ਅਜਨਾਲਾ, 1 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਅੱਜ ਪਿੰਡ ਸਰਹੱਦੀ ਫੱਤੇਵਾਲ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਸਾਬਕਾ ਸਰਪੰਚ ਗੁਰਚਰਨ ਸਿੰਘ ਫੱਤੇਵਾਲ ਦੀ ਅਗਵਾਈ ਹੇਠ ਸਮੂਹ ਮੁਹਤਬਰਾਂ ਅਤੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਪਿਛਲੇ ਸਾਲ ਅਗਸਤ ਮਹੀਨੇ ਵਿਚ ਆਏ ਭਿਆਨਕ ਹੜ੍ਹਾਂ ਦੌਰਾਨ ਗੁਰਦੁਆਰਾ ਸਾਹਿਬ ਦੀ ਨੁਕਸਾਨੀ ਇਮਾਰਤ ਦੀ ਮੁਰੰਮਤ ਅਤੇ ਸੇਵਾ ਕਾਰਜਾਂ ਲਈ 50 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ। ਇਸ ਦੌਰਾਨ ਗੱਲਬਾਤ ਕਰਦਿਆਂ ਸ: ਸਮਰਾ ਨੇ ਕਿਹਾ ਕਿ ਕੁਦਰਤੀ ਆਫ਼ਤਾਂ ਸਮੇਂ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਨਾਲ ਖੜ੍ਹਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਅਸਥਾਨਾਂ ਦੀ ਸੇਵਾ ਵਿਚ ਯੋਗਦਾਨ ਦੇਣਾ ਹਰ ਇਕ ਦਾ ਫ਼ਰਜ਼ ਹੈ। ਜੋਧ ਸਿੰਘ ਸਮਰਾ ਨੇ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਲੋਕਾਂ ਦੇ ਸੁੱਖ-ਦੁੱਖ ਵਿਚ ਉਨ੍ਹਾਂ ਦੇ ਨਾਲ ਖੜਿਆ ਹੈ ਅਤੇ ਆਉਂਦੇ ਸਮੇਂ ਵਿਚ ਵੀ ਹਲਕਾ ਅਜਨਾਲਾ ਦੇ ਹਰ ਪਿੰਡ ਦੀਆਂ ਲੋੜਾਂ ਅਤੇ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਉਠਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਕੇਵਲ ਰਾਜਨੀਤੀ ਨਹੀਂ ਸਗੋਂ ਲੋਕ ਸੇਵਾ ਅਤੇ ਸਮਾਜਿਕ ਜ਼ਿੰਮੇਵਾਰੀ ਨੂੰ ਆਪਣਾ ਧਰਮ ਮੰਨਦੇ ਹਾਂ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਭਵਿੱਖ ਵਿਚ ਵੀ ਜਿੱਥੇ ਲੋੜ ਹੋਵੇਗੀ, ਉੱਥੇ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ ਅਤੇ ਲੋਕਾਂ ਦੇ ਨਾਲ ਮਿਲ ਕੇ ਇਲਾਕੇ ਦੇ ਵਿਕਾਸ ਅਤੇ ਸੇਵਾ ਕਾਰਜਾਂ ਨੂੰ ਅੱਗੇ ਵਧਾਇਆ ਜਾਵੇਗਾ। ਇਸ ਮੌਕੇ ਸਾਬਕਾ ਸਰਪੰਚ ਗੁਰਚਰਨ ਸਿੰਘ ਫੱਤੇਵਾਲ, ਸੁਖਚੈਨ ਸਿੰਘ, ਨਰਿੰਦਰ ਸਿੰਘ, ਪੀ.ਏ. ਗੁਰਭੇਜ ਸਿੰਘ ਭੱਟੀ, ਸਾਬਕਾ ਸਰਪੰਚ ਦਿਲਬਾਗ ਸਿੰਘ, ਗੁਰਲਾਲ ਸਿੰਘ ਭੁੱਲਰ, ਨੰਬਰਦਾਰ ਹਰਭਿੰਦਰ ਸਿੰਘ, ਰਮਨਦੀਪ ਸਿੰਘ, ਗੁਰਲਾਲ ਸਿੰਘ, ਅਮਰ ਸਿੰਘ, ਸੁੱਚਾ ਸਿੰਘ, ਚਰਨਜੀਤ ਸਿੰਘ, ਜਸਪਾਲ ਸਿੰਘ, ਕਿੰਦਰਬੀਰ ਸਿੰਘ, ਪਰਮਜੀਤ ਸਿੰਘ, ਹਰਪਾਲ ਸਿੰਘ ਅਤੇ ਗੁਰਚਰਨ ਸਿੰਘ ਆਦਿ ਹਾਜ਼ਰ ਸਨ।