ਤਰਨ ਤਾਰਨ, 22 ਜੁਲਾਈ (ਹਰਿੰਦਰ ਸਿੰਘ)-ਸੂਬਾ ਸਰਕਾਰ ਵਲੋਂ ਲਏ ਫ਼ੈਸਲੇ ਅਨੁਸਾਰ ਨੈਸ਼ਨਲ ਫੂਡ ਸਿਕਿਊਰਿਟੀ ਐਕਟ 2013 ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਨਵੇਂ ਰਾਸ਼ਨ ਕਾਰਡ ਬਣਾਉਣ ਅਤੇ ਮੌਜੂਦਾ ਰਾਸ਼ਨ ਕਾਰਡਾਂ ਵਿਚ ਮੈਂਬਰ ਸ਼ਾਮਿਲ ਕਰਨ ਲਈ 22 ਜੁਲਾਈ 2026 ਤੋਂ 11 ਅਗਸਤ 2026 ਤੱਕ ਆਨਲਾਈਨ ਅਰਜ਼ੀਆਂ ਪ੍ਰਾਪਤ ਕੀਤੀਆਂ ਜਾਣੀਆਂ ਹਨ। ਇਸ ਪਹਿਲਕਦਮੀ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਯੋਗ ਪਰਿਵਾਰਾਂ, ਲਾਭਪਾਤਰੀਆਂ ਨੂੰ ਇਕ ਪਾਰਦਰਸ਼ੀ, ਨਿਰਪੱਖ ਅਤੇ ਤਕਨਾਲੋਜੀ-ਆਧਾਰਿਤ ਪ੍ਰਕਿਰਿਆ ਰਾਹੀਂ ਸ਼ਾਮਿਲ ਕੀਤਾ ਜਾਵੇ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਦੱਸਿਆ ਕਿ ਨਵੇਂ ਰਾਸ਼ਨ ਕਾਰਡ ਬਣਾਉਣ ਜਾਂ ਮੌਜੂਦਾ ਰਾਸ਼ਨ ਕਾਰਡਾਂ ਵਿਚ ਮੈਂਬਰ ਸ਼ਾਮਿਲ ਕਰਨ ਲਈ ਫਾਰਮ-ਅੰਗਰੇਜ਼ੀ ਅਤੇ ਪੰਜਾਬੀ ਭਾਸ਼ਾ ਵਿਚ ਵਿਭਾਗੀ ਵੈਬਸਾਈਟ ਤੋਂ ਡਾਊਨਲੋਡ ਕੀਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਬਿਨੈਕਾਰ, ਫਾਰਮ ਭਰਨ ਤੋਂ ਪਹਿਲਾਂ ਫਾਰਮ ਦੇ ਨਾਲ ਦਿੱਤੀਆਂ ਹਦਾਇਤਾਂ ਨੂੰ ਧਿਆਨ ਨਾਲ ਪੜ੍ਹਨ ਅਤੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਹੀ ਮੁਕੰਮਲ ਅਰਜ਼ੀ ਜਮ੍ਹਾ ਕਰਵਾਉਣ। ਬਿਨੈਕਾਰ ਆਪਣੀਆਂ ਅਰਜ਼ੀਆਂ ਨਜ਼ਦੀਕੀ ਸੇਵਾ ਕੇਂਦਰ, ਕਾਮਨ ਸਰਵਿਸ ਸੈਂਟਰ (ਸੀ.ਐੱਸ.ਸੀ.) ਜਾ ਕੇ ਆਨਲਾਈਨ ਜਮ੍ਹਾਂ ਕਰਵਾ ਸਕਦਾ ਹੈ। ਸੇਵਾ ਕੇਂਦਰ, ਸੀ.ਐੱਸ.ਸੀ. ਰਾਹੀਂ ਅਰਜ਼ੀ ਸਫਲਤਾਪੂਰਵਕ ਜਮ੍ਹਾ ਹੋਣ ’ਤੇ ਬਿਨੈਕਾਰ ਨੂੰ 100 ਰੁਪਏ ਪ੍ਰਤੀ ਫਾਰਮ ਪ੍ਰੋਸੈਸਿੰਗ ਫੀਸ ਵੀ ਜਮ੍ਹਾ ਕਰਵਾਉਣੀ ਪਵੇਗੀ। ਉਨ੍ਹਾਂ ਕਿਹਾ ਕਿ ਬਿਨੈਕਾਰ ਆਪਣੀ ਅਰਜ਼ੀ ਖ਼ੁਦ ਵੀ ਸਿੱਧੇ ਤੌਰ ’ਤੇ ਪੋਰਟਲ ਰਾਹੀਂ ਆਨਲਾਈਨ ਜਮ੍ਹਾ ਕਰਵਾ ਸਕਦੇ ਹਨ ਅਤੇ ਫਾਰਮ ਆਨਲਾਈਨ ਜਮ੍ਹਾਂ ਕਰਵਾਉਣ ਲਈ ਬਿਨੈਕਾਰ ਨੂੰ ਕੋਈ ਵੀ ਫੀਸ ਨਹੀਂ ਦੇਣੀ ਪਵੇਗੀ। ਇਸ ਤੋਂ ਇਲਾਵਾ ਬਿਨੈਕਾਰ ਆਪਣਾ ਫਾਰਮ ਸਮੇਤ ਦਸਤਾਵੇਜ਼ ਅਤੇ 100 ਰੁਪਏ ਪ੍ਰਤੀ ਫਾਰਮ ਫੀਸ ਦਫ਼ਤਰ ਜ਼ਿਲ੍ਹਾ ਕੰਟਰੋਲਰ, ਖ਼ੁਰਾਕ ਸਿਵਲ ਸਪਲਾਈਜ਼ ਅਤੇ ਖ਼ਪਤਕਾਰ ਮਾਮਲੇ, ਕਮਰਾ ਨੰਬਰ 301-302 ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਵੀ ਜਮ੍ਹਾਂ ਕਰਵਾ ਸਕਦਾ ਹੈ।