ਤਰਨ ਤਾਰਨ, 6 ਜੁਲਾਈ (ਹਰਿੰਦਰ ਸਿੰਘ)– ਪਾਕਿਸਤਾਨ ਦੇ ਪੰਜਾਬ ਸੂਬੇ ਦੇ ਫਾਰੂਖਾਬਾਦ (ਮੰਡੀ ਚੁਰਕਾਣਾ) ਵਿਖੇ ਕਰੀਬ 125 ਸਾਲ ਪੁਰਾਣੇ ਇਤਿਹਾਸਕ ਗੁਰਦੁਆਰਾ ਸਾਹਿਬ ਨੂੰ ਢਾਹੇ ਜਾਣ ਦੀ ਘਟਨਾ ਦੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਇਸ ਘਟਨਾ ਨੂੰ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ‘ਤੇ ਗੰਭੀਰ ਸੱਟ ਦੱਸਦਿਆਂ ਕਿਹਾ ਕਿ ਇਤਿਹਾਸਕ ਗੁਰਧਾਮਾਂ ਨਾਲ ਇਸ ਤਰ੍ਹਾਂ ਦੀ ਛੇੜਛਾੜ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ । ਔਲਖ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਘੱਟ ਗਿਣਤੀਆਂ ਅਤੇ ਉਨ੍ਹਾਂ ਦੇ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਸਬੰਧੀ ਵੱਡੇ-ਵੱਡੇ ਦਾਅਵੇ ਕਰਦੀ ਹੈ, ਪਰ ਅਜਿਹੀਆਂ ਘਟਨਾਵਾਂ ਉਨ੍ਹਾਂ ਦਾਅਵਿਆਂ ਦੀ ਹਕੀਕਤ ਨੂੰ ਬੇਨਕਾਬ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਇਤਿਹਾਸਕ ਗੁਰਦੁਆਰੇ ਸਿੱਖ ਕੌਮ ਦੀ ਅਮੁੱਲ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਹਨ, ਜਿਨ੍ਹਾਂ ਦੀ ਸੰਭਾਲ ਅਤੇ ਸੁਰੱਖਿਆ ਹਰ ਹਾਲਤ ਵਿੱਚ ਯਕੀਨੀ ਬਣਾਈ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨਾਲ ਦੇਸ਼-ਵਿਦੇਸ਼ ਵਿਚ ਵਸਦੇ ਸਿੱਖ ਭਾਈਚਾਰੇ ਵਿਚ ਭਾਰੀ ਰੋਸ ਅਤੇ ਨਿਰਾਸ਼ਾ ਪਾਈ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਗੁਰਦੁਆਰਾ ਸਾਹਿਬ ਨੂੰ ਢਾਹੁਣ ਦੀ ਘਟਨਾ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਕਰਵਾ ਕੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਦੀ ਦੁਹਰਾਈ ਨਾ ਹੋਵੇ। ਔਲਖ ਨੇ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਕਿ ਇਤਿਹਾਸਕ ਗੁਰਦੁਆਰਿਆਂ ਸਮੇਤ ਸਮੂਹ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਧਾਰਮਿਕ ਅਸਥਾਨ ਹਰ ਧਰਮ ਦੇ ਲੋਕਾਂ ਦੀ ਆਸਥਾ ਦਾ ਕੇਂਦਰ ਹੁੰਦੇ ਹਨ ਅਤੇ ਉਨ੍ਹਾਂ ਦਾ ਸਤਿਕਾਰ ਕਰਨਾ ਹਰ ਸਰਕਾਰ ਦੀ ਨੈਤਿਕ ਜ਼ਿੰਮੇਵਾਰੀ ਹੈ। ਉਨ੍ਹਾਂ ਅੰਤਰਰਾਸ਼ਟਰੀ ਸੰਸਥਾਵਾਂ ਅਤੇ ਮਨੁੱਖੀ ਅਧਿਕਾਰ ਸੰਗਠਨਾਂ ਨੂੰ ਵੀ ਇਸ ਮਾਮਲੇ ਦਾ ਗੰਭੀਰ ਨੋਟਿਸ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਵਿਸ਼ਵ ਦੀ ਧਾਰਮਿਕ ਅਤੇ ਇਤਿਹਾਸਕ ਵਿਰਾਸਤ ਦੀ ਰੱਖਿਆ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣੇ ਚਾਹੀਦੇ ਹਨ।