ਤਰਨ ਤਾਰਨ, 10 ਜੁਲਾਈ (ਹਰਿੰਦਰ ਸਿੰਘ)-ਮਨੁੱਖੀ ਅਧਿਕਾਰਾਂ ਦੇ ਮਹਾਨ ਯੋਧੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਜੀ ਦੇ ਜੀਵਨ ’ਤੇ ਆਧਾਰਿਤ ਫ਼ਿਲਮ ‘ਸਤਲੁਜ’ ਨੂੰ ਜੀ 5 ਓ.ਟੀ.ਟੀ. ਪਲੇਟਫਾਰਮ ਤੋਂ ਭਾਰਤ ਵਿਚ ਰੋਕ ਲਗਾਏ ਜਾਣ ਦੇ ਮਾਮਲੇ ਨੇ ਪੰਜਾਬ ਦੀ ਸਿਆਸਤ ਵਿਚ ਨਵੀਂ ਚਰਚਾ ਛੇੜ ਦਿੱਤੀ ਹੈ, ਜਿਸ ’ਤੇ ਵੱਖ-ਵੱਖ ਸਿਆਸੀ ਧਿਰਾਂ ਦੀ ਆਪੋ ਆਪਣੀ ਪ੍ਰਤੀਕਿਰਿਆ ਸਾਹਮਣੇ ਆ ਰਹੀ ਹੈ। ਇਸੇ ਲੜੀ ਤਹਿਤ ਪੰਥਕ ਹਲਕਾ ਮੰਨੇ ਜਾਂਦੇ ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਉਨ੍ਹਾਂ ਦੇ ਪਤੀ ਯੂਥ ਅਕਾਲੀ ਆਗੂ ਅਵਤਾਰ ਸਿੰਘ ਬਿੱਲਾ ਸੇਰੋਂ ਦੀ ਅਗਵਾਈ ਹੇਠ ਸਮੁੱਚੀ ਅਕਾਲੀ ਦਲ ਦੀ ਟੀਮ ਨੇ ਤਰਨ ਤਾਰਨ ਦੇ ਏ.ਡੀ.ਸੀ. ਰਾਹੀਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਨਾਂਅ ਇਕ ਮੰਗ ਪੱਤਰ ਸੌਂਪ ਕੇ ਫ਼ਿਲਮ ’ਤੇ ਲੱਗੀ ਪਾਬੰਦੀ ਤੁਰੰਤ ਹਟਾਉਣ ਦੀ ਮੰਗ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਅਵਤਾਰ ਸਿੰਘ ਬਿੱਲਾ ਸੇਰੋਂ ਨੇ ਕਿਹਾ ਕਿ ‘ਸਤਲੁਜ’ ਕੋਈ ਕਾਲਪਨਿਕ ਜਾਂ ਮਨਘੜਤ ਕਹਾਣੀ ਨਹੀਂ, ਸਗੋਂ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਪੰਜਾਬ ਦੇ ਉਸ ਦੌਰ ਦੀਆਂ ਸੱਚੀਆਂ ਘਟਨਾਵਾਂ ’ਤੇ ਆਧਾਰਿਤ ਫ਼ਿਲਮ ਹੈ। ਉਨ੍ਹਾਂ ਕਿਹਾ ਕਿ ਇਸ ਫ਼ਿਲਮ ਨੂੰ ਭਾਰਤ ਵਿਚੋਂ ਹਟਾਉਣਾ ਸੱਚ ਨੂੰ ਦਬਾਉਣ ਦੀ ਕੋਸ਼ਿਸ਼ ਹੈ, ਜਿਸ ਨਾਲ ਸਿੱਖ ਪੰਥ ਅਤੇ ਇਨਸਾਫ਼ ਪਸੰਦ ਲੋਕਾਂ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਇਸ ਫ਼ਿਲਮ ਨੂੰ ਬਿਨਾਂ ਕਿਸੇ ਕੱਟ ਦੇ ਪੂਰੇ ਭਾਰਤ ਵਿਚ ਰਿਲੀਜ਼ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਦੇਸ਼ ਦਾ ਹਰ ਨਾਗਰਿਕ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਸੰਘਰਸ਼ ਅਤੇ ਉਸ ਸਮੇਂ ਪੰਜਾਬ ਵਿਚ ਵਾਪਰੀਆਂ ਘਟਨਾਵਾਂ ਦੀ ਸੱਚਾਈ ਨੂੰ ਜਾਣ ਸਕੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਭਰ ਦੇ ਪਿੰਡਾਂ ਵਿਚ ਇਸ ਫ਼ਿਲਮ ਦੀ ਸਕ੍ਰੀਨਿੰਗ ਕਰਵਾ ਰਿਹਾ ਹੈ ਅਤੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਜਿਨ੍ਹਾਂ ਪਿੰਡਾਂ ਤੱਕ ਇਹ ਫ਼ਿਲਮ ਹਾਲੇ ਨਹੀਂ ਪਹੁੰਚੀ, ਉੱਥੇ ਵੀ ਜਲਦ ਪਹੁੰਚਾਈ ਜਾਵੇਗੀ। ਨਾਲ ਹੀ ਉਨ੍ਹਾਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਅਪੀਲ ਕੀਤੀ ਕਿ ਕੇਂਦਰ ਸਰਕਾਰ ਕੋਲ ਇਹ ਮਾਮਲਾ ਉਠਾ ਕੇ ਫ਼ਿਲਮ ’ਤੇ ਲੱਗੀ ਪਾਬੰਦੀ ਹਟਾਉਣ ਲਈ ਯੋਗ ਕਦਮ ਚੁੱਕੇ ਜਾਣ, ਤਾਂ ਜੋ ਪੂਰਾ ਭਾਰਤ ਇਸ ਫ਼ਿਲਮ ਨੂੰ ਦੇਖ ਸਕੇ। ਇਸ ਮੌਕੇ ਐਸ.ਜੀ.ਪੀ.ਸੀ. ਮੈਂਬਰ ਗੁਰਬਚਨ ਸਿੰਘ ਕਰਮੂੰਵਾਲਾ, ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਕੁਲਦੀਪ ਸਿੰਘ ਲਾਹੌਰੀਆ, ਜ਼ਿਲ੍ਹਾ ਬੀ.ਸੀ. ਪ੍ਰਧਾਨ ਮਨਜਿੰਦਰ ਸਿੰਘ ਲਾਟੀ, ਹਲਕਾ ਐਸ.ਸੀ. ਪ੍ਰਧਾਨ ਕਸ਼ਮੀਰ ਸਿੰਘ, ਸਿਕੰਦਰ ਸਿੰਘ ਵਰਾਣਾ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗਿਆਨ ਸਿੰਘ ਸ਼ਾਹਬਾਜ਼ਪੁਰ, ਤੇਜਿੰਦਰ ਸਿੰਘ ਪ੍ਰਿੰਸ, ਰਾਜਾ ਸਰਪੰਚ ਭੈਲ, ਸੁਖਬੀਰ ਸਿੰਘ, ਪਿਆਰਾ ਸਿੰਘ ਦੁਗਲਵਾਲ, ਜਗਦੀਪ ਸਿੰਘ ਮਿੰਟੂ, ਜੰਗਸ਼ੇਰ ਸਿੰਘ ਟੋਨੀ, ਗੁਰ ਸਿੱਧੂ, ਮਹਿਤਾਬ ਸਿੰਘ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਆਗੂ ਅਤੇ ਵਰਕਰ ਹਾਜ਼ਰ ਸਨ।