ਤਰਨ ਤਾਰਨ, 11 ਜੁਲਾਈ (ਇਕਬਾਲ ਸਿੰਘ ਸੋਢੀ)—ਤਰਨ ਤਾਰਨ ਸ਼ਹਿਰ ਦੀ ਵਾਰਡ ਨੰਬਰ 7 ਵਿਚ ਕਈ ਦਿਨਾਂ ਤੋਂ ਸਟਰੀਟ ਲਾਈਟਾਂ ਬੰਦ ਰਹਿਣ ਕਾਰਨ ਲੋਕਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰਾਤ ਸਮੇਂ ਲਾਈਟਾਂ ਬੰਦ ਹੋਣ ਸਮੇਂ ਲੋਕਾਂ ਦੇ ਗਲੀਆਂ ਵਿਚੋਂ ਲੰਘਣਾ ਮੁਸ਼ਕਿਲ ਹੋਇਆ ਪਿਆ ਹੈ ਪ੍ਰੰਤੂ ਸੰਬੰਧਿਤ ਨਗਰ ਕੌਂਸਲ ਤਰਨ ਤਾਰਨ ਵਲੋਂ ਲਾਈਟਾਂ ਨੂੰ ਜਗਾਇਆ ਨਹੀਂ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕੌਂਸਲਰ ਸੁਖਵਿੰਦਰ ਕੌਰ ਅਤੇ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਵਾਰਡ ਨੰਬਰ 7 ਮੁਹੱਲਾ ਨਾਨਕਸਰ ਦੀਆਂ ਵੱਖ-ਵੱਖ ਗਲੀਆਂ ਵਿਚ ਸਟੀਰਟ ਲਾਈਟਾਂ ਕਈ ਦਿਨਾਂ ਤੋਂ ਬੰਦ ਪਈਆਂ ਹਨ, ਜਿਸ ਕਾਰਨ ਜਦੋਂ ਸ਼ਾਮ ਸਮੇਂ ਹਨੇਰਾ ਸ਼ੁਰੂ ਹੁੰਦਾ ਹੈ ਤਾਂ ਲੋਕਾਂ ਦਾ ਗਲੀਆਂ ਵਿਚੋਂ ਲੰਘਣਾ ਮੁਸ਼ਕਿਲ ਹੋ ਜਾਂਦਾ ਹੈ ਅਤੇ ਕੁਝ ਵੀ ਨਜ਼ਰ ਨਹੀਂ ਆਉਂਦਾ। ਉਥੇ ਰਾਤ ਦੇ ਸਮੇਂ ਚੋਰੀਆਂ ਅਤੇ ਲੁੱਟਾਂ-ਖੋਹਾਂ ਹੋਣ ਦਾ ਡਰ ਵੀ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਵਾਰਡ ਵਿਚ ਸੀਵਰੇਜ ਦਾ ਵੀ ਬੁਰਾ ਹਾਲ ਹੈ ਅਤੇ ਸੀਵਰੇਜ ਦੀ ਸਾਫ ਸਫਾਈ ਨਾ ਹੋਣ ਕਾਰਨ ਸੀਵਰੇਜ ਦਾ ਪਾਣੀ ਗਲੀਆਂ ਅਤੇ ਲੋਕਾਂ ਦੇ ਘਰਾਂ ਅੰਦਰ ਵੜ ਰਿਹਾ ਹੈ। ਉਨ੍ਹਾਂ ਕਿਹਾ ਨਗਰ ਕੌਂਸਲ ਦੇ ਕਰਮਚਾਰੀਆਂ ਨੂੰ ਇਸ ਸੰਬੰਧੀ ਕਈ ਵਾਰ ਸੂਚਿਤ ਕੀਤਾ ਗਿਆ ਹੈ ਕਿ ਸਟਰੀਟ ਲਾਈਟਾਂ ਨੂੰ ਜਗਾਇਆ ਜਾਵੇ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ ਅਤੇ ਕੋਈ ਵੀ ਕਰਮਚਾਰੀ ਲਾਈਟਾਂ ਠੀਕ ਕਰਨ ਨਹੀਂ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਲਾਈਟਾਂ ਬੰਦ ਹੋਣ ਸਮੇਂ ਲੋਕਾਂ ਨੂੰ ਮੁਸ਼ਕਿਲਾਂ ਪੇਸ਼ ਆ ਰਹੀਆਂ ਹਨ ਅਤੇ ਲੋਕ ਪ੍ਰੇਸ਼ਾਨ ਹੋ ਰਹੇ ਹਨ। ਉਨ੍ਹਾਂ ਡਿਪਟੀ ਕਮਿਸ਼ਨਰ ਅਤੇ ਈ.ਓ. ਨਗਰ ਕੌਂਸਲ ਨੂੰ ਅਪੀਲ ਕੀਤੀ ਕਿ ਵਾਰਡ ਨੰਬਰ 7 ਵਿਚ ਬੰਦ ਪਈਆਂ ਸਟਰੀਟ ਲਾਈਟਾਂ ਨੂੰ ਜਗਾਇਆ ਜਾਵੇ ਅਤੇ ਸੀਵਰੇਜ ਦੀ ਸਮੱਸਿਆ ਨੂੰ ਹੱਲ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਤੋਂ ਰਾਹਤ ਮਿਲ ਸਕੇ।