ਅੰਮ੍ਰਿਤਸਰ ਵਿਖੇ 23 ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ- ਡਿਪਟੀ ਕਮਿਸ਼ਨਰ ਸ੍ਰੀ ਰਾਹੁਲ
ਤਰਨ ਤਾਰਨ, 19 ਸਤੰਬਰ (ਪਰਮਜੀਤ ਜੋਸ਼ੀ)-ਪੰਜਾਬ ਸਰਕਾਰ ਦੇ ਐਨ. ਆਰ.
ਤਰਨ ਤਾਰਨ, 19 ਸਤੰਬਰ (ਪਰਮਜੀਤ ਜੋਸ਼ੀ)-ਪੰਜਾਬ ਸਰਕਾਰ ਦੇ ਐਨ.ਆਰ.ਆਈ. ਮਾਮਲੇ ਵਿਭਾਗ ਵਲੋਂ ਗੈਰ-ਨਿਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਲਈ 23 ਸਤੰਬਰ ਨੂੰ ਅੰਮ੍ਰਿਤਸਰ ਵਿਖੇ ਐਨ.ਆਰ.ਆਈ. ਮਿਲਣੀ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਦੱਸਿਆ ਕਿ ਇਹ ਸਮਾਗਮ ਸਵੇਰੇ 10 ਵਜੇ ਹੋਟਲ ਲੀ ਮੈਰੀਡਨ ਸਾਹਮਣੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਮਿਲਣੀ ਵਿਚ ਅੰਮ੍ਰਿਤਸਰ, ਤਰਨ ਤਾਰਨ ਅਤੇ ਹੋਰਨਾਂ ਲਾਗਲੇ ਜ਼ਿਲ੍ਹਿਆਂ ਨਾਲ ਸੰਬੰਧਿਤ ਐਨ.ਆਰ.ਆਈ. ਭਾਗ ਲੈਣਗੇ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਐਨ.ਆਰ.ਆਈ. ਮਾਮਲੇ ਵਿਭਾਗ ਅਤੇ ਹੋਰਨਾਂ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਰਹਿਣਗੇ, ਜੋ ਭਾਗੀਦਾਰਾਂ ਦੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਨੂੰ ਸੁਣ ਕੇ ਉਨ੍ਹਾਂ ਦੇ ਜਲਦੀ ਨਿਪਟਾਰੇ ਲਈ ਲੋੜੀਂਦੀ ਕਾਰਵਾਈ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਐਨ.ਆਰ.ਆਈ ਮਿਲਣੀਆਂ ਦਾ ਮੁੱਖ ਉਦੇਸ਼ ਵਿਦੇਸ਼ਾਂ ਵਿਚ ਰਹਿੰਦੇ ਪੰਜਾਬੀਆਂ ਨੂੰ ਇਕ ਅਜਿਹਾ ਸਾਂਝਾ ਮੰਚ ਪ੍ਰਦਾਨ ਕਰਨਾ ਹੈ, ਜਿਥੇ ਉਹ ਆਪਣੀਆਂ ਸ਼ਿਕਾਇਤਾਂ ਸਿੱਧੇ ਤੌਰ ’ਤੇ ਸੰਬੰਧਿਤ ਅਧਿਕਾਰੀਆਂ ਦੇ ਧਿਆਨ ਵਿਚ ਲਿਆ ਸਕਣ ਅਤੇ ਉਨ੍ਹਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਤਰਨ ਤਾਰਨ ਜ਼ਿਲ੍ਹੇ ਨਾਲ ਸੰਬੰਧਿਤ ਐਨ.ਆਰ. ਆਈਜ਼ ਨੂੰ ਇਸ ਪ੍ਰੋਗਰਾਮ ਵਿਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਜ਼ਿਲ੍ਹੇ ਦੇ ਸਾਰੇ ਯੋਗ ਐਨ.ਆਰ. ਆਈਜ਼ ਨੂੰ ਅਪੀਲ ਕੀਤੀ ਕਿ ਉਹ ਇਸ ਮੌਕੇ ਦਾ ਲਾਭ ਉਠਾਉਂਦੇ ਹੋਏ ਸੀਨੀਅਰ ਸਰਕਾਰੀ ਅਧਿਕਾਰੀਆਂ ਨਾਲ ਸਿੱਧਾ ਸੰਵਾਦ ਕਰਨ ਅਤੇ ਆਪਣੀਆਂ ਸਮੱਸਿਆਵਾਂ ਸੰਬੰਧਿਤ ਅਥਾਰਟੀਆਂ ਦੇ ਧਿਆਨ ਵਿਚ ਲਿਆਉਣ।