ਪੱਟੀ, 4 ਜੁਲਾਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ )–ਪੱਟੀ ਦੇ ਪੀਰਾਂ ਸਾਹਿਬ ਰੋਡ ਨੇੜੇ ਨਹਿਰੀ ਵਿਭਾਗ ਵਲੋਂ ਸ਼ਕਰੀ (ਪੱਟੀ) ਰਾਜਬਾਹਾ ਵਿਚ ਪਾਣੀ ਛੱਡੇ ਜਾਣ ਤੋਂ ਬਾਅਦ ਕਈ ਕਿਸਾਨਾਂ ਦੇ ਖੇਤਾਂ ਵਿਚ ਪਾਣੀ ਦਾਖਲ ਹੋ ਗਿਆ, ਜਿਸ ਕਾਰਨ ਝੋਨੇ ਦੀ ਫਸਲ ਅਤੇ ਹਰੇ ਚਾਰੇ ਨੂੰ ਨੁਕਸਾਨ ਪਹੁੰਚਣ ਦੇ ਨਾਲ ਨਾਲ ਜ਼ਮੀਨ ਨੂੰ ਖੋਰਾ ਲੱਗ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਪ੍ਰਭਾਵਿਤ ਕਿਸਾਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧੀ ਕਿਸਾਨ ਆਗੂ ਸੁਖਰਾਜ ਸਿੰਘ ਰਾਣਾ ਬਰਾੜ ਅਤੇ ਗੁਰਚੇਤ ਸਿੰਘ ਬਰਾੜ ਨੇ ਦੱਸਿਆ ਕਿ ਨਹਿਰੀ ਵਿਭਾਗ ਵਲੋਂ ਖਾਲ ਨੂੰ ਪੱਕਾ ਕਰਨ ਅਤੇ ਲੋੜੀਂਦੇ ਪ੍ਰਬੰਧ ਕੰਮ ਪੂਰਾ ਕੀਤੇ ਬਿਨਾਂ ਹੀ ਪਾਣੀ ਛੱਡ ਦਿੱਤਾ ਗਿਆ। ਖਾਲ ਦੇ ਕੱਚੇ ਹੋਣ ਅਤੇ ਢੁੱਕਵੀਂ ਨਿਕਾਸੀ ਨਾ ਹੋਣ ਕਾਰਨ ਪਾਣੀ ਤੇਜ਼ੀ ਨਾਲ ਖੇਤਾਂ ਵਿਚ ਫੈਲ ਰਿਹਾ ਹੈ, ਜਿਸ ਨਾਲ ਝੋਨੇ ਦੀ ਫਸਲ ਖਰਾਬ ਹੋਣ ਦੇ ਨਾਲ-ਨਾਲ ਜ਼ਮੀਨ ਦੇ ਰੁੜਨ ਦਾ ਵੀ ਖਤਰਾ ਹੈ। ਉਨ੍ਹਾਂ ਦੱਸਿਆ ਕਿ ਸੁਖਦੇਵ ਸਿੰਘ ਭੁੱਲਰ, ਅਮਰੀਕ ਸਿੰਘ ਭੁੱਲਰ ਅਤੇ ਹੋਰ ਕਈ ਕਿਸਾਨਾਂ ਦੀ ਜ਼ਮੀਨ ਇਸ ਸਮੱਸਿਆ ਨਾਲ ਪ੍ਰਭਾਵਿਤ ਹੋ ਰਹੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਖਾਲ ਦੀ ਪੁਟਾਈ ਵੀ ਉਨ੍ਹਾਂ ਨੇ ਆਪਣੇ ਖਰਚੇ ’ਤੇ ਕਰਵਾਈ ਸੀ, ਪਰ ਹੁਣ ਫਸਲਾਂ ਅਤੇ ਜ਼ਮੀਨ ਨੂੰ ਬਚਾਉਣ ਲਈ ਮੁੜ ਆਪਣੀ ਜੇਬ ਵਿਚੋਂ ਪੈਸੇ ਖਰਚ ਕਰਨੇ ਪੈ ਰਹੇ ਹਨ। ਕਿਸਾਨਾਂ ਨੇ ਮੰਗ ਕੀਤੀ ਕਿ ਜਦੋਂ ਤੱਕ ਖਾਲ ਦਾ ਪੱਕਾ ਨਿਰਮਾਣ ਅਤੇ ਨਿਕਾਸੀ ਪ੍ਰਬੰਧ ਮੁਕੰਮਲ ਨਹੀਂ ਹੁੰਦਾ, ਉਦੋਂ ਤੱਕ ਇਸ ਵਿਚ ਪਾਣੀ ਛੱਡਣਾ ਬੰਦ ਕੀਤਾ ਜਾਵੇ। ਇਸ ਸਬੰਧੀ ਨਹਿਰੀ ਵਿਭਾਗ ਦੇ ਜੇ.ਈ ਅੰਕਿਤ ਕੁਮਾਰ ਨੇ ਕਿਹਾ ਕਿ ਵਿਭਾਗੀ ਅਧਿਕਾਰੀਆਂ ਨੇ ਮੌਕੇ ਦਾ ਜਾਇਜ਼ਾ ਲਿਆ ਹੈ ਅਤੇ ਪਾਣੀ ਦੀ ਨਿਕਾਸੀ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।