ਜਲ ਸਰੋਤ ਮੰਤਰੀ ਨੇ ਹਰੀਕੇ ਬੰਨ੍ਹ ਦਾ ਲਿਆ ਜਾਇਜ਼ਾ ਤੇ ਸੁਣੀਆਂ ਮੁਸ਼ਕਿਲਾਂ
ਹਰੀਕੇ ਪੱਤਣ, 9 ਜੁਲਾਈ (ਸੰਜੀਵ ਕੁੰਦਰਾ)-ਸੂਬਾ ਸਰਕਾਰ ਹੜ੍ਹ ਸੁਰੱਖਿਆ ਕਾਰਜਾਂ ਨੂੰ ਸਮੇਂ ਸਿਰ ਲਾਗੂ ਕਰਕੇ ਨਿਰੰਤਰ ਫੀਲਡ ਨਿਗਰਾਨੀ ਅਤੇ ਸਾਰੇ ਸੰਬੰਧਤ ਵਿਭਾਗਾਂ ਅਤੇ ਏਜੰਸੀਆਂ ਨਾਲ ਨੇੜ੍ਹਲੇ ਤਾਲਮੇਲ ਰਾਹੀਂ ਹੜ੍ਹਾਂ ਨਾਲ ਸੰਬੰਧਤ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਤਾਂ ਜੋ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਹੜ੍ਹਾਂ ਦੇ ਪ੍ਰਭਾਵ ਨੂੰ ਘੱਟ ਕੀਤਾ ਜਾ ਸਕੇ। ਇਹ ਪ੍ਰਗਟਾਵਾ ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਰੀਕੇ ਹੈੱਡ ਵਰਕਸ ਦੇ ਡਾਊਨ ਸਟਰੀਮ ਵਾਲੇ ਪਾਸੇ ਹਰੀਕੇ ਹਥਾੜ ਖੇਤਰ ਦੇ ਦੌਰੇ ਦੌਰਾਨ ਬੰਨ੍ਹ ਦਾ ਜਾਇਜ਼ਾ ਲੈਣ ਮੌਕੇ ਕੀਤਾ। ਇਸ ਦੌਰਾਨ ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ ਅਤੇ ਵਿਭਾਗ ਦੇ ਉੱਚ ਅਧਿਕਾਰੀ ਵੀ ਮੌਜੂਦ ਸਨ। ਇਸ ਦੌਰਾਨ ਉਨ੍ਹਾਂ ਹਰੀਕੇ ਹਥਾੜ ਖੇਤਰ ਦੇ ਕਿਸਾਨਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ। ਇਸ ਮੌਕੇ ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਆਹਲੂਵਾਲੀਆ, ਕਿਸਾਨ ਆਗੂ ਜੋਗਿੰਦਰ ਸਿੰਘ ਗੱਟੀ ਹਰੀਕੇ ਤੇ ਹੋਰ ਕਿਸਾਨਾਂ ਨੇ ਪਾਣੀ ਦੇ ਵਹਾਅ ਕਾਰਨ ਢਾਹ ਲੱਗਣ ਕਾਰਨ ਧੁੱਸੀ ਬੰਨ੍ਹ ਨੂੰ ਪੈਦਾ ਹੋਏ ਖ਼ਤਰੇ ਤੋਂ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ। ਕੈਬਨਿਟ ਮੰਤਰੀ ਨੇ ਕਿਸਾਨਾਂ ਦੀ ਗੱਲ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਮੌਕਾ ਵੇਖਣ ਤੋਂ ਬਾਅਦ ਸੰਬੰਧਿਤ ਅਧਿਕਾਰੀਆਂ ਨੂੰ ਇਸ ਦੇ ਬਚਾਅ ਲਈ ਫੌਰਨ ਕੰਮ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜਲ ਸਰੋਤ ਵਿਭਾਗ ਹੜ੍ਹਾਂ ਤੋਂ ਬਚਾਅ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ। ਮੌਨਸੂਨ ਦੇ ਸੀਜ਼ਨ ਦੌਰਾਨ ਹੜ੍ਹਾਂ ਵਰਗੀ ਕਿਸੇ ਵੀ ਸਥਿਤੀ ਤੋਂ ਸੂਬੇ ਦੇ ਲੋਕਾਂ ਦੇ ਬਚਾਅ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਨੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਵਿਚ ਲੋਕਾਂ ਦੀ ਜਾਨ-ਮਾਲ, ਵਾਹੀਯੋਗ ਜ਼ਮੀਨ ਅਤੇ ਜਨਤਕ ਬੁਨਿਆਦੀ ਢਾਂਚੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਕ ਮਜ਼ਬੂਤ ਨਿਗਰਾਨ ਪ੍ਰਣਾਲੀ ਅਤੇ ਰੱਖਿਆ ਢਾਂਚਾ ਤਿਆਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ 414.75 ਕਰੋੜ ਰੁਪਏ ਦੇ ਸੁਰੱਖਿਆ ਕਾਰਜਾਂ ਨਾਲ ਹੜ੍ਹ ਰੋਕੂ ਪ੍ਰਬੰਧਾਂ ਨੂੰ ਕੀਤਾ ਮਜ਼ਬੂਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਹੜ੍ਹਾਂ ਦੀ ਸੰਭਾਵਨਾ ਨੂੰ ਧਿਆਨ ਵਿਚ ਰੱਖਦਿਆਂ ਸਾਰੀਆਂ ਸੰਵੇਦਨਸ਼ੀਲ ਥਾਵਾਂ ’ਤੇ ਲਗਾਤਾਰ ਨਿਗਰਾਨੀ ਰੱਖੀ ਜਾਵੇ ਅਤੇ ਦਰਿਆਵਾਂ, ਡਰੇਨਾਂ, ਬੰਨ੍ਹਾਂ ਅਤੇ ਹੜ੍ਹ ਸੁਰੱਖਿਆ ਢਾਂਚੇ ਦੀ ਨਿਰੰਤਰ ਨਿਗਰਾਨੀ ਯਕੀਨੀ ਬਣਾਈ ਜਾਵੇ ਅਤੇ ਜਿੱਥੇ ਵੀ ਕੋਈ ਕਮੀ ਨਜ਼ਰ ਆਵੇ, ਉੱਥੇ ਤੁਰੰਤ ਸੁਧਾਰਾਤਮਕ ਕਦਮ ਚੁੱਕੇ ਜਾਣ ਤਾਂ ਜੋ ਮਾਨਸੂਨ ਦੌਰਾਨ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਸੂਬਾ ਸਰਕਾਰ ਹੜ੍ਹਾਂ ਵਰਗੀ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ-ਬਰਿੰਦਰ ਕੁਮਾਰ ਗੋਇਲ
ਅਜੀਤ ਡੈਸਕ
10-07-2026