ਤਰਨ ਤਾਰਨ, 30 ਜੁਲਾਈ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵਲਟੋਹਾ ਦੀ ਪੁਲਿਸ ਨੇ ਸੂਚਨਾ ਦੇ ਅਧਾਰ ’ਤੇ ਕੀਤੀ ਨਾਕਾਬੰਦੀ ਦੌਰਾਨ ਇਕ ਤਸਕਰ ਨੂੰ ਗਿ੍ਰਫ਼ਤਾਰ ਕਰਕੇ ਉਸ ਪਾਸੋਂ 1 ਕਿਲੋ 17 ਗ੍ਰਾਮ ਹੈਰੋਇਨ ਅਤੇ 4 ਪਿਸਟਲ ਬਰਾਮਦ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਬਰਾਮਦ ਹੈਰੋਇਨ ਦੀ ਅੰਤਰ ਰਾਸ਼ਟਰੀ ਬਾਜ਼ਾਰ ਵਿਚ ਕੀਮਤ 5 ਕਰੋੜ ਰੁਪਏ ਤੋਂ ਉਪਰ ਦੱਸੀ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਵਲਟੋਹਾ ਦੇ ਏ.ਐੱਸ.ਆਈ. ਬਲਜਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਦਾਣਾ ਮੰਡੀ ਅਲਗੋ ਕੋਠੀ ਨਜ਼ਦੀਕ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਰਸ਼ਪਾਲ ਸਿੰਘ ਪੁੱਤਰ ਗਿਆਨ ਸਿੰਘ ਵਾਸੀ ਨੰਦਪੁਰ ਹਥਿਆਰਾਂ ਦੀ ਸਪਲਾਈ ਦਾ ਧੰਦਾ ਕਰਦਾ ਹੈ, ਤਾਂ ਉਨ੍ਹਾਂ ਸੂਚਨਾ ਦੇ ਅਧਾਰ ’ਤੇ ਕਾਰਵਾਈ ਕਰਦੇ ਹੋਏ ਰਸ਼ਪਾਲ ਸਿੰਘ ਪੁੱਤਰ ਗਿਆਨ ਸਿੰਘ ਵਾਸੀ ਨੰਦਪੁਰ ਨੂੰ ਗਿ੍ਰਫ਼ਤਾਰ ਕਰਕੇ ਉਸ ਪਾਸੋਂ 1 ਕਿਲੋ 17 ਗ੍ਰਾਮ ਹੈਰੋਇਨ ਅਤੇ 4 ਪਿਸਟਲ 30 ਬੋਰ ਬਰਾਮਦ ਕੀਤੇ ਹਨ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਉਕਤ ਕਾਬੂ ਕੀਤੇ ਵਿਅਕਤੀ ਖਿਲਾਫ਼ ਥਾਣਾ ਵਲਟੋਹਾ ਵਿਚ ਐੱਨ.ਡੀ.ਪੀ.ਐੱਸ. ਐਕਟ ਅਤੇ ਅਸਲਾ ਐਕਟ ਤਹਿਤ ਮਾਮਲਾ ਦਰਜ ਕਰਨ ਤੋਂ ਬਾਅਦ ਉਸ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ, ਜਿਸ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।