ਤਰਨ ਤਾਰਨ, 16 ਜੁਲਾਈ (ਹਰਿੰਦਰ ਸਿੰਘ)-ਸੀ. ਆਈ. ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਪਾਕਿਸਤਾਨ ਤੋਂ ਹਥਿਆਰ ਮੰਗਵਾ ਕੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਸਪਲਾਈ ਕਰਨ ਵਾਲੇ ਗਰੋਹ ਦੇ 2 ਮੈਂਬਰਾਂ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਕਾਬੂ ਕੀਤੇ ਮੁਲਜ਼ਮਾਂ ਪਾਸੋਂ ਪੁਲਿਸ ਨੇ 8 ਪਿਸਤੌਲ ਬਰਾਮਦ ਕੀਤੇ ਹਨ। ਤਰਨ ਤਾਰਨ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਐੱਸ. ਪੀ. (ਡੀ) ਰਿਪੁਤਪਨ ਸਿੰਘ ਅਤੇ ਡੀ. ਐੱਸ. ਪੀ. (ਡੀ) ਸ਼ਿਵਦਰਸ਼ਨ ਸਿੰਘ ਦੀ ਅਗਵਾਈ ਹੇਠ ਤਸਕਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਸੀ. ਆਈ. ਏ. ਸਟਾਫ਼ ਤਰਨ ਤਾਰਨ ਦੇ ਇੰਚਾਰਜ ਇੰਸਪੈਕਟਰ ਰੁਪਿੰਦਰਪਾਲ ਸਿੰਘ ਵਲੋਂ ਹਥਿਆਰਾਂ ਦੀ ਤਸਕਰੀ ’ਤੇ ਕਾਬੂ ਪਾਉਣ ਲਈ ਵੱਖ-ਵੱਖ ਟੀਮਾਂ ਤਿਆਰ ਕੀਤੀਆਂ ਗਈਆਂ ਸਨ। ਜਿਸ ਤਹਿਤ ਸੀ. ਆਈ. ਏ. ਸਟਾਫ ਤਰਨ ਤਾਰਨ ਦੀ ਟੀਮ ਨੂੰ ਹਿਊਮਨ ਇੰਨਟੈਲੀਜੈਂਸ ਤੇ ਤਕਨੀਕੀ ਇੰਨਟੈਲੀਜੈਂਸ ਰਾਹੀਂ ਇਹ ਪਤਾ ਲੱਗਾ ਕਿ ਜਸਕਰਨ ਸਿੰਘ ਉਰਫ ਕਰਨ ਪੁੱਤਰ ਸਾਹਿਬ ਸਿੰਘ ਵਾਸੀ ਚੂਸਲੇਵੜ, ਅਰਸ਼ਦੀਪ ਸਿੰਘ ਉਰਫ ਅਰਸ਼ ਪੁੱਤਰ ਦਲਬੀਰ ਸਿੰਘ ਵਾਸੀ ਚੂਸਲੇਵੜ ਅਤੇ ਇਕ ਜੂਵਨਾਇਲ ਦੇ ਪਾਕਿਸਤਾਨ ਦੇ ਤਸਕਰਾਂ ਨਾਲ ਸਬੰਧ ਹਨ ਅਤੇ ਇਹ ਵਿਅਕਤੀ ਸਰੱਹਦ ਪਾਰੋਂ ਵੱਖ-ਵੱਖ ਤਰੀਕਿਆਂ ਰਾਹੀਂ ਨਾਜਾਇਜ਼ ਹਥਿਆਰ ਮੰਗਵਾ ਕੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਸਪਲਾਈ ਕਰਦੇ ਹਨ, ਜਿਨ੍ਹਾਂ ਵਿਚੋਂ 2 ਵਿਅਕਤੀ ਜਸਕਰਨ ਸਿੰਘ ਉਰਫ ਕਰਨ ਤੇ ਅਰਸ਼ਦੀਪ ਸਿੰਘ ਉਰਫ ਅਰਸ਼ ਸਰਹੱਦ ਪਾਰੋਂ ਮੰਗਵਾਏ ਗਏ ਵਿਦੇਸ਼ੀ ਪਿਸਤੌਲਾਂ ਸਮੇਤ ਪਿੰਡ ਬਾਸਰਕੇ ਦੇ ਆਸ-ਪਾਸ ਇਲਾਕੇ ਵਿਚ ਇਕ ਮੋਟਰਸਾਈਕਲ ਨੰਬਰ ਪੀ.ਬੀ. 02 ਸੀ.ਟੀ. 2293 ’ਤੇ ਸਵਾਰ ਹੋ ਕੇ ਨਾਜਾਇਜ਼ ਹਥਿਆਰਾਂ ਨੂੰ ਅੱਗੇ ਕਿਸੇ ਨੂੰ ਵੇਚਣ ਦੀ ਫਿਰਾਕ ਵਿਚ ਘੁੰਮ ਰਹੇ ਹਨ ਤਾਂ ਤੁਰੰਤ ਸੀ.ਆਈ.ਏ ਸਟਾਫ ਤਰਨ ਤਾਰਨ ਦੀ ਟੀਮ ਵਲੋਂ ਪਿੰਡ ਬਾਸਰਕੇ ਨਜ਼ਦੀਕ ਸਪੈਸ਼ਲ ਨਾਕਾਬੰਦੀ ਕਰਕੇ ਵਹੀਕਲਾਂ ਦੀ ਚੈਕਿੰਗ ਕਰਨੀ ਸ਼ੁਰੂ ਕੀਤੀ। ਜਿਸ ’ਤੇ ਸੀ. ਆਈ. ਏ. ਸਟਾਫ ਤਰਨ ਤਾਰਨ ਦੀ ਟੀਮ ਵਲੋਂ 2 ਨੌਜਵਾਨਾਂ ਨੂੰ ਦੌਰਾਨੇ ਨਾਕਾਬੰਦੀ ਕਾਬੂ ਕੀਤਾ, ਜਿਨ੍ਹਾਂ ਦੀ ਤਲਾਸ਼ੀ ਕਰਨ ’ਤੇ ਇਨ੍ਹਾਂ ਪਾਸ ਮੌਜੂਦ ਕਿੱਟ ਬੈੱਗ ਵਿਚੋਂ 8 ਪਿਸਤੌਲ ਸਮੇਤ ਮੈਗਜ਼ੀਨ ਬਰਾਮਦ ਹੋਏ, ਜਿਨ੍ਹਾਂ ਵਿਚ 4 ਗਲੌਕ ਪਿਸਟਲ, 3 ਰੇਪੀਡ ਪਿਸਟਲ 30 ਬੋਰ ਅਤੇ 1 ਸਟਾਰ ਪਿਸਟਲ 30 ਬੋਰ ਹਨ। ਕਾਬੂ ਕੀਤੇ ਗਏ ਨੌਜਵਾਨਾਂ ਦੀ ਪਛਾਣ ਜਸਕਰਨ ਸਿੰਘ ਉਰਫ ਕਰਨ ਪੁੱਤਰ ਸਾਹਿਬ ਸਿੰਘ ਵਾਸੀ ਚੂਸਲੇਵੜ ਅਤੇ ਅਰਸ਼ਦੀਪ ਸਿੰਘ ਉਰਫ ਅਰਸ਼ ਪੁੱਤਰ ਦਲਬੀਰ ਸਿੰਘ ਵਾਸੀ ਚੂਸਲੇਵੜ ਵਜੋ ਹੋਈ। ਐੱਸ. ਐੱਸ. ਪੀ. ਲਾਂਬਾ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮੁਲਜ਼ਮ ਜਸਕਰਨ ਸਿੰਘ ਉਰਫ ਕਰਨ ਅਤੇ ਅਰਸ਼ਦੀਪ ਸਿੰਘ ਉਰਫ ਅਰਸ਼ ਦੇ ਪਾਕਿਸਤਾਨ ਦੇ ਤਸਕਰਾਂ ਨਾਲ ਸਬੰਧ ਹਨ ਅਤੇ ਇਹ ਪਾਕਿਸਤਾਨ ਦੇ ਮਲਿਕ ਨਾਮਕ ਤਸਕਰ ਦੇ ਟੱਚ ਵਿਚ ਸਨ। ਇਨ੍ਹਾਂ ਨੇ ਇਹ ਹਥਿਆਰ ਪਾਕਿਸਤਾਨ ਪਾਸੋਂ ਮੰਗਵਾਏ ਸਨ, ਜਿਨ੍ਹਾਂ ਨੂੰ ਪੰਜਾਬ ਦੇ ਵੱਖ-ਵੱਖ ਜਗ੍ਹਾ ਸਪਲਾਈ ਕਰਨੇ ਸਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦਾ ਇਕ ਹੋਰ ਜੂਵਨਾਇਲ ਸਾਥੀ ਵੀ ਇਨ੍ਹਾਂ ਨਾਲ ਮਿਲਕੇ ਹਥਿਆਰਾਂ ਦੀ ਤਸਕਰੀ ਕਰਦਾ ਹੈ। ਜਿਸ ਨੂੰ ਤਰਨ ਤਾਰਨ ਪੁਲਿਸ ਨੇ 15 ਜੁਲਾਈ ਨੂੰ ਹਿਰਾਸਤ ਵਿਚ ਲੈ ਕੇ ਜੂਵਨਾਇਲ ਕੋਰਟ ਵਿਚ ਪੇਸ਼ ਕਰਕੇ ਕੋਰਟ ਦੇ ਹੁਕਮ ਮੁਤਾਬਿਕ ਅਬਸ਼ਰਵੇਸ਼ਨ ਹੋਮ ਵਿਚ ਭੇਜ ਦਿੱਤਾ ਗਿਆ ਅਤੇ ਬਾਕੀ ਗ੍ਰਿਫ਼ਤਾਰ ਵਿਅਕਤੀਆਂ ਨੂੰ ਪੇਸ਼ ਅਦਾਲਤ ਕਰਕੇ ਹੋਰ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ, ਜਿਸ ਦੌਰਾਨ ਹੋਰ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ। ਇਸ ਮੌਕੇ ਉਨ੍ਹਾਂ ਨਾਲ ਐੱਸ.ਪੀ.(ਡੀ) ਰਿਪੁਤਪਨ ਸਿੰਘ, ਡੀ.ਐੱਸ.ਪੀ.(ਡੀ) ਸ਼ਿਵਦਰਸ਼ਨ ਸਿੰਘ ਅਤੇ ਹੋਰ ਮੁਲਾਜ਼ਮ ਮੌਜੂਦ ਸਨ।