ਤਰਨ ਤਾਰਨ, 28 ਜੁਲਾਈ (ਹਰਿੰਦਰ ਸਿੰਘ)-ਤਰਨ ਤਾਰਨ ਸ਼ਹਿਰ ਵਿਚ ਥਾਂ-ਥਾਂ ’ਤੇ ਲੱਗੇ ਕੂੜੇ ਦੇ ਢੇਰਾਂ ਦਾ ਭਾਜਪਾ ਹਲਕਾ ਇੰਚਾਰਜ ਹਰਜੀਤ ਸਿੰਘ ਸੰਧੂ ਨੇ ਜਾਇਜ਼ਾ ਲੈਂਦਿਆ ‘ਆਪ’ ਸਰਕਾਰ ਦੀ ਨਿਖੇਧੀ ਕੀਤੀ। ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਭਾਜਪਾ ਦੇ ਹਲਕਾ ਇੰਚਾਰਜ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਆਪਣੇ ਪ੍ਰਮੁੱਖ ਸਾਥੀਆਂ ਜ਼ਿਲ੍ਹਾ ਜਨਰਲ ਸਕੱਤਰ ਹਰਪ੍ਰੀਤ ਸਿੰਘ, ਐਸ.ਸੀ. ਮੋਰਚਾ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ, ਮੰਡਲ ਪ੍ਰਧਾਨ ਰੋਹਿਤ ਸ਼ਰਮਾ ਅਤੇ ਹੋਰ ਭਾਜਪਾ ਆਗੂਆਂ ਸਮੇਤ ਤਰਨ ਤਾਰਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਕੇ ਸਫਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਲੱਗੇ ਕੂੜੇ ਦੇ ਢੇਰਾਂ ਦਾ ਜਾਇਜ਼ਾ ਲਿਆ। ਇਸ ਮੌਕੇ ਹਰਜੀਤ ਸਿੰਘ ਸੰਧੂ ਨੇ ਦੁਕਾਨਦਾਰਾਂ ਅਤੇ ਸ਼ਹਿਰ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਕਿਹਾ ਕਿ ਕਈ ਦਿਨਾਂ ਤੋਂ ਕੂੜਾ ਨਾ ਚੁੱਕੇ ਜਾਣ ਕਾਰਨ ਸ਼ਹਿਰ ਵਿਚ ਗੰਦਗੀ ਅਤੇ ਬਦਬੂ ਫੈਲੀ ਹੋਈ ਹੈ, ਜਿਸ ਨਾਲ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਬਿਮਾਰੀਆਂ ਫੈਲਣ ਦਾ ਖਤਰਾ ਵੀ ਵੱਧ ਗਿਆ ਹੈ। ਸੰਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਵਿਚ ਅਸਫਲ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੀ ਲਾਪਰਵਾਹੀ ਕਾਰਨ ਸ਼ਹਿਰ ਦੀ ਸਫਾਈ ਪ੍ਰਣਾਲੀ ਠੱਪ ਹੋ ਗਈ ਹੈ ਅਤੇ ਲੋਕ ਗੰਦਗੀ ਵਿਚ ਜੀਵਨ ਬਿਤਾਉਣ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦਾ ਸਮੇਂ ਸਿਰ ਹੱਲ ਨਾ ਕਰਨਾ ਵੀ ਸਰਕਾਰ ਦੀ ਨਾਕਾਮੀ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਸੰਬੰਧਿਤ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸਫਾਈ ਕਰਮਚਾਰੀਆਂ ਨਾਲ ਤੁਰੰਤ ਗੱਲਬਾਤ ਕਰਕੇ ਹੜਤਾਲ ਦਾ ਹੱਲ ਕੱਢਿਆ ਜਾਵੇ ਅਤੇ ਤਰਨ ਤਾਰਨ ਸ਼ਹਿਰ ਵਿਚ ਜਮ੍ਹਾਂ ਹੋਇਆ ਕੂੜਾ ਫੌਰੀ ਤੌਰ ’ਤੇ ਚੁੱਕਵਾਇਆ ਜਾਵੇ, ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਹਮੇਸ਼ਾ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਠਾਉਂਦੀ ਰਹੇਗੀ ਅਤੇ ਜਨਤਾ ਦੇ ਹੱਕਾਂ ਲਈ ਸੰਘਰਸ਼ ਜਾਰੀ ਰੱਖੇਗੀ। ਇਸ ਮੌਕੇ ਪਾਰਟੀ ਆਗੂ ਜੱਬਰ ਸਿੰਘ, ਬਲਦੇਵ ਸਿੰਘ, ਹਰਪ੍ਰੀਤ ਸਿੰਘ ਖਾਲਸਾ, ਹਰਜੀਤ ਸਿੰਘ ਕੰਗ ਤੋਂ ਇਲਾਵਾ ਸ਼ਹਿਰ ਦੇ ਵੱਖ-ਵੱਖ ਦੁਕਾਨਦਾਰ ਅਤੇ ਆਮ ਲੋਕਾਂ ਨੇ ਆਪ ਸਰਕਾਰ ਦੀ ਜੰਮ੍ਹ ਕੇ ਨਿਖੇਧੀ ਕੀਤੀ।