ਤਰਨ ਤਾਰਨ, 6 ਜੁਲਾਈ (ਹਰਿੰਦਰ ਸਿੰਘ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਯੂਥ ਆਗੂ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਪੰਜਾਬ ਦੇ ਕਾਲੇ ਦੌਰ ਦੌਰਾਨ ਵਾਪਰੀਆਂ ਮਨੁੱਖੀ ਅਧਿਕਾਰ ਉਲੰਘਣਾਵਾਂ ਨੂੰ ਦਰਸਾਉਂਦੀ ਦਿਲਜੀਤ ਦੁਸਾਂਝ ਅਭਿਨੀਤ ਫ਼ਿਲਮ ‘ਸਤਲੁਜ’ ਨੂੰ ਓ.ਟੀ.ਟੀ. ਪਲੇਟਫਾਰਮ ਤੋਂ ਹਟਾਉਣਾ ਬਹੁਤ ਹੀ ਮੰਦਭਾਗਾ ਅਤੇ ਨਿਰਾਸ਼ਾਜਨਕ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਫ਼ਿਲਮ ਵਿਚ ਉਸ ਦੌਰ ਦੇ ਹਾਲਾਤ ਅਤੇ ਉਸ ਸਮੇਂ ਦੀ ਕਾਂਗਰਸ ਸਰਕਾਰ ਦੌਰਾਨ ਪੰਜਾਬ ਵਿਚ ਹੋਈਆਂ ਮਨੁੱਖੀ ਅਧਿਕਾਰ ਉਲੰਘਣਾਵਾਂ ਅਤੇ ਕਥਿਤ ਤਸ਼ੱਦਦ ਦੇ ਮੁੱਦਿਆਂ ਨੂੰ ਉਜਾਗਰ ਕੀਤਾ ਗਿਆ ਹੈ। ਅਜਿਹੇ ਇਤਿਹਾਸਕ ਵਿਸ਼ਿਆਂ ਨੂੰ ਲੋਕਾਂ ਤੱਕ ਪਹੁੰਚਣ ਤੋਂ ਰੋਕਣਾ ਸੱਚ ਨੂੰ ਦਬਾਉਣ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਸਕਦਾ ਹੈ। ਇਤਿਹਾਸ ਨੂੰ ਦਬਾਇਆ ਨਹੀਂ ਜਾ ਸਕਦਾ ਅਤੇ ਲੋਕਾਂ ਨੂੰ ਸੱਚ ਜਾਣਨ ਦਾ ਪੂਰਾ ਅਧਿਕਾਰ ਹੈ। ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਨੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਹਜ਼ਾਰਾਂ ਬੇਕਸੂਰ ਲੋਕਾਂ ਨਾਲ ਹੋਈਆਂ ਕਥਿਤ ਵਧੀਕੀਆਂ ਨੂੰ ਦੁਨੀਆ ਸਾਹਮਣੇ ਲਿਆਉਣ ਲਈ ਸੰਘਰਸ਼ ਕੀਤਾ। ਉਨ੍ਹਾਂ ਦੀ ਕੁਰਬਾਨੀ ਅਤੇ ਸੱਚ ਪ੍ਰਤੀ ਸਮਰਪਣ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ।