ਤਰਨ ਤਾਰਨ, 7 ਜੁਲਾਈ (ਹਰਿੰਦਰ ਸਿੰਘ)– ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਦੇ ਪਿੰਡ ਚੁਤਾਲਾ ਵਿਖੇ ਮਾਸਟਰ ਮੇਹਰ ਸਿੰਘ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਉਨ੍ਹਾਂ ਦੇ ਪਤੀ ਯੂਥ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋ ਵਲੋਂ ਅਕਾਲੀ ਵਰਕਰ ਮਿਲਣੀ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਅਤੇ ਇਲਾਕੇ ਦੇ ਪਤਵੰਤੇ ਸੱਜਣ ਹਾਜ਼ਰ ਰਹੇ। ਆਪਣੇ ਸੰਬੋਧਨ ਦੌਰਾਨ ਬੀਬਾ ਰਮਨਦੀਪ ਕੌਰ ਸੇਰੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਆਪਣੀਆਂ ਸਰਕਾਰਾਂ ਦੌਰਾਨ ਪੰਜਾਬ ਦੇ ਹਰ ਵਰਗ ਦੀ ਭਲਾਈ ਲਈ ਇਤਿਹਾਸਕ ਫ਼ੈਸਲੇ ਲਏ ਅਤੇ ਵਿਕਾਸ ਦੇ ਅਨੇਕਾਂ ਕੰਮ ਕਰਵਾਏ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਹਰ ਵਰਕਰ ਨੂੰ ਪਾਰਟੀ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲਣਾ ਚਾਹੀਦਾ ਹੈ ਤਾਂ ਜੋ ਪੰਜਾਬ ਵਿਚ ਮੁੜ ਲੋਕ-ਪੱਖੀ ਅਤੇ ਪੰਥਕ ਸੋਚ ਵਾਲੀ ਸਰਕਾਰ ਬਣਾਈ ਜਾ ਸਕੇ। ਇਸ ਮੌਕੇ ਬੋਲਦਿਆਂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋ ਨੇ ਆਮ ਆਦਮੀ ਪਾਰਟੀ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਲੋਕਾਂ ਨੂੰ 1000-1500 ਦੇ ਵਾਅਦਿਆਂ ਦੇ ਝਾਂਸੇ ਵਿਚ ਫਸਾ ਕੇ ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣ ਦੀ ਸਿਆਸਤ ਕਰ ਰਹੀ ਹੈ, ਜਦਕਿ ਪੰਜਾਬ ਅੱਜ ਬੇਰੁਜ਼ਗਾਰੀ, ਨਸ਼ਿਆਂ, ਕਾਨੂੰਨ-ਵਿਵਸਥਾ ਅਤੇ ਵਿਕਾਸ ਵਰਗੀਆਂ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਬਿੱਲਾ ਸ਼ੇਰੋ ਨੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਰਾਜ ਦੌਰਾਨ ਗੁੰਡਾਗਰਦੀ ਅਤੇ ਗੈਂਗਸਟਰਵਾਦ ਨੂੰ ਬੜਾਵਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਉਪਰੰਤ ਹਲਕਾ ਸ੍ਰੀ ਖਡੂਰ ਸਾਹਿਬ ਦੀ ਜ਼ਿੰਮੇਵਾਰੀ ਮੇਰੀ ਹੋਵੇਗੀ ਕਿ ਕੋਈ ਵੀ ਅਪਰਾਧੀ ਕਿਸੇ ਨੂੰ ਡਰਾ-ਧਮਕਾ ਕੇ ਫਿਰੌਤੀ ਮੰਗਣ ਜਾਂ ਲੋਕਾਂ ਵਿਚ ਦਹਿਸ਼ਤ ਫੈਲਾਉਣ ਦੀ ਹਿੰਮਤ ਨਹੀਂ ਕਰ ਸਕੇਗਾ। ਕਾਨੂੰਨ ਦਾ ਰਾਜ ਕਾਇਮ ਕਰਕੇ ਹਰ ਨਾਗਰਿਕ ਨੂੰ ਸੁਰੱਖਿਅਤ ਮਾਹੌਲ ਦਿੱਤਾ ਜਾਵੇਗਾ। ਇਸ ਮੌਕੇ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਵਰਾਣਾ, ਜਗਦੀਪ ਸਿੰਘ ਮਿੰਟੂ, ਸਤਨਾਮ ਸਿੰਘ ਸੇਰੋਂ, ਜੰਗਸ਼ੇਰ ਸਿੰਘ ਟੋਨੀ, ਸੋਨੂੰ ਸਰਪੰਚ ਕਿਰਤੋਵਾਲ, ਗੁਰਲਾਭ ਸਿੰਘ, ਸਾਹਿਬ ਸਿੰਘ, ਰੇਸ਼ਮ ਸਿੰਘ, ਲਖਵਿੰਦਰ ਸਿੰਘ, ਸੁਖਵੰਤ ਸਿੰਘ, ਸਵਿੰਦਰ ਸਿੰਘ ਨੰਬਰਦਾਰ, ਗੁਰਪਾਲ ਸਿੰਘ, ਗੁਰਸਾਹਿਬ ਸਿੰਘ, ਇੰਦਰਜੀਤ ਸਿੰਘ, ਡਾ. ਕੁਲਦੀਪ ਸਿੰਘ, ਸਾਜਨ ਸਿੰਘ, ਲਸ਼ਕਰ ਸਿੰਘ ਆਦਿ ਹਾਜ਼ਰ ਸਨ।