ਤਰਨ ਤਾਰਨ, 29 ਜੁਲਾਈ (ਹਰਿੰਦਰ ਸਿੰਘ)-ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸਨੇਹਦੀਪ ਸ਼ਰਮਾ ਡੀ.ਆਈ.ਜੀ. ਫਿਰੋਜ਼ਪੁਰ ਰੇਂਜ ਦੀ ਨਿਗਰਾਨੀ ਹੇਠ ਜ਼ਿਲ੍ਹਾ ਤਰਨ ਤਾਰਨ ਪੁੁਲਿਸ ਵਲੋਂ ਨਸ਼ਿਆਂ, ਸੰਗਠਿਤ ਅਪਰਾਧ ਅਤੇ ਗੈਂਗਸਟਰ ਨੈੱਟਵਰਕਾਂ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਤਹਿਤ ‘ਆਪਰੇਸ਼ਨ ਪ੍ਰਹਾਰ-4 ਚਲਾਇਆ ਗਿਆ, ਜੋ ਕਿ ਤੀਸਰੇ ਦਿਨ ਵੀ ਜਾਰੀ ਰਿਹਾ ਅਤੇ ਤੀਸਰੇ ਦਿਨ ਇਹ ਆਪਰੇਸ਼ਨ ਬਾਰਡਰ ਏਰੀਏ ਦੇ ਪਿੰਡਾਂ ਵਿਚ ਚਲਾਇਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਆਪਰੇਸ਼ਨ ਪ੍ਰਹਾਰ-4 ਤਹਿਤ ਜ਼ਿਲ੍ਹੇ ਵਿਚ 26 ਗਜ਼ਟਡ ਅਫਸਰਾਂ ਤੋਂ ਇਲਾਵਾ 110 ਤੋਂ ਵੱਧ ਪੁਲਿਸ ਦੀਆਂ ਟੀਮਾਂ ਜਿਨ੍ਹਾਂ ਵਿਚ 1200 ਪੁਲਿਸ ਮੁਲਾਜ਼ਮ ਤਾਇਨਾਤ ਹਨ, ਉਨ੍ਹਾਂ ਵਲੋਂ ਨਸ਼ਾ ਤਸਕਰਾਂ, ਸਰਹੱਦ ਪਾਰ ਤਸਕਰਾਂ, ਗੈਂਗਸਟਰਾਂ, ਭਗੌੜੇ ਮੁਲਜ਼ਮਾਂ ਅਤੇ ਉਨ੍ਹਾਂ ਦੇ ਸਾਥੀਆਂ ਵਿਰੁੱਧ ਇਕੋ ਸਮੇਂ ਵਿਆਪਕ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਨਸ਼ਾ ਤਸਕਰੀ ਅਤੇ ਸੰਗਠਿਤ ਅਪਰਾਧ ਨੂੰ ਸਹਾਰਾ ਦੇਣ ਵਾਲੇ ਪੂਰੇ ਨੈੱਟਵਰਕ ਨੂੰ ਤੋੜਨਾ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨ ਇਸ ਆਪਰੇਸ਼ਨ ਦੀ ਜਾਂਚ ਕਰਨ ਲਈ ਡੀ.ਆਈ.ਜੀ.ਫਿਰੋਜਪੁਰ ਰੇਂਜ ਸਨੇਹਦੀਪ ਸ਼ਰਮਾ ਵੀ ਪਹੁੰਚੇ ਸਨ, ਜਿਨ੍ਹਾਂ ਵਲੋਂ ਵੱਖ-ਵੱਖ ਸੁਰੱਖਿਆ ਪ੍ਰਬੰਧਕਾਂ ਦਾ ਜਾਇਜਾ ਲਿਆ ਗਿਆ ਅਤੇ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸਰਹੱਦੀ ਪਿੰਡਾਂ ਅਤੇ ਨਸ਼ਾ ਪ੍ਰਭਾਵਿਤ ਹਾਟਸਪਾਟ ਇਲਾਕਿਆਂ ਵਿਚ ਵਿਸ਼ੇਸ਼ ਤਲਾਸ਼ੀ ਅਤੇ ਨਿਗਰਾਨੀ ਮੁਹਿੰਮ ਚਲਾਈ ਗਈ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਡਰੋਨ ਰਾਹੀਂ ਹੋਣ ਵਾਲੀ ਤਸਕਰੀ ਨੂੰ ਰੋਕਣ, ਨਸ਼ੀਲੇ ਪਦਾਰਥਾਂ ਦੀ ਖੇਪ ਨੂੰ ਕਾਬੂ ਕਰਨ ਅਤੇ ਸਰਹੱਦੀ ਖੇਤਰਾਂ ਵਿਚ ਸਰਗਰਮ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਸਖ਼ਤ ਚੌਕਸੀ ਬਰਕਰਾਰ ਰੱਖੀ ਹੈ।