ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ’ਚ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਅਹਿਮ ਯੋਗਦਾਨ - ਵਿਧਾਇਕ ਲਾਲਪੁਰਾ
ਤਰਨ ਤਾਰਨ, 10 ਸਤੰਬਰ (ਹਰਿੰਦਰ ਸਿੰਘ)-ਵਿਧਾਇਕ ਖਡੂਰ ਸਾਹਿਬ ਮਨਜਿੰਦਰ ਸਿੰਘ ਲਾਲਪੁਰਾ ਵਲੋਂ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਸਮੇਤ ‘ਖੇਡਾਂ ਵਤਨ ਪੰਜਾਬ ਦੀਆਂ-2026’ ਸੰਬੰਧੀ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅ.
ਤਰਨ ਤਾਰਨ, 10 ਸਤੰਬਰ (ਹਰਿੰਦਰ ਸਿੰਘ)-ਵਿਧਾਇਕ ਖਡੂਰ ਸਾਹਿਬ ਮਨਜਿੰਦਰ ਸਿੰਘ ਲਾਲਪੁਰਾ ਵਲੋਂ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਸਮੇਤ ‘ਖੇਡਾਂ ਵਤਨ ਪੰਜਾਬ ਦੀਆਂ-2026’ ਸੰਬੰਧੀ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅ. ਗੁਰਵਿੰਦਰ ਸਿੰਘ ਬਹਿਲਵਾੜ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਭੁਪਿੰਦਰ ਸਿੰਘ ਖੇੜਾ, ਜ਼ਿਲ੍ਹਾ ਯੂਥ ਪ੍ਰਧਾਨ ਸ਼ਹਿਬਾਜ਼ ਸਿੰਘ, ਪੰਜਾਬ ਸਪੋਰਟਸ ਵੈਲਫੇਅਰ ਬੋਰਡ ਤਰਨ ਤਾਰਨ ਦੇ ਚੇਅ. ਯਾਦਵਿੰਦਰ ਸਿੰਘ ਯਾਦੂ ਅਤੇ ਹੋਰ ਅਹਿਮ ਸ਼ਖ਼ਸੀਅਤਾਂ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੀਆਂ। ਇਸ ਮੌਕੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ ਕਿ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਵਿਚ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਅਹਿਮ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਹਰ ਸਾਲ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਕਰਵਾਏ ਜਾਂਦੇ ਖੇਡ ਮੁਕਾਬਲਿਆਂ ਨੇ ਜਿਥੇ ਵੱਡੀ ਗਿਣਤੀ ਨੌਜਵਾਨਾਂ ਦਾ ਰੁਖ਼ ਖੇਡ ਮੈਦਾਨਾਂ ਵੱਲ ਮੋੜਿਆ ਹੈ, ਉਥੇ ਹਰ ਉਮਰ ਦੇ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਲਈ ਮੰਚ ਵੀ ਪ੍ਰਦਾਨ ਕੀਤਾ ਹੈ। ਉਨ੍ਹਾਂ ਸਮੂਹ ਆਗੂਆਂ ਅਤੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਇਨ੍ਹਾਂ ਖੇਡਾਂ ਵਿਚ ਵੱਧ ਤੋਂ ਵੱਧ ਖਿਡਾਰੀਆਂ ਦੀ ਸ਼ਮੂਲੀਅਤ ਕਰਵਾਉਣ ਦਾ ਸੱਦਾ ਦਿੱਤਾ। ਉਨ੍ਹਾਂ ਯੂਥ ਆਗੂਆਂ ਨੂੰ ਕਿਹਾ ਕਿ ਉਹ ਪਿੰਡਾਂ ਦੇ ਖੇਡ ਕਲੱਬਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਇਨ੍ਹਾਂ ਖੇਡਾਂ ਵਿਚ ਸ਼ਾਮਿਲ ਹੋਣ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਤੋਂ ਇਲਾਵਾ ਸਿੱਖਿਆ ਵਿਭਾਗ ਇਸ ਕੰਮ ਵਿਚ ਅਹਿਮ ਯੋਗਦਾਨ ਦੇ ਸਕਦਾ ਹੈ। ਮੀਟਿੰਗ ਉਪਰੰਤ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿਧਾਇਕ ਲਾਲਪੁਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਸ਼ੇਸ਼ ਯਤਨਾ ਸਦਕਾ ਸੂਬੇ ਵਿਚ ਖੇਡਾਂ ਦਾ ਇਕ ਨਵਾਂ ਦੌਰ ਸ਼ੁਰੂ ਹੋਇਆ ਹੈ ਅਤੇ ਪੰਜਾਬ ਦੇ ਖਿਡਾਰੀ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ’ਤੇ ਸੂਬੇ ਤੇ ਦੇਸ਼ ਨਾਂਅ ਰੌਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਦਿਨ-ਰਾਤ ਮਿਹਨਤ ਕਰ ਰਹੀ ਹੈ, ਇਸੇ ਸੋਚ ਤਹਿਤ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਆਗਾਜ਼ ਕੀਤਾ ਗਿਆ ਸੀ ਤਾਂ ਜੋ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਉਨ੍ਹਾਂ ਦੀ ਊਰਜਾ ਨੂੰ ਸਹੀ ਪਾਸੇ ਲਗਾਇਆ ਜਾ ਸਕੇ। ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਇਸ ਮੌਕੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਚੌਥਾ ਸੀਜ਼ਨ ਸ਼ੁਰੂ ਹੋ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ 5 ਸਤੰਬਰ ਨੂੰ ਬਠਿੰਡਾ ਵਿਖੇ ਇਨ੍ਹਾਂ ਖੇਡਾਂ ਦਾ ਉਦਘਾਟਨ ਕੀਤਾ ਗਿਆ ਸੀ, ਜਦਕਿ 29 ਨਵੰਬਰ ਨੂੰ ਪਟਿਆਲਾ ਵਿਖੇ ਸਮਾਪਤੀ ਸਮਾਰੋਹ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਵੱਡੀ ਗਿਣਤੀ ਵਿਚ ਖਿਡਾਰੀਆਂ ਵਲੋਂ ਰਜਿਸਟ੍ਰੇਸ਼ਨ ਕਰਵਾਈ ਜਾ ਚੁੱਕੀ ਹੈ, ਜਦਕਿ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਹਾਲੇ ਵੀ ਜਾਰੀ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਇਨ੍ਹਾਂ ਖੇਡਾਂ ਵਿਚ ਹਰ ਉਮਰ ਵਰਗ ਦੇ ਵਿਅਕਤੀ ਹਿੱਸਾ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਖਿਡਾਰੀਆਂ ਦੀ ਰਜਿਸਟ੍ਰੇਸ਼ਨ ਪੋਰਟਲ ’ਤੇ ਜਾਰੀ ਹੈ। ਜਿਹੜੇ ਖਿਡਾਰੀ ਕਿਸੇ ਕਾਰਨ ਕਰਕੇ ਆਨਲਾਈਨ ਰਜਿਸਟ੍ਰੇਸ਼ਨ ਨਹੀਂ ਕਰਵਾ ਸਕੇ, ਉਹ ਮੁਕਾਬਲੇ ਵਾਲੀ ਥਾਂ ’ਤੇ ਵੀ ਆਪਣੀ ਰਜਿਸਟ੍ਰੇਸ਼ਨ ਕਰਵਾ ਕੇ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ 2026’ ਤਹਿਤ ਇਸ ਵੇਲੇ ਜ਼ਿਲ੍ਹੇ ਵਿਚ ਵੱਖ-ਵੱਖ ਬਲਾਕਾਂ ਵਿਚ ਬਲਾਕ ਪੱਧਰੀ ਖੇਡਾਂ ਚੱਲ ਰਹੀਆਂ ਹਨ, ਜੋ ਕਿ 12 ਸਤੰਬਰ ਤੱਕ ਚੱਲਣਗੀਆਂ। ਇਸ ਤੋਂ ਬਾਅਦ 21 ਤੋਂ 30 ਸਤੰਬਰ ਤੱਕ ਜ਼ਿਲ੍ਹਾ ਪੱਧਰੀ ਖੇਡਾਂ ਹੋਣਗੀਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਆਦਿੱਤਿਆ ਸ਼ਰਮਾ, ਐਸ.ਡੀ.ਐਮ. ਤਰਨ ਤਾਰਨ ਡਾ. ਕਰਨਵੀਰ ਸਿੰਘ, ਐਸ.ਡੀ.ਐਮ. ਪੱਟੀ ਅਮਨਦੀਪ, ਜ਼ਿਲ੍ਹਾ ਖੇਡ ਅਫਸਰ ਸਤਵੰਤ ਕੌਰ, ਜ਼ਿਲ੍ਹਾ ਸਿੱਖਿਆ ਅਫਸਰ ਰਾਜੀਵ ਕੁਮਾਰ ਛਾਬੜਾ, ਜ਼ਿਲ੍ਹਾ ਕੋਆਰਡੀਨੇਟਰ ਸੀ.ਐਮ. ਦੀ ਯੋਗਸ਼ਾਲਾ ਸੰਜੇ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਖੇਡ ਵਿਭਾਗ ਦੇ ਕੋਚ ਅਤੇ ਹੋਰ ਸ਼ਖਸੀਅਤਾਂ ਹਾਜਰ ਸਨ।