ਤਰਨ ਤਾਰਨ, 11 ਜੁਲਾਈ (ਪਰਮਜੀਤ ਜੋਸ਼ੀ)–ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ) ਮੁਹਿੰਮ ਤਹਿਤ ਯੋਗ ਵੋਟਰਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਅਤੇ ਗਣਨਾ ਫਾਰਮਾਂ ਦੀ ਭਰਵਾਈ, ਇਕੱਤਰਤਾ ਅਤੇ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਤੇਜ਼ ਕਰਨ ਲਈ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਗਏ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਰਾਹੁਲ ਨੇ ਦੱਸਿਆ ਕਿ ਸਵੇਰੇ 8 ਵਜੇ ਤੋਂ ਦੁਪਹਿਰ 3 ਵਜੇ ਤੱਕ ਲਗਾਏ ਗਏ ਇਨ੍ਹਾਂ ਕੈਂਪਾਂ ਦਾ ਵੱਡੀ ਗਿਣਤੀ ਵਿਚ ਵੋਟਰਾਂ ਨੇ ਲਾਹਾ ਲਿਆ । ਉਨ੍ਹਾਂ ਦੱਸਿਆ ਕਿ ਇਸ ਦੌਰਾਨ ਬੂਥ ਪੱਧਰੀ ਅਧਿਕਾਰੀ ਆਪਣੇ-ਆਪਣੇ ਪੋਲਿੰਗ ਬੂਥਾਂ ‘ਤੇ ਹਾਜ਼ਰ ਰਹੇ ਅਤੇ ਉਨ੍ਹਾਂ ਵਲੋਂ ਵੋਟਰਾਂ ਨੂੰ ਗਣਨਾ ਫਾਰਮ ਭਰਨ, ਲੋੜੀਂਦੇ ਦਸਤਾਵੇਜ਼ ਜਮ੍ਹਾ ਕਰਵਾਉਣ ਅਤੇ ਡਿਜੀਟਾਈਜ਼ੇਸ਼ਨ ਸਬੰਧੀ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕੀਤੀ ਗਈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਮਹੱਤਵਪੂਰਨ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਮਾਜਿਕ ਸੁਰੱਖਿਆ, ਸਕੂਲ ਸਿੱਖਿਆ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਇਲਾਵਾ ਆਂਗਣਵਾੜੀ ਵਰਕਰਾਂ ਵਲੋਂ ਵੀ ਬੀ.ਐੱਲ.ਓਜ਼ ਦੀ ਸਹਾਇਤਾ ਕੀਤੀ ਗਈ। ਇਸੇ ਤਰ੍ਹਾਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਬੂਥ ਪੱਧਰੀ ਏਜੰਟਾਂ (ਬੀ.ਐੱਲ.ਏ) ਨੇ ਵੀ ਵੋਟਰਾਂ ਨੂੰ ਕੈਂਪਾਂ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕਰਨ ‘ਚ ਅਹਿਮ ਯੋਗਦਾਨ ਦਿੱਤਾ। ਉਨ੍ਹਾਂ ਦੱਸਿਆ ਕਿ ਐਤਵਾਰ 12 ਜੁਲਾਈ ਨੂੰ ਵੀ ਸਵੇਰੇ 8 ਵਜੇ ਤੋਂ ਦੁਪਹਿਰ 3 ਵਜੇ ਤੱਕ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ‘ਤੇ ਇਹ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਉਨ੍ਹਾਂ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨਜ਼ਦੀਕੀ ਪੋਲਿੰਗ ਬੂਥ ‘ਤੇ ਲੱਗਣ ਵਾਲੇ ਵਿਸ਼ੇਸ਼ ਕੈਂਪ ਵਿੱਚ ਪਹੁੰਚ ਕੇ ਗਣਨਾ ਫਾਰਮ ਭਰਨ, ਲੋੜੀਂਦੇ ਦਸਤਾਵੇਜ਼ ਜਮ੍ਹਾ ਕਰਵਾਉਣ ਅਤੇ ਆਪਣਾ ਵੇਰਵਾ ਸਮੇਂ ਸਿਰ ਡਿਜੀਟਾਈਜ਼ ਕਰਵਾ ਕੇ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਮੁਹਿੰਮ ਨੂੰ ਸਫ਼ਲ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ।