ਤਰਨ ਤਾਰਨ, 16 ਜੁਲਾਈ (ਹਰਿੰਦਰ ਸਿੰਘ)-ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵਲੋਂ ਪਿੰਡ ਕੱਦਗਿੱਲ ਤੇ ਲਾਲਪੁਰ ਦੀਆਂ 9 ਲਿੰਕ ਸੜਕਾਂ ਦੀ ਨਵੀਂ ਉਸਾਰੀ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਪਿੰਡਾਂ ਦੀਆਂ ਸੜਕਾਂ ਦੇ ਕਾਇਆ ਕਲਪ ਲਈ ਵੱਡੇ ਪੱਧਰ ’ਤੇ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸੇ ਤਹਿਤ ਪਿਛਲੇ ਚਾਰ ਸਾਲਾਂ ਦੌਰਾਨ ਕਰੋੜਾਂ ਰੁਪਏ ਦੀ ਲਾਗਤ ਨਾਲ ਹਲਕਾ ਖਡੂਰ ਸਾਹਿਬ ਦੀਆਂ ਸੜਕਾਂ ਦੀ ਵੀ ਨੁਹਾਰ ਬਦਲੀ ਗਈ ਹੈ। ਆਉਂਦੇ ਦਿਨਾਂ ’ਚ ਇਸ ਕੰਮ ਵਿਚ ਹੋਰ ਵੀ ਤੇਜ਼ੀ ਲਿਆਂਦੀ ਜਾਵੇਗੀ। ਹਲਕੇ ਦੀਆਂ ਪੇਂਡੂ ਸੜਕਾਂ ਦੀ ਨੁਹਾਰ ਬਦਲਣ ਲਈ ਉਨ੍ਹਾਂ ਨੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦਾ ਵੀ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਹਲਕਾ ਖਡੂਰ ਸਾਹਿਬ ਨੂੰ ਵਿਕਾਸ ਦੀਆਂ ਬੁਲੰਦੀਆਂ ’ਤੇ ਪਹੁੰਚਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀ ਤੇ ਸੰਬੰਧਿਤ ਇਲਾਕਿਆਂ ਦੀਆਂ ਅਹਿਮ ਸ਼ਖ਼ਸੀਅਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ।