ਤਰਨ ਤਾਰਨ, 30 ਜੂਨ (ਹਰਿੰਦਰ ਸਿੰਘ)—ਪੰਜਾਬ ਸਰਕਾਰ ਵਲੋਂ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਸਰਪੰਚਾਂ ਦਾ ਮਾਣਭੱਤਾ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਦੇ ਤਹਿਤ 15 ਅਗਸਤ ਤੋਂ ਸਾਰੇ ਸਰਪੰਚਾਂ ਨੂੰ ਹਰ ਮਹੀਨੇ 10 ਹਜ਼ਾਰ ਰੁਪਏ ਮਾਣਭੱਤੇ ਵਜੋਂ ਮਿਲਣੇ ਸ਼ੁਰੂ ਹੋ ਜਾਣਗੇ। ਇਸ ਤੋਂ ਇਲਾਵਾ ਪੰਜਾਬ ਦੀਆਂ ਆਮ ਵਰਗ ਦੀਆਂ ਔਰਤਾਂ ਨੂੰ 1 ਹਜ਼ਾਰ ਰੁਪਏ ਪ੍ਰਤੀ ਮਹੀਨਾ ਅਤੇ ਐਸ.ਸੀ. ਵਰਗ ਨਾਲ ਸੰਬੰਧਿਤ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਇਕ ਜੁਲਾਈ ਤੋਂ ਮਿਲਣਾ ਸ਼ੁਰੂ ਹੋ ਜਾਵੇਗਾ। ਇਸ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦਾ ਵੱਡਾ ਉਪਰਾਲਾ ਦੇਖਣ ਨੂੰ ਮਿਲੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਜੋ ਵੀ ਵਾਅਦੇ ਕੀਤੇ ਸਨ, ਉਸ ਨੂੰ ਇਕ ਇਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ। ਇਥੋਂ ਤੱਕ ਕਿ ਪਿੰਡਾਂ ਦੇ ਸਰਪੰਚਾਂ ਨੂੰ ਕਿਸੇ ਵੀ ਸਰਕਾਰ ਨੇ ਅਜੇ ਤੱਕ ਉਨ੍ਹਾਂ ਦੇ ਮਾਣ ਸਨਮਾਨ ਲਈ ਕੋਈ ਕਦਮ ਨਹੀਂ ਚੁੱਕਿਆ। ਆਮ ਆਦਮੀ ਪਾਰਟੀ ਦੀ ਸਰਕਾਰ ਐਸੀ ਸਰਕਾਰ ਹੈ, ਜਿਸ ਨੇ ਸਰਪੰਚਾਂ ਦੀਆਂ ਮੁਸ਼ਕਿਲਾਂ ਨੂੰ ਸਮਝਦਿਆਂ ਉਨ੍ਹਾਂ ਦਾ ਮਾਣ ਭੱਤਾ ਸ਼ੁਰੂ ਕਰਨ ਦਾ ਫ਼ੈਸਲਾ ਲਿਆ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ 15 ਅਗਸਤ ਨੂੰ ਸਰਪੰਚਾਂ ਦੇ ਖ਼ਾਤੇ ਵਿਚ 10–10 ਹਜ਼ਾਰ ਰੁਪਏ ਮਾਣਭੱਤੇ ਵਜੋਂ ਭੇਜਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮਹਿਲਾਵਾਂ ਨੂੰ ਵੀ ਹੁਣ ਉਨ੍ਹਾਂ ਦੇ ਖ਼ਾਤਿਆਂ ਵਿਚ ਜਲਦੀ ਹੀ ਪੈਸੇ ਆਉਣੇ ਸ਼ੁਰੂ ਹੋ ਜਾਣਗੇ। ਇਸ ਕੰਮ ਲਈ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਉਨ੍ਹਾਂ ਨੂੰ ਇਹ ਹਦਾਇਤ ਕੀਤੀ ਗਈ ਹੈ ਕਿ ਜਲਦ ਤੋਂ ਜਲਦ ਔਰਤਾਂ ਨੂੰ ਇਹ ਸਹੂਲਤ ਪ੍ਰਦਾਨ ਹੋ ਸਕੇ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਸਰਕਾਰ ਵਲੋਂ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ।