ਤਰਨ ਤਾਰਨ, 2 ਜੁਲਾਈ (ਹਰਿੰਦਰ ਸਿੰਘ)— ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ ਲੋਕਾਂ ਨੂੰ ਸਹੂਲਤਾਂ ਦੇਣ ਦੇ ਕਈ ਵਾਅਦੇ ਕੀਤੇ ਗਏ ਸਨ ਅਤੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਇਕ ਇਕ ਕਰਕੇ ਪੂਰਾ ਕੀਤਾ ਗਿਆ, ਉਥੇ ਮਹਿਲਾਵਾਂ ਨੂੰ ਸਹੂਲਤ ਦੇਣ ਦੇ ਨਾਂਅ ’ਤੇ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਜਨਰਲ ਵਰਗ ਅਤੇ ਬੀ.ਸੀ. ਵਰਗ ਦੀਆਂ ਮਹਿਲਾਵਾਂ ਨੂੰ ਇਕ-ਇਕ ਹਜ਼ਾਰ ਰੁਪਏ ਅਤੇ ਐੱਸ.ਸੀ. ਵਰਗ ਦੀਆਂ ਮਹਿਲਾਵਾਂ ਨੂੰ 1500-1500 ਰੁਪਏ ਉਨ੍ਹਾਂ ਦੇ ਖਾਤਿਆਂ ਵਿਚ ਪਾ ਕੇ ਆਪਣਾ ਵਾਅਦਾ ਪੂਰਾ ਕਰ ਦਿੱਤਾ ਗਿਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਦੇ ਲੋਕਾਂ ਨੂੰ ਸਾਰੀਆਂ ਸੁੱਖ ਸਹੂਲਤਾਂ ਪ੍ਰਦਾਨ ਕਰਵਾਈਆਂ ਜਾ ਰਹੀਆਂ ਹਨ, ਜਿਸ ਤਹਿਤ 600 ਯੂਨਿਟ ਬਿਜਲੀ ਮੁਫਤ, ਆਟਾ-ਦਾਲ ਸਕੀਮ, ਮਾਵਾਂ ਧੀਆਂ ਸਤਿਕਾਰ ਯੋਜਨਾ ਅਤੇ ਹੋਰ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ, ਉਥੇ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਨਾਲ ਪੰਜਾਬ ਤਰੱਕੀ ਦੀਆਂ ਲੀਹਾਂ ’ਤੇ ਆਣ ਖੜਾ ਹੋਇਆ ਹੈ। ਉਨ੍ਹਾਂ ਕਿਹਾ ਕਿ ਮਾਵਾਂ ਧੀਆਂ ਸਤਿਕਾਰ ਯੋਜਨਾਂ ਤਹਿਤ ਮਹਿਲਾਵਾਂ ਦੇ ਖਾਤੇ ਵਿਚ ਬੀਤੇ ਕੱਲ੍ਹ ਤੋਂ 1000 ਅਤੇ 1500 ਰੁਪਏ ਦੀ ਰਾਸ਼ੀ ਆਉਣੀ ਸ਼ੁਰੂ ਹੋ ਗਈ ਹੈ, ਜਿਸ ਨਾਲ ਜਿਹੜੀਆਂ ਮਹਿਲਾਵਾਂ ਆਰਥਿਕ ਪੱਖ ਤੋਂ ਕਮਜੋਰ ਹਨ, ਉਨ੍ਹਾਂ ਨੂੰ ਇਸ ਰਾਸ਼ੀ ਨਾਲ ਕੁਝ ਰਾਹਤ ਜਰੂਰ ਮਹਿਸੂਸ ਹੋਵੇਗੀ, ਉਥੇ ਇਸ ਸਕੀਮ ਦਾ ਲਾਭ ਮਿਲਣ ਨਾਲ ਮਹਿਲਾਵਾਂ ਵਿਚ ਭਾਰੀ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿਚ ਦੁਬਾਰਾ ਜਰੂਰ ਬਣੇਗੀ।