ਲੁਧਿਆਣਾ, 4 ਜਨਵਰੀ (ਪਰਮਿੰਦਰ ਸਿੰੰਘ ਆਹੂਜਾ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਕਰੋੜਾਂ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਪਤੀ ਪਤਨੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਇੰਦਰਾ ਨਗਰ ਦੇ ਰਹਿਣ ਵਾਲੇ ਕਰਨ ਛਾਬੜਾ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਡੀ ਦੋ ਗਲੋਬਲ ਐਜੂਕੇਸ਼ਨ ਐਂਡ ਇਮੀਗ੍ਰੇਸ਼ਨ ਦੁੱਗਰੀ ਰੋਡ ਦੇ ਪ੍ਰਬੰਧਕ ਅਮਰਦੀਪ ਸਿੰਘ ਅਤੇ ਉਸ ਦੀ ਪਤਨੀ ਲਖਵਿੰਦਰ ਕੌਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਉਸ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਨਾਲ 1 ਕਰੋੜ 5 ਲੱਖ ਰੁਪਏ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |