ਤਰਨ ਤਾਰਨ, 22 ਜੁਲਾਈ (ਹਰਿੰਦਰ ਸਿੰਘ)- ਨੌਜਵਾਨਾਂ ਵਿਚ ਆਪਣੇ ਵੋਟ ਦੇ ਅਧਿਕਾਰਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ ਐੱਸ.ਆਈ.ਆਰ. ਤਹਿਤ ਚੱਲ ਰਹੇ ਵੋਟਰ ਸੁਧਾਈ ਅਭਿਆਨ ਨੂੰ ਸਫਲ ਬਣਾਉਣ ਅਤੇ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਅੱਜ ਜ਼ਿਲ੍ਹੇ ਦੇ ਸਮੂਹ ਸਕੂਲਾਂ ਵਿੱਚ ਵੋਟਰ ਜਾਗਰੂਕਤਾ ਅਤੇ ਐੱਸ.ਆਈ.ਆਰ. ਸਬੰਧੀ ਲੇਖ ਮੁਕਾਬਲੇ ਕਰਵਾਏ ਗਏ। ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ-ਕਮ-ਨੋਡਲ ਅਫ਼ਸਰ ਸਵੀਪ ਰਜਿੰਦਰ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਦਾ ਵਿਸ਼ਾ ‘ਵੋਟਰ ਜਾਗਰੂਕਤਾ ਅਤੇ ਐੱਸ.ਆਈ.ਆਰ. ਰੱਖਿਆ ਗਿਆ ਸੀ। ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਆਪਣੇ ਲੇਖਾਂ ਰਾਹੀਂ ਵੋਟ ਦੀ ਮਹੱਤਤਾ, ਵੋਟਰ ਸੁਧਾਈ ਅਤੇ ਲੋਕਤੰਤਰ ਵਿੱਚ ਨੌਜਵਾਨਾਂ ਦੀ ਭੂਮਿਕਾ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਗੱਲਬਾਤ ਕਰਦਿਆਂ ਰਜਿੰਦਰ ਕੌਰ ਨੇ ਕਿਹਾ ਕਿ ਵਿਦਿਆਰਥੀਆਂ ਦਾ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋਣਾ ਉਨ੍ਹਾਂ ਦੇ ਰੋਸ਼ਨ ਭਵਿੱਖ ਲਈ ਬਹੁਤ ਜ਼ਰੂਰੀ ਹੈ। ਅੱਜ ਦੇ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਜਿਸ ਤਰ੍ਹਾਂ ਆਪਣੇ ਵਿਚਾਰ ਰੱਖੇ ਹਨ, ਉਹ ਇਸ ਗੱਲ ਦਾ ਸਬੂਤ ਹੈ ਕਿ ਨੌਜਵਾਨ ਪੀੜ੍ਹੀ ਆਪਣੇ ਅਧਿਕਾਰਾਂ ਪ੍ਰਤੀ ਕਿੰਨੀ ਸੁਚੇਤ ਹੈ। ਉਨ੍ਹਾਂ ਅੱਗੇ ਕਿਹਾ ਕਿ ਐੱਸ.ਆਈ.ਆਰ. ਤਹਿਤ ਅੱਜ ਦੀ ਨੌਜਵਾਨ ਪੀੜ੍ਹੀ ਲੋਕਾਂ ਨੂੰ ਜਾਗਰੂਕ ਕਰਨ ਵਿਚ ਇਕ ਅਹਿਮ ਭੂਮਿਕਾ ਨਿਭਾਅ ਰਹੀ ਹੈ। ਸਕੂਲਾਂ ਰਾਹੀਂ ਚਲਾਈ ਜਾ ਰਹੀ ਇਹ ਮੁਹਿੰਮ ਘਰ-ਘਰ ਤੱਕ ਪਹੁੰਚ ਕੇ ਲੋਕਤੰਤਰ ਨੂੰ ਮਜ਼ਬੂਤ ਕਰੇਗੀ । ਇਨ੍ਹਾਂ ਮੁਕਾਬਲਿਆਂ ਵਿੱਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਸ਼ੀਲਡਾਂ ਦੇ ਕੇ ਸਨਮਾਨਿਤ ਕੀਤਾ ਗਿਆ।