ਲੁਧਿਆਣਾ, 6 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ਼ ਵਲੋਂ 25 ਕਿੱਲੋਗ੍ਰਾਮ ਭੁੱਕੀ ਚੂਰਾ ਪੋਸਤ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ, ਜਿਸ ਸਬੰਧੀ ਜਾਣਕਾਰੀ ਦਿੰਦਿਆਂ ਅਮਨਦੀਪ ਸਿੰਘ ਬਰਾੜ ਵਧੀਕ ਡਿਪਟੀ ਕਮਿਸ਼ਨਰ ਪੁਲਿਸ (ਜਾਂਚ) ਨੇ ਦੱਸਿਆ ਕਿ ਇੰਸਪੈਕਟਰ ਅਵਤਾਰ ਸਿੰਘ ਸੀ.ਆਈ.ਏ. ਸਟਾਫ਼ ਲੁਧਿਆਣਾ ਦੀ ਟੀਮ ਨੇ ਗੁਰਦੁਆਰਾ ਮੰਜੀ ਸਾਹਿਬ ਰੋਡ ਲੁਧਿਆਣਾ ਨੇੜੇ ਸਥਿਤ ਖਾਲੀ ਪਲਾਟ ਵਿਚ ਖੜ੍ਹੇ ਕੈਂਟਰ ਅਸ਼ੋਕਾ ਲੇਲੈਂਡ ਦੀ ਸ਼ੱਕ ਦੇ ਆਧਾਰ 'ਤੇ ਜਦੋਂ ਤਲਾਸ਼ੀ ਲਈ ਤਾਂ ਉਸ ਵਿਚੋਂ ਇਹ ਭੁੱਕੀ ਬਰਾਮਦ ਕੀਤੀ ਗਈ | ਪੁਲਿਸ ਵਲੋਂ ਇਸ ਮਾਮਲੇ ਵਿਚ ਬਿਕਰਮਜੀਤ ਸਿੰਘ ਉਰਫ ਵਿੱਕੀ ਪੁੱਤਰ ਪ੍ਰਕਾਸ਼ ਚੰਦ ਨੂੰ ਗਿ੍ਫ਼ਤਾਰ ਕੀਤਾ ਹੈ | ਉਸ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕਰਕੇ 2 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਤਾਂ ਜੋ ਉਸ ਪਾਸੋਂ ਨਸ਼ਾ ਤਸਕਰੀ ਨੈੱਟਵਰਕ ਬਾਰੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ |