ਤਰਨ ਤਾਰਨ, 24 ਜੁਲਾਈ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਵੱਖ-ਵੱਖ ਜਗ੍ਹਾ ਉਪਰ ਕੀਤੀ ਛਾਪੇਮਾਰੀ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਕਾਬੂ ਕੀਤੇ ਵਿਅਕਤੀਆਂ ਪਾਸੋਂ ਇਕ ਦੇਸੀ ਪਿਸਟਲ ਸਮੇਤ 1 ਕਾਰਤੂਸ, 3 ਵੱਡੇ ਅਤੇ 3 ਛੋਟੇ ਮੈਗਜੀਨ, 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਤਰਨ ਤਾਰਨ ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਹਿੱਸੇ ਵਜ਼ੋ ਤਰਨ ਤਾਰਨ ਪੁਲਿਸ ਵਲੋਂ ਨਸ਼ਿਆਂ ਖਿਲਾਫ ਚੱਲ ਰਹੀ ਜੰਗ ਵਿਚ ਤਰਨ ਤਾਰਨ ਪੁਲਿਸ ਵਲੋਂ ਸਾਰੀਆਂ ਸਬ-ਡਵੀਜ਼ਨਾਂ ਵਿਚ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਇੱਕ ਸਪੈਸ਼ਲ ਮੁਹਿੰਮ ਚਲਾਈ ਗਈ ਹੈ। ਜਿਸ ਤਹਿਤ ਐੱਸ.ਪੀ.(ਡੀ) ਰਿਪੁਤਾਪਨ ਸਿੰਘ ਵਲੋਂ ਨਸ਼ਾ ਤਸਕਰਾਂ ’ਤੇ ਕਾਬੂ ਪਾਉਣ ਲਈ ਵੱਖ-ਵੱਖ ਟੀਮਾਂ ਤਿਆਰ ਕਰਕੇ ਇਲਾਕੇ ਵਿਚ ਭੇਜੀਆਂ ਗਈਆਂ। ਜਿਸ ਤਹਿਤ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਗੁਰਵਿੰਦਰ ਸਿੰਘ ਨੇ ਗਸ਼ਤ ਦੌਰਾਨ ਪਿੰਡ ਰਸੂਲਪੁਰ ਦੀਆਂ ਮੜੀਆ ਤੋਂ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਗੁਰਲਾਲ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਰਸੂਲਪੁਰ ਨਹਿਰਾਂ ਨੂੰ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਏ.ਐੱਸ.ਆਈ. ਸਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਸੁਖਵਿੰਦਰ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਸਿੱਧਵਾਂ ਅਤੇ ਗੁਰਵਿੰਦਰ ਸਿੰਘ ਵਾਸੀ ਭਿੱਖੀਵਿੰਡ ਨੂੰ ਕਾਬੂ ਕਰਕੇ ਇਨ੍ਹਾਂ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਹਰੀਕੇ ਦੇ ਐੱਸ.ਆਈ. ਰਣਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸਤ ਦੌਰਾਨ ਮੇਨ ਹਾਈਵੇ ਲੇਅ ਲਾਈਨ ਵਹੀਕਲ ਪਾਰਕ ਤੋਂ ਮਨਜੀਤ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਉਬੋਕੇ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ.ਐਕਟ ਤਹਿਤ ਮਾਮਲੇ ਦਰਜ ਕਰਨ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ, ਜਿਸ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਹੈ।