ਪੱਟੀ, 14 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪੱਟੀ ਇਲਾਕੇ ਦੀ ਨਾਮਵਰ ਸੰਸਥਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਪੱਟੀ ਵਲੋਂ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਬਾਬਾ ਬੀਰ ਸਿੰਘ ਜੀ ਪੱਟੀ ਮੋੜ ਵਿਖੇ ਦਸਤਾਰ ਮੁਕਾਬਲੇ ਕਰਵਾਏ ਗਏ, ਜਿਸ ਵਿਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੱਟੀ ਦੇ ਸਾਹਿਲਪ੍ਰੀਤ ਸਿੰਘ ਜਮਾਤ ਸੱਤਵੀਂ ਏ. ਨੇ ਪਹਿਲਾ, ਲਵਿਸ਼ਦੀਪ ਸਿੰਘ ਜਮਾਤ ਸੱਤਵੀਂ ਡੀ. ਨੇ ਤੀਸਰਾ ਅਤੇ ਹਰਦੀਪ ਸਿੰਘ ਜਮਾਤ ਸੱਤਵੀਂ ਨੇ ਵਿਸ਼ੇਸ਼ ਸਥਾਨ ਜੂਨੀਅਰ ਗਰੁੱਪ ਵਿਚੋਂ ਪ੍ਰਾਪਤ ਕੀਤਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਜਸਬੀਰ ਕੌਰ ਸੈਣੀ ਨੇ ਦੱਸਿਆ ਕਿ ਇਸ ਤਰ੍ਹਾਂ ਹੀ ਸੀਨੀਅਰ ਗਰੁੱਪ ਵਿਚੋਂ ਅੰਮ੍ਰਿਤਪਾਲ ਸਿੰਘ ਗਿਆਰਵੀਂ ਕਾਮਰਸ ਨੇ ਵਿਸ਼ੇਸ਼ ਸਥਾਨ ਹਾਸਲ ਕਰਕੇ ਸਕੂਲ ਮਾਤਾ-ਪਿਤਾ ਅਤੇ ਅਧਿਆਪਕਾਂ ਦਾ ਨਾਂਅ ਰੌਸ਼ਨ ਕੀਤਾ। ਇਨ੍ਹਾਂ ਬੱਚਿਆਂ ਨੂੰ ਲਗਾਤਾਰ 2100, 700 ਰੁਪਏ ਅਤੇ ਸ਼ੀਲਡਾਂ ਨਾਲ ਸਨਮਾਨ ਕੀਤਾ ਗਿਆ। ਸਕੂਲ ਵਿਚ ਪਹੁੰਚਣ ’ਤੇ ਪ੍ਰਿੰਸੀਪਲ ਸ੍ਰੀਮਤੀ ਜਸਬੀਰ ਕੌਰ ਸੈਣੀ ਵਲੋਂ ਜੇਤੂ ਬੱਚਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਗਿਆ ਕਿ ਸਕੂਲ ਵਿਚ ਬੱਚਿਆਂ ਨੂੰ ਦੁਨਿਆਵੀ ਵਿੱਦਿਆ ਦੇ ਨਾਲ-ਨਾਲ ਧਾਰਮਿਕ ਵਿੱਦਿਆ ਦੇਣ ਦਾ ਵਿਸ਼ੇਸ਼ ਪ੍ਰਬੰਧ ਹੈ। ਇਲਾਕੇ ਵਿਚ ਜਿੰਨਾ ਵੀ ਸੰਸਥਾਵਾਂ ਵਲੋਂ ਬੱਚਿਆਂ ਨੂੰ ਨੈਤਿਕ ਕਦਰਾਂ ਕੀਮਤਾਂ ਅਤੇ ਆਪਣੀ ਵਿਰਾਸਤ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਂਦੇ ਹਨ, ਉਨ੍ਹਾਂ ਸਾਰਿਆਂ ਹੀ ਕਾਰਜਾਂ ਵਿੱਚ ਬੱਚਿਆਂ ਨੂੰ ਸ਼ਮੂਲੀਅਤ ਕਰਵਾਈ ਜਾਂਦੀ ਹੈ ਅਤੇ ਬੱਚੇ ਵੱਡੀ ਗਿਣਤੀ ਵਿਚ ਪੁਜੀਸ਼ਨਾਂ ਹਾਸਿਲ ਕਰਦੇ ਹਨ, ਜਿਸ ਦਾ ਸਿਹਰਾ ਸਕੂਲ ਦੇ ਵਿਚ ਗਠਿਤ ਕੀਤਾ ਗਿਆ ਧਾਰਮਿਕ ਵਿੰਗ ਅਤੇ ਉਸ ਦੇ ਅਧਿਆਪਕਾਂ ਨੂੰ ਜਾਂਦਾ ਹੈ। ਇਸ ਦੇ ਨਾਲ ਹੀ ਸਕੂਲ ਵਿਚ ਲੰਮੇ ਸਮੇਂ ਤੋਂ ਧਾਰਮਿਕ ਅਧਿਆਪਕ ਦੀਆਂ ਸੇਵਾਵਾਂ ਨਿਭਾਅ ਰਹੇ ਜਗਜੀਤ ਸਿੰਘ ਦਾ ਵੀ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਸਕੂਲ ਦੇ ਮੈਂਬਰ ਇੰਚਾਰਜ ਗੁਰਬੀਰ ਸਿੰਘ ਢਿੱਲੋਂ, ਤਰਲੋਚਨ ਸਿੰਘ ਅਤੇ ਸਰਬਜੀਤ ਸਿੰਘ ਵਲੋਂ ਜੇਤੂ ਬੱਚਿਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਭਵਿੱਖ ਵਿਚ ਇਸੇ ਤਰ੍ਹਾਂ ਸਕੂਲ ਅਤੇ ਅਧਿਆਪਕਾਂ ਦਾ ਨਾਂਅ ਰੌਸ਼ਨ ਕਰਨ ਦੇ ਲਈ ਦੁਆਵਾਂ ਦਿੱਤੀਆਂ।