ਅਜਨਾਲਾ, 12 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਸਪੈਸ਼ਲ ਇੰਟੈਂਸਿਵ ਰਿਵਿਜ਼ਨ (ਐੱਸ.ਆਈ.ਆਰ.) ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਅਜਨਾਲਾ ’ਚ ਵੀ ਸਿਵਲ ਪ੍ਰਸ਼ਾਸਨ ਵਲੋਂ ਵੱਡੇ ਪੱਧਰ ’ਤੇ ਵਿਸ਼ੇਸ਼ ਕੈਂਪ ਲਗਾਏ ਗਏ ਹਨ । ਹਲਕੇ ਦੇ ਕੁੱਲ 188 ਪੋਲਿੰਗ ਬੂਥਾਂ ’ਤੇ ਬੂਥ ਲੈਵਲ ਅਫ਼ਸਰਾਂ (ਬੀ.ਐੱਲ.ਓ.) ਵਲੋਂ ਕੱਲ੍ਹ ਅਤੇ ਅੱਜ ਸਵੇਰ ਤੋਂ ਸ਼ਾਮ ਤੱਕ ਲੋਕਾਂ ਦੀ ਸਹੂਲਤ ਲਈ ਆਪਣੀਆਂ ਡਿਊਟੀਆਂ ਨਿਭਾਈਆਂ ਗਈਆਂ ਅਤੇ ਚੋਣ ਕਮਿਸ਼ਨ ਵਲੋਂ ਮਿੱਥੇ ਸਮੇਂ ਅੰਦਰ ਗਣਨਾ ਫਾਰਮ ਭਰਨ, ਲੋੜੀਂਦੇ ਫਾਰਮ ਜਮ੍ਹਾਂ ਕਰਵਾਉਣ ਅਤੇ ਡਿਜੀਟਾਈਜੇਸ਼ਨ ਸੰਬੰਧੀ ਵੋਟਰਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕੀਤੀ ਗਈ। ਇਹ ਸਮੁੱਚੀ ਪ੍ਰਕਿਰਿਆ ਚੋਣ ਰਿਟਰਨਿੰਗ ਅਧਿਕਾਰੀ-ਕਮ-ਐੱਸ.ਡੀ.ਐੱਮ. ਅਜਨਾਲਾ ਡਾ. ਚਾਰੂਮਿਤਾ ਦੀ ਅਗਵਾਈ ਹੇਠ ਕਰਵਾਈ ਜਾ ਰਹੀ ਹੈ। ਡਾ. ਚਾਰੂਮਿਤਾ ਨੇ ਸਮੂਹ ਚੋਣ ਅਮਲੇ ਨੂੰ ਹਦਾਇਤ ਕੀਤੀ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰ ਯੋਗ ਵੋਟਰ ਤੱਕ ਪਹੁੰਚ ਕੀਤੀ ਜਾਵੇ ਅਤੇ ਕਿਸੇ ਵੀ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿਚੋਂ ਰਹਿ ਨਾ ਜਾਵੇ । ਪ੍ਰਸ਼ਾਸਨ ਵਲੋਂ ਚੱਲ ਰਹੇ ਇਨ੍ਹਾਂ ਵਿਸ਼ੇਸ਼ ਕੈਂਪਾਂ ਦੌਰਾਨ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ, ਵੋਟਰ ਸੂਚੀ ਵਿਚ ਨਾਮ ਦਰੁਸਤ ਕਰਨਾ, ਪਤਾ ਬਦਲਣਾ, ਗ਼ਲਤੀਆਂ ਠੀਕ ਕਰਵਾਉਣਾ ਅਤੇ ਹੋਰ ਲੋੜੀਂਦੀਆਂ ਸੋਧਾਂ ਦਾ ਕੰਮ ਕੀਤਾ ਜਾ ਰਿਹਾ ਹੈ । ਡਾ. ਚਾਰੂਮਿਤਾ ਨੇ ‘ਅਜੀਤ’ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਹਲਕਾ ਅਜਨਾਲਾ ਦੇ ਸਾਰੇ 188 ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪ ਸੁਚਾਰੂ ਢੰਗ ਨਾਲ ਲਗਾਏ ਗਏ ਹਨ । ਉਨ੍ਹਾਂ ਦੱਸਿਆ ਕਿ ਬੂਥ ਲੈਵਲ ਅਫ਼ਸਰ ਲੋਕਾਂ ਦੀ ਹਰ ਸੰਭਵ ਮਦਦ ਕਰ ਰਹੇ ਹਨ । ਇਸ ਮੌਕੇ ਚੋਣ ਕਾਨੂੰਨਗੋ ਸੰਜੀਵ ਕੁਮਾਰ ਰਮਦਾਸ ਤੇ ਹੋਰ ਹਾਜ਼ਰ ਸਨ ।
ਐੱਸ.ਆਈ.ਆਰ. ਤਹਿਤ ਵਿਧਾਨ ਸਭਾ ਹਲਕਾ ਅਜਨਾਲਾ ਦੇ 188 ਪੋਲਿੰਗ ਬੂਥਾਂ ’ਤੇ ਲੱਗੇ ਵਿਸ਼ੇਸ਼ ਕੈਂਪ
ਅਜੀਤ ਡੈਸਕ
13-07-2026