ਲੁਧਿਆਣਾ, 3 ਜਨਵਰੀ (ਡਾ. ਤਰਲੋਚਨ ਸਿੰਘ)-ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਦੇ ਅਹੁਦੇਦਾਰਾਂ, ਪ੍ਰਬੰਧਕੀ ਬੋਰਡ ਦੇ ਮੈਂਬਰਾਂ ਅਤੇ ਸਮੂਹ ਮੈਂਬਰਾਂ ਵਲੋਂ ਪੱਤਰਕਾਰਾਂ ਖ਼ਿਲਾਫ਼ ਪਰਚਾ ਦਰਜ਼ ਕਰਨ ਦੀ ਸਖ਼ਤ ਨਿੰਦਾ ਕਰਦਿਆਂ ਇਸ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਗਈ ਹੈ | ਅਕਾਦਮੀ ਨੇ ਲਿਖਣ-ਬੋਲਣ ਦੀ ਆਜ਼ਾਦੀ ਉੱਤੇ ਹੋ ਰਹੇ ਅਜਿਹੇ ਹਮਲਿਆਂ ਦੀ ਸਖ਼ਤ ਨਿੰਦਾ ਕਰਦਿਆਂ ਪ੍ਰੈੱਸ ਦੀ ਆਜ਼ਾਦੀ ਨੂੰ ਬਹਾਲ ਕਰਨ ਦੀ ਮੰਗ ਕੀਤੀ ਹੈ | ਅਕਾਦਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਾਨਿਕ ਗੋਇਲ ਵਰਗੇ ਆਰ.ਟੀ.ਆਈ. ਕਾਰਕੁੰਨ ਅਤੇ ਮਿੰਟੂ ਗੁਰੂਸਰੀਆ ਅਤੇ ਮਨਿੰਦਰਜੀਤ ਸਿੱਧੂ ਵਰਗੇ ਪੱਤਰਕਾਰਾਂ ਸਮੇਤ ਲਗਭਗ 10 ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕਰਨਾ ਜਮਹੂਰੀ ਕਦਰਾਂ ਕੀਮਤਾਂ ਨੂੰ ਤਹਿਸ ਨਹਿਸ ਕਰਨ ਵਾਲੀ ਕਾਰਵਾਈ ਹੈ | ਉਨ੍ਹਾਂ ਕਿਹਾ ਅਕਾਦਮੀ ਸਮੂਹ ਪੱਤਰਕਾਰਾਂ ਅਤੇ ਲੋਕ-ਪੱਖੀ ਸਮਾਜਿਕ ਕਾਰਕੁੰਨਾਂ ਦੇ ਨਾਲ ਖੜ੍ਹੀ ਹੈ | ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ ਅਤੇ ਜਨਰਲ ਸਕੱਤਰ ਡਾ. ਗੁਲਜ਼ਾਰ ਪੰਧੇਰ ਨੇ ਕਿਹਾ ਇਹ ਪ੍ਰਗਟਾਵੇ ਦੀ ਆਜ਼ਾਦੀ ਅਤੇ ਮੀਡੀਆ 'ਤੇ ਸਿੱਧਾ ਹਮਲਾ ਹੈ, ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ | ਅਕਾਦਮੀ ਸਰਕਾਰ ਨੂੰ ਅਪੀਲ ਕਰਦੀ ਹੈ ਕਿ ਪੱਤਰਕਾਰਾਂ ਖ਼ਿਲਾਫ਼ ਦਰਜ ਪਰਚਾ ਤੁਰੰਤ ਰੱਦ ਕਰੇ |