ਅੰਮ੍ਰਿਤਸਰ, 8 ਜੁਲਾਈ (ਰੇਸ਼ਮ ਸਿੰਘ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵਲੋਂ ਮੁਕੱਦਮੇਬਾਜ਼ਾਂ ਅਤੇ ਆਮ ਲੋਕਾਂ ਨੂੰ ਸੁਪਰੀਮ ਕੋਰਟ ਵਲੋਂ ਲੰਬਿਤ ਮਾਮਲਿਆਂ ਦੇ ਆਪਸੀ ਸਹਿਮਤੀ ਨਾਲ ਨਿਪਟਾਰੇ ਲਈ ਆਯੋਜਿਤ ਕੀਤੇ ਜਾ ਰਹੇ ‘ਸਮਾਧਾਨ ਸਮਾਰੋਹ’ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ । ਇਹ ਸਮਾਧਾਨ ਸਮਾਰੋਹ 21 ਅਪ੍ਰੈਲ ਤੋਂ ਸ਼ੁਰੂ ਹੋ ਚੁੱਕਾ ਹੈ ਅਤੇ ਇਸ ਦਾ ਸਮਾਪਨ ਸਮਾਰੋਹ 21, 22 ਅਤੇ 23 ਅਗਸਤ ਨੂੰ ਸੁਪਰੀਮ ਕੋਰਟ ਨਵੀਂ ਦਿੱਲੀ ਵਿਖੇ ਆਯੋਜਿਤ ਕੀਤੀ ਜਾਣ ਵਾਲੀ ਵਿਸ਼ੇਸ਼ ਲੋਕ ਅਦਾਲਤ ਨਾਲ ਹੋਵੇਗਾ । ਇਹ ਪ੍ਰਗਟਾਵਾ ਜ਼ਿਲ੍ਹਾ ਸ਼ੈਸਨ ਜੱਜ ਸ੍ਰੀਮਤੀ ਜਤਿੰਦਰ ਕੌਰ ਨੇ ਕਰਦਿਆਂ ਦੱਸਿਆ ਕਿ ਇਸ ਵਿਸ਼ੇਸ਼ ਪਹਿਲ ਦਾ ਮੁੱਖ ਉਦੇਸ਼ ਸੁਪਰੀਮ ਕੋਰਟ ਵਿਚ ਲੰਬਿਤ ਅਜਿਹੇ ਮਾਮਲਿਆਂ, ਜੋ ਆਪਸੀ ਸਹਿਮਤੀ ਨਾਲ ਨਿਪਟਾਰੇ ਯੋਗ ਹਨ, ਦਾ ਵਿਸ਼ੇਸ਼ ਲੋਕ ਅਦਾਲਤ ਰਾਹੀਂ ਨਿਪਟਾਰਾ ਕਰਵਾਉਣਾ ਹੈ, ਤਾਂ ਜੋ ਪੱਖਕਾਰਾਂ ਨੂੰ ਤੇਜ਼, ਸਸਤਾ ਅਤੇ ਪ੍ਰਭਾਵਸ਼ਾਲੀ ਨਿਆਂ ਪ੍ਰਦਾਨ ਕੀਤਾ ਜਾ ਸਕੇ । ਉਨ੍ਹਾਂ ਅੱਗੇ ਕਿਹਾ ਕਿ ਲੋਕ ਅਦਾਲਤ ਰਾਹੀਂ ਵਿਵਾਦਾਂ ਦਾ ਨਿਪਟਾਰਾ ਨਾ ਸਿਰਫ਼ ਤੇਜ਼, ਸਸਤਾ ਨਿਆਂ ਪ੍ਰਦਾਨ ਕਰਦਾ ਹੈ, ਸਗੋਂ ਅਦਾਲਤਾਂ ਵਿਚ ਲੰਬਿਤ ਮਾਮਲਿਆਂ ਦਾ ਬੋਝ ਘਟਾਉਣ ਅਤੇ ਪੱਖਕਾਰਾਂ ਨੂੰ ਆਪਸੀ ਸਹਿਮਤੀ ਨਾਲ ਸੰਤੁਸ਼ਟੀਜਨਕ ਹੱਲ ਪ੍ਰਾਪਤ ਕਰਨ ਵਿਚ ਵੀ ਸਹਾਇਕ ਸਾਬਤ ਹੁੰਦਾ ਹੈ।