾ ਲਗਾਤਾਰ ਜਾਰੀ ਹੈ, ਜਿਸ ਕਾਰਨ ਲੋਕਾਂ ਦਾ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਲੋਕਾਂ ਨੇ ਡਿਪਟੀ ਕਮਿਸ਼ਨਰ ਅਤੇ ਸੰਬੰਧਿਤ ਨਗਰ ਕੌਂਸਲ ਵਿਭਾਗ ਪਾਸੋਂ ਮੰਗ ਕੀਤੀ ਕਿ ਤਰਨ ਤਾਰਨ ਸ਼ਹਿਰ ਅਤੇ ਆਸ-ਪਾਸ ਇਲਾਕਿਆਂ ਵਿਚ ਘੁੰਮ ਰਹੇ ਅਵਾਰਾ ਕੁੱਤਿਆਂ ਦੀ ਰੋਕਥਾਮ ਲਈ ਉੱਚਿਤ ਕਦਮ ਚੁੱਕੇ ਜਾਣ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।