ਫਤਿਆਬਾਦ, 9 ਜੁਲਾਈ (ਹਰਵਿੰਦਰ ਸਿੰਘ ਧੂੰਦਾ)–ਪਿੰਡ ਜਾਮਾਰਾਏ ਵਿਖੇ ਬਾਬਾ ਬਿਧੀ ਚੰਦ ਜੀ ਸੇਵਾ ਸੁਸਾਇਟੀ ਮੁੰਡਾਪਿੰਡ ਅਧੀਨ ਚੱਲ ਰਹੀ ਇਲਾਕੇ ਦੀ ਸਿਰਮੌਰ ਵਿਦਿਅਕ ਸੰਸਥਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਵਿਚ ਅਧਿਆਪਕਾਂ ਲਈ ਇਕ ਜਾਣਕਾਰੀ ਭਰਪੂਰ ਅਤੇ ਪ੍ਰੇਰਣਾਦਾਇਕ ਵਰਕਸ਼ਾਪ ਲਗਾਈ ਗਈ। ਇਹ ਵਰਕਸ਼ਾਪ ਨਵਨੀਤ ਪਬਲਿਕੇਸ਼ਨਜ਼ ਦੇ ਹੈੱਡ ਅਜੀਤ ਸਿੰਘ ਵਲੋਂ ਕਰਵਾਈ ਗਈ। ਵਰਕਸ਼ਾਪ ਦਾ ਮੁੱਖ ਉਦੇਸ਼ ਅਧਿਆਪਕਾਂ ਨੂੰ ਆਧੁਨਿਕ ਅਤੇ ਪ੍ਰਭਾਵਸ਼ਾਲੀ ਅਧਿਆਪਨ ਤਰੀਕਿਆਂ ਨਾਲ ਜਾਣੂ ਕਰਵਾਉਣਾ ਅਤੇ ਇਹ ਸਿਖਾਉਣਾ ਸੀ ਕਿ ਕਲਾਸਰੂਮ ਵਿਚ ਵਿਦਿਆਰਥੀਆਂ ਨੂੰ ਹੋਰ ਰੁਚਿਕਰ, ਅਨੁਸ਼ਾਸਿਤ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕਿਵੇਂ ਸੰਭਾਲਿਆ ਅਤੇ ਪੜ੍ਹਾਇਆ ਜਾ ਸਕਦਾ ਹੈ। ਅਜੀਤ ਸਿੰਘ ਨੇ ਅਧਿਆਪਕਾਂ ਨਾਲ ਕਈ ਨਵੀਆਂ ਸਿੱਖਣ-ਸਿਖਾਉਣ ਦੀਆਂ ਤਕਨੀਕਾਂ, ਕਲਾਸਰੂਮ ਮੈਨੇਜਮੈਂਟ, ਵਿਦਿਆਰਥੀਆਂ ਦੀ ਭਾਗੀਦਾਰੀ ਵਧਾਉਣ ਦੇ ਤਰੀਕੇ ਅਤੇ ਰੋਜ਼ਾਨਾ ਕਰਵਾਈਆਂ ਜਾਣ ਵਾਲੀਆਂ ਰਚਨਾਤਮਕ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਵਰਕਸ਼ਾਪ ਦੌਰਾਨ ਵੱਖ-ਵੱਖ ਐਕਟੀਵਿਟੀਆਂ ਵੀ ਕਰਵਾਈਆਂ ਗਈਆਂ, ਜਿਨ੍ਹਾਂ ਵਿਚ ਅਧਿਆਪਕਾਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਸਕੂਲ ਪ੍ਰਬੰਧਕ ਕਮੇਟੀ ਅਤੇ ਸਮੂਹ ਸਟਾਫ ਨੇ ਅਜੀਤ ਸਿੰਘ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਅਜਿਹੀਆਂ ਵਰਕਸ਼ਾਪਾਂ ਅਧਿਆਪਕਾਂ ਦੇ ਪੇਸ਼ੇਵਰ ਵਿਕਾਸ ਅਤੇ ਵਿਦਿਆਰਥੀਆਂ ਦੀ ਬਿਹਤਰ ਸਿੱਖਿਆ ਲਈ ਬਹੁਤ ਲਾਹੇਵੰਦ ਸਾਬਤ ਹੁੰਦੀਆਂ ਹਨ। ਜਿਸ ਵਿਚ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਹਰਪ੍ਰੀਤ ਕੌਰ ਸੰਧੂ, ਕੁਆਰਡੀਨੇਟਰ ਸੁਖਵਿੰਦਰ ਕੌਰ, ਗੁਰਦੀਪ ਸਿੰਘ, ਛਿੰਦਰ ਸਿੰਘ, ਸਰਬਜੀਤ ਕੌਰ, ਅਤੇ ਸਮੂਹ ਸਟਾਫ ਹਾਜ਼ਰ ਸਨ।
ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸਕੂਲ ਜਾਮਾਰਾਏ ਵਿਖੇ ਪ੍ਰੇਰਣਾਦਾਇਕ ਵਰਕਸ਼ਾਪ ਲਗਾਈ
ਅਜੀਤ ਡੈਸਕ
10-07-2026