12 ਨੂੰ ਹੋਵੇਗੀ ਵੋਟਰ ਸੂਚੀਆਂ ਦੀ ਡ੍ਰਾਫਟ ਪ੍ਰਕਾਸ਼ਨਾ - ਜ਼ਿਲ੍ਹਾ ਚੋਣ ਅਫ਼ਸਰ
ਤਰਨ ਤਾਰਨ, 2 ਨਵੰਬਰ (ਪਰਮਜੀਤ ਜੋਸ਼ੀ)–ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਫੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ (ਐਸ. ਐਸ.
ਤਰਨ ਤਾਰਨ, 2 ਨਵੰਬਰ (ਪਰਮਜੀਤ ਜੋਸ਼ੀ)–ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਫੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ (ਐਸ.ਐਸ.ਆਰ)-2027 ਕਰਵਾਈ ਜਾ ਰਹੀ ਹੈ। ਇਸ ਸੁਧਾਈ ਲਈ 1 ਜਨਵਰੀ 2027 ਯੋਗਤਾ ਮਿਤੀ ਨਿਰਧਾਰਤ ਕੀਤੀ ਗਈ ਹੈ। ਇਸ ਦਾ ਉਦੇਸ਼ ਯੋਗ ਨਾਗਰਿਕਾਂ, ਖ਼ਾਸ ਕਰਕੇ ਨੌਜਵਾਨਾਂ ਅਤੇ ਪਹਿਲੀ ਵਾਰ ਵੋਟ ਪਾਉਣ ਦੇ ਯੋਗ ਹੋਣ ਵਾਲੇ ਨਾਗਰਿਕਾਂ ਦੇ ਨਾਂ ਵੋਟਰ ਸੂਚੀ ਵਿਚ ਸ਼ਾਮਲ ਕਰਨਾ ਯਕੀਨੀ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵਲੋਂ ਯੋਗ ਨਾਗਰਿਕਾਂ ਦੇ ਨਾਂ ਵੋਟਰ ਸੂਚੀ ਵਿਚ ਸ਼ਾਮਿਲ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤਹਿਤ 1 ਜਨਵਰੀ 2027 ਨੂੰ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਯੋਗ ਨਾਗਰਿਕ ਵੋਟਰ ਵਜੋਂ ਰਜਿਸਟ੍ਰੇਸ਼ਨ ਕਰਵਾਉਣ ਲਈ ਅਰਜ਼ੀਆਂ ਦੇ ਸਕਣਗੇ। ਇਸ ਤੋਂ ਇਲਾਵਾ 1 ਅਪ੍ਰੈਲ, 1 ਜੁਲਾਈ ਅਤੇ 1 ਅਕਤੂਬਰ 2027 ਨੂੰ ਨਿਰਧਾਰਤ ਉਮਰ ਪੂਰੀ ਕਰਨ ਵਾਲੇ ਸੰਭਾਵੀ ਯੋਗ ਵੋਟਰਾਂ ਤੋਂ ਵੀ ਅਗਾਊਂਂ ਅਰਜ਼ੀਆਂ ਪ੍ਰਾਪਤ ਕੀਤੀਆਂ ਜਾਣਗੀਆਂ, ਤਾਂ ਜੋ ਉਨ੍ਹਾਂ ਨੂੰ ਨਿਰਧਾਰਤ ਸਮੇਂ ’ਤੇ ਵੋਟਰ ਸੂਚੀ ਵਿਚ ਸ਼ਾਮਿਲ ਕਰਨ ਦੀ ਪ੍ਰਕਿਰਿਆ ਪੂਰੀ ਕੀਤੀ ਜਾ ਸਕੇ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਅਤੇ ਮੁੜ ਵਿਵਸਥਾ ਦਾ ਕੰਮ 2 ਨਵੰਬਰ 2026 ਤੱਕ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 12 ਨਵੰਬਰ 2026 ਨੂੰ ਵੋਟਰ ਸੂਚੀਆਂ ਦੀ ਡ੍ਰਾਫਟ ਪ੍ਰਕਾਸ਼ਨਾ ਕੀਤੀ ਜਾਵੇਗੀ। ਡ੍ਰਾਫਟ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ ਦਰਜ ਕਰਵਾਉਣ ਦੀ ਮਿਆਦ 12 ਨਵੰਬਰ ਤੋਂ 11 ਦਸੰਬਰ 2026 ਤੱਕ ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 28 ਦਸੰਬਰ 2026 ਤੱਕ ਕੀਤਾ ਜਾਵੇਗਾ ਜਦਕਿ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 4 ਜਨਵਰੀ 2027 ਨੂੰ ਹੋਵੇਗੀ। ਸ੍ਰੀ ਰਾਹੁਲ ਨੇ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਸੂਚੀ ਵਿਚ ਆਪਣਾ ਨਾਂ ਸ਼ਾਮਿਲ ਕਰਵਾਉਣ ਲਈ ਨਿਰਧਾਰਤ ਸਮੇਂ ਦੌਰਾਨ ਅਰਜ਼ੀ ਦੇਣ। ਉਨ੍ਹਾਂ ਕਿਹਾ ਕਿ ਲੋਕਤੰਤਰੀ ਪ੍ਰਣਾਲੀ ਵਿੱਚ ਹਰੇਕ ਯੋਗ ਨਾਗਰਿਕ ਦੀ ਭਾਗੀਦਾਰੀ ਬਹੁਤ ਮਹੱਤਵਪੂਰਨ ਹੈ।