ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਲਈ ਸਮੂਹ ਪੋਲਿੰਗ ਸਟੇਸ਼ਨਾਂ ‘ਤੇ ਐਤਵਾਰ ਨੂੰ ਲੱਗਣਗੇ ਵਿਸ਼ੇਸ਼ ਕੈਂਪ
ਤਰਨ ਤਾਰਨ, 1 ਸਤੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਸ੍ਰੀ ਰਾਹੁਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿਚ ਵੋਟਰ ਸੂਚੀ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ. ਆਈ.
ਤਰਨ ਤਾਰਨ, 1 ਸਤੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਸ੍ਰੀ ਰਾਹੁਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿਚ ਵੋਟਰ ਸੂਚੀ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ-2026) ਦਾ ਮਹੱਤਵਪੂਰਨ ਕੰਮ ਚੱਲ ਰਿਹਾ ਹੈ। ਇਸ ਸੰਬੰਧੀ ਜਾਰੀ ਸ਼ਡਿਊਲ ਅਨੁਸਾਰ ਮਿਤੀ 13 ਅਗਸਤ 2026 ਨੂੰ ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕੀਤੀ ਗਈ ਸੀ। ਮਿਤੀ 13 ਅਗਸਤ ਤੋਂ 12 ਸਤੰਬਰ 2026 ਤੱਕ ਵੋਟਰਾਂ ਵਲੋਂ ਦਾਅਵੇ ਅਤੇ ਇਤਰਾਜ ਸੰਬੰਧੀ ਫਾਰਮ ਨੰਬਰ 6, 6-ਏ, 7 ਅਤੇ 8 ਆਨਲਾਈਨ ਅਤੇ ਆਫਲਾਈਨ (ਸੰਬੰਧਿਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਅਤੇ ਬੀ.ਐਲ.ਓ) ਭਰੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਐਸ.ਆਈ.ਆਰ-2026 ਦੌਰਾਨ ਆਮ ਜਨਤਾ ਅਤੇ ਵੋਟਰਾਂ ਵਲੋਂ ਦਾਅਵੇ ਅਤੇ ਇਤਰਾਜ ਪ੍ਰਾਪਤ ਕਰਨ ਲਈ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਪੋਲਿੰਗ ਸਟੇਸ਼ਨਾਂ ’ਤੇ ਬੀ.ਐਲ.ਓਜ਼ ਦੁਆਰਾ ਮਿਤੀ 6 ਸਤੰਬਰ 2026 (ਦਿਨ ਐਤਵਾਰ) ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਸਮੂਹ ਬੀ.ਐਲ.ਓਜ਼ ਆਪਣੇ ਪੋਲਿੰਗ ਬੂਥਾਂ ’ਤੇ ਹਾਜ਼ਰ ਰਹਿਣਗੇ ਅਤੇ ਵੋਟਰਾਂ ਨੂੰ ਨੋਟਿਸ ਫਾਰਮ ਅਤੇ ਦਾਅਵੇ-ਇਤਰਾਜ ਭਰਨ ਸੰਬੰਧੀ ਲੋੜੀਂਦੀ ਜਾਣਕਾਰੀ ਮੁਹੱਈਆ ਕਰਵਾਉਣਗੇ। ਜ਼ਿਲ੍ਹਾ ਚੋਣ ਅਫਸਰ ਨੇ ਇਹ ਵੀ ਦੱਸਿਆ ਕਿ ਸਪੈਸ਼ਲ ਕੈਂਪਾਂ ਦੌਰਾਨ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਵਲੋਂ ਨਿਯੁਕਤ ਕੀਤੇ ਗਏ ਬੂਥ ਲੈਵਲ ਏਜੰਟ ਦਾਅਵੇ ਅਤੇ ਇਤਰਾਜਾਂ ਦੇ ਕੰਮ ਸੰਬੰਧੀ ਬੀ.ਐਲ.ਓਜ਼ ਨੂੰ ਸਹਿਯੋਗ ਦੇਣਗੇ ਅਤੇ ਆਪਣੇ ਪਾਰਟੀ ਵਰਕਰਾਂ ਰਾਹੀਂ ਵੱਧ ਤੋਂ ਵੱਧ ਵੋਟਰ ਰਜਿਸਟ੍ਰੇਸ਼ਨ ਕਰਵਾਉਣਾ ਯਕੀਨੀ ਬਣਾਉਣਗੇ। ਉਨ੍ਹਾਂ ਜ ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਯੋਗਤਾ ਮਿਤੀ 01 ਅਕਤੂਬਰ 2026 ਦੇ ਆਧਾਰ ’ਤੇ ਜਿਸ ਨਾਗਰਿਕ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੈ, ਉਹ ਆਪਣਾ ਨਾਂਅ ਵੋਟਰ ਸੂਚੀ ਵਿਚ ਸ਼ਾਮਿਲ ਕਰਨ ਲਈ ਫਾਰਮ ਨੰਬਰ 6 ਅਤੇ ਵੋਟਰ ਕਾਰਡ ਵਿਚ ਦਰਜ ਵੇਰਵਿਆਂ ਵਿਚ ਦਰੁਸਤੀ ਕਰਵਾਉਣ ਲਈ ਫਾਰਮ ਨੰਬਰ 8 ਭਰ ਕੇ ਪੋਲਿੰਗ ਬੂਥਾਂ ’ਤੇ ਮੌਜੂਦ ਬੀ.ਐਲ.ਓਜ਼ ਨੂੰ ਦੇਣ ਲਈ ਇਨ੍ਹਾਂ ਕੈਂਪਾਂ ਦਾ ਲਾਭ ਲੈ ਸਕਦਾ ਹੈ।