ਤਰਨ ਤਾਰਨ, 15 ਜੁਲਾਈ (ਪਰਮਜੀਤ ਜੋਸ਼ੀ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਥਾਣਾ ਸਦਰ ਪੱਟੀ ਦੇ ਏ.ਐੱਸ.ਆਈ. ਗੁਰਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਘੁੱਲੇਵਾਲਾ ਬੰਨ ਤੋਂ ਕਰਨ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਕੋਟਬੁੱਢਾ ਨੂੰ ਕਾਬੂ ਕਰਕੇ ਉਸ ਪਾਸੋਂ 65 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਏ.ਐੱਸ.ਆਈ. ਅਸ਼ੋਕ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਠੱਠੀਆਂ ਮਹੰਤਾਂ ਰੋਡ ਤੋਂ ਗਸ਼ਤ ਦੌਰਾਨ ਸਾਜਨਪ੍ਰੀਤ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਪੂਹਲੇ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਕੱਚਾ ਪੱਕਾ ਦੇ ਐੱਸ.ਆਈ. ਰੂਬੀ ਨੇ ਗੇਟ ਮਨਿਹਾਲਾ ਦੇ ਨਜ਼ਦੀਕ ਤੋਂ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਜੁਗਰਾਜ ਸਿੰਘ ਪੁੱਤਰ ਰਸਾਲ ਸਿੰਘ ਵਾਸੀ ਮਾਣਕਪੁਰਾ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਉਕਤ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ.ਐਕਟ ਤਹਿਤ ਮਾਮਲੇ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।