ਤਰਨ ਤਾਰਨ, 15 ਜੁਲਾਈ (ਪਰਮਜੀਤ ਜੋਸ਼ੀ)- ਭਾਰਤ ਚੋਣ ਕਮਿਸ਼ਨ ਵੱਲੋਂ ਐੱਸ.ਆਈ.ਆਰ ਮੁਹਿੰਮ ਤਹਿਤ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ਤੋਂ ਬਾਅਦ ਤਰਨ ਤਾਰਨ ਜ਼ਿਲ੍ਹੇ ਵਿਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 911 ਤੋਂ ਵਧਾ ਕੇ 925 ਕਰਨ ਦੀ ਤਜਵੀਜ਼ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਨੇ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁੰਮਾਇੰਦਿਆਂ ਨਾਲ ਪੋਲਿੰਗ ਸਟੇਸ਼ਨਾਂ ਦੀ ਪ੍ਰਸਤਾਵਿਤ ਰੈਸ਼ਨੇਲਾਈਜ਼ੇਸ਼ਨ ਸੰਬੰਧੀ ਮੀਟਿੰਗ ਦੌਰਾਨ ਕੀਤਾ ਅਤੇ ਪ੍ਰਸਤਾਵ ਨੂੰ ਪ੍ਰਵਾਨਗੀ ਲਈ ਭੇਜਣ ਤੋਂ ਪਹਿਲਾਂ ਉਨ੍ਹਾਂ ਤੋਂ ਸੁਝਾਅ ਮੰਗੇ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ 1200 ਤੋਂ ਵੱਧ ਵੋਟਰਾਂ ਵਾਲੇ ਪੋਲਿੰਗ ਬੂਥਾਂ ਨੂੰ ਜਾਂ ਤਾਂ ਨਵੇਂ ਪੋਲਿੰਗ ਬੂਥ ਸਥਾਪਿਤ ਕਰਕੇ ਜਾਂ ਜਿੱਥੇ ਸੰਭਵ ਹੋਵੇ, ਉਸੇ ਪੋਲਿੰਗ ਸਟੇਸ਼ਨ ਦੀ ਇਮਾਰਤ ਦੇ ਅੰਦਰ ਹੀ ਵੋਟਰਾਂ ਦੀ ਮੁੜ-ਵੰਡ ਕਰਕੇ ਰੈਸ਼ਨੇਲਾਈਜ਼ ਕੀਤਾ ਜਾ ਰਿਹਾ ਹੈ। ਇਸ ਦਾ ਉਦੇਸ਼ ਪੋਲਿੰਗ ਸਟੇਸ਼ਨਾਂ ਦਾ ਬਿਹਤਰ ਪ੍ਰਬੰਧਨ ਯਕੀਨੀ ਬਣਾਉਣਾ ਅਤੇ ਚੋਣਾਂ ਦੌਰਾਨ ਵੋਟਰਾਂ ਨੂੰ ਵਧੇਰੇ ਸਹੂਲਤ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਰੈਸ਼ਨੇਲਾਈਜ਼ੇਸ਼ਨ ਤੋਂ ਬਾਅਦ 14 ਨਵੇਂ ਪੋਲਿੰਗ ਬੂਥਾਂ ਦੀ ਸਥਾਪਨਾ ਨਾਲ ਜ਼ਿਲ੍ਹੇ ਵਿਚ ਪੋਲਿੰਗ ਸਟੇਸ਼ਨਾਂ ਦੀ ਕੁੱਲ ਗਿਣਤੀ 911 ਤੋਂ ਵਧ ਕੇ 925 ਹੋਣ ਦੀ ਤਜਵੀਜ਼ ਹੈ। ਇਹ ਤਜਵੀਜ਼ ਅੰਤਿਮ ਪ੍ਰਵਾਨਗੀ ਲਈ ਮੁੱਖ ਚੋਣ ਅਫ਼ਸਰ ਪੰਜਾਬ ਨੂੰ ਭੇਜੀ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਤਰਨ ਤਾਰਨ ਵਿਧਾਨ ਸਭਾ ਹਲਕੇ ਵਿਚ 4 ਨਵੇਂ ਪੋਲਿੰਗ ਬੂਥਾਂ ਦੀ ਤਜਵੀਜ਼ ਹੈ। ਇਸ ਮੁਤਾਬਿਕ ਹਲਕੇ ਵਿਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 222 ਤੋਂ ਵੱਧ ਕੇ 226 ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਖੇਮਕਰਨ ਹਲਕੇ ਵਿਚ ਕੋਈ ਨਵਾਂ ਪੋਲਿੰਗ ਬੂਥ ਤਜਵੀਜ਼ ਨਹੀਂ ਕੀਤਾ ਗਿਆ ਹੈ ਅਤੇ ਇਥੇ ਪੋਲਿੰਗ ਸਟੇਸ਼ਨਾਂ ਦੀ ਗਿਣਤੀ 235 ਹੀ ਰਹੇਗੀ। ਇਸੇ ਤਰ੍ਹਾਂ ਪੱਟੀ ਵਿਧਾਨ ਸਭਾ ਹਲਕੇ ਵਿਚ 3 ਨਵੇਂ ਪੋਲਿੰਗ ਬੂਥਾਂ ਦੀ ਤਜਵੀਜ਼ ਹੈ। ਇਸ ਮੁਤਾਬਿਕ ਹਲਕੇ ਵਿਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 225 ਤੋਂ ਵੱਧ ਕੇ 228 ਹੋ ਜਾਵੇਗੀ। ਇਸ ਤੋਂ ਇਲਾਵਾ ਖਡੂਰ ਸਾਹਿਬ ਵਿਧਾਨ ਸਭਾ ਹਲਕੇ ਵਿਚ 7 ਨਵੇਂ ਪੋਲਿੰਗ ਬੂਥਾਂ ਦੀ ਤਜਵੀਜ਼ ਹੈ। ਇਸ ਮੁਤਾਬਿਕ ਹਲਕੇ ਵਿਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 229 ਤੋਂ ਵੱਧ ਕੇ 236 ਹੋ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਨੇ ਸਿਆਸੀ ਪਾਰਟੀਆਂ ਦੇ ਨੁੰਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਚੋਣ ਪ੍ਰਕਿਰਿਆ ਨੂੰ ਸੁਤੰਤਰ, ਨਿਰਪੱਖ, ਪਾਰਦਰਸ਼ੀ ਅਤੇ ਵੋਟਰ-ਪੱਖੀ ਬਣਾਉਣ ਲਈ ਆਪਣਾ ਪੂਰਾ ਸਹਿਯੋਗ ਦੇਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਆਦਿੱਤਿਆ ਸ਼ਰਮਾ, ਤਹਿਸੀਲਦਾਰ ਚੋਣਾਂ ਇੰਦਰਜੀਤ ਸਿੰਘ, ਚੋਣ ਕਾਨੂੰਗੋ ਦਿਲਬਾਗ ਸਿੰਘ ਤੋਂ ਇਲਾਵਾ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਵਿਚ ਸ਼੍ਰੋਮਣੀ ਅਕਾਲੀ ਦਲ ਤੋਂ ਸੰਜੀਵ ਕੁੰਦਰਾ ਤੇ ਕੁਲਦੀਪ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਬਰਕਤ ਸਿੰਘ ਵੋਹਰਾ ਤੇ ਲਖਵਿੰਦਰ ਸਿੰਘ, ਭਾਜਪਾ ਤੋਂ ਹਰਪ੍ਰੀਤ ਸਿੰਘ ਸਿੰਦਬਾਦ, ਸੀ.ਪੀ.ਆਈ. ਤੋਂ ਗੁਰਪ੍ਰੀਤ ਸਿੰਘ ਗੰਡੀਵਿੰਡ ਅਤੇ ਆਮ ਆਦਮੀ ਪਾਰਟੀ ਤੋਂ ਮਨਦੀਪ ਸਿੰਘ ਹਾਜ਼ਰ ਸਨ।