ਤਰਨ ਤਾਰਨ, 7 ਜੁਲਾਈ (ਹਰਿੰਦਰ ਸਿੰਘ)—ਆਮ ਆਦਮੀ ਪਾਰਟੀ ਦੇ ਹਲਕਾ ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵਲੋਂ ਹਲਕੇ ਵਿਚ ਸ਼ੁਰੂ ਕੀਤੀ ਗਈ ਵਰਕਰ ਮਿਲਣੀ ਤਹਿਤ ਪਿੰਡ ਪਿੱਦੀ ਵਿਖੇ ਆਮ ਆਦਮੀ ਪਾਰਟੀ ਦੇ ਆਗੂ ਹਰਵਿੰਦਰ ਸਿੰਘ ਪਿੱਦੀ ਦੇ ਗ੍ਰਹਿ ਵਿਖੇ ਵਰਕਰਾਂ ਨਾਲ ਵਰਕਰ ਮਿਲਣੀ ਕੀਤੀ। ਇਸ ਮੌਕੇ ਬੋਲਦਿਆਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਇਕ ਐਸੀ ਸਰਕਾਰ ਹੈ, ਜਿਸ ਨੇ ਸੂਬੇ ਵਿਚ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦਿਲੀ ਇੱਛਾ ਸੀ ਕਿ ਉਨ੍ਹਾਂ ਨੇ ਚੋਣਾਂ ਦੌਰਾਨ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਸਮੇਂ ਸਿਰ ਹੀ ਪੂਰਾ ਕੀਤਾ ਜਾਵੇ। ਹਲਕਾ ਖਡੂਰ ਸਾਹਿਬ ਦੇ ਪਿੰਡਾਂ ਦਾ ਸਰਬਪੱਖੀ ਵਿਕਾਸ ਹੋ ਰਿਹਾ ਹੈ ਅਤੇ ਹਲਕੇ ਦੀਆਂ ਸੜਕਾਂ ਦਾ ਵੀ ਨਵੀਨੀਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚੋਂ ਨਸ਼ਾ ਖ਼ਤਮ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਦੇ ਵੱਡੇ ਨਤੀਜੇ ਦੇਖਣ ਨੂੰ ਸਾਹਮਣੇ ਆਏ ਹਨ ਅਤੇ ਵੱਡੀ ਗਿਣਤੀ ਵਿਚ ਨਸ਼ਾ ਤਸਕਰਾਂ ਨੂੰ ਫੜ ਕੇ ਜੇਲ੍ਹਾਂ ਵਿਚ ਡੱਕਿਆ ਜਾ ਰਿਹਾ ਹੈ, ਉਥੇ ਇਨ੍ਹਾਂ ਦੇ ਜਾਲ ਵਿਚ ਫਸੇ ਨੌਜਵਾਨਾਂ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਾ ਕੇਂਦਰਾਂ ਵਿਚ ਲਿਜਾ ਕੇ ਇਲਾਜ ਕੀਤਾ ਜਾ ਰਿਹਾ ਹੈ। ਭ੍ਰਿਸ਼ਟਾਚਾਰ ਦੇ ਖ਼ਿਲਾਫ਼ ‘ਆਪ’ ਸਰਕਾਰ ਦੀ ਵੱਡੀ ਮੁਹਿੰਮ ਚੱਲ ਰਹੀ ਹੈ। ਹੁਣ ਤੱਕ ਸੈਂਕੜਿਆਂ ਦੀ ਗਿਣਤੀ ਵਿਚ ਭ੍ਰਿਸ਼ਟ ਅਫ਼ਸਰਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹਾਂ ਵਿਚ ਡੱਕਿਆ ਜਾ ਚੁੱਕਾ ਹੈ ਅਤੇ ਇਸ ਗੱਲ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਜਾ ਕੇ ਕੰਮ ਕਰਵਾਉਣ ਵਿਚ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੁਬਾਰਾ ਤੋਂ ਵੱਡੀ ਜਿੱਤ ਦਰਜ ਕਰੇਗੀ ਅਤੇ ਲਗਾਤਾਰ ਦੂਸਰੀ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ।