ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਾਡਲ ਟਾਊਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਟਿਊਸ਼ਨ ਮਾਰਕੀਟ ਵਿਚ ਇਮੀਗ੍ਰੇਸ਼ਨ ਦੇ ਦਫ਼ਤਰ ਵਿਚ ਕੰਮ ਕਰਦੀ ਇਕ ਲੜਕੀ ਅਤੇ ਮਾਲਕ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਚਾਰ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜਤ ਲੜਕੀ ਰਮਨਦੀਪ ਕੌਰ ਵਾਸੀ ਪਿੰਡ ਭੋਲਾਪੁਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਸਰਬਜੀਤ ਸਿੰਘ, ਲਖਵਿੰਦਰ ਕੌਰ, ਦਿਲਜਾਨ, ਸੁਖਮਨਜੀਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਕਤ ਕਥਿਤ ਦੋਸ਼ੀ ਉਨ੍ਹਾਂ ਦੇ ਦਫ਼ਤਰ ਆਏ ਅਤੇ ਉਸ ਪਾਸੋਂ ਨਿਊਜ਼ੀਲੈਂਡ ਜਾਣ ਲਈ ਫਾਈਲ ਲਗਾਉਣ ਦਾ ਪੁੱਛਣ ਲੱਗੇ | ਇਸ ਦੌਰਾਨ ਉਕਤ ਕਥਿਤ ਦੋਸ਼ੀ ਉਸ ਨਾਲ ਬਹਿਸ ਕਰਨ ਲੱਗ ਪਏ, ਜਦੋਂ ਉਸ ਨੇ ਇਹਨਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਇਹਨਾਂ ਕਥਿਤ ਦੋਸ਼ੀਆਂ ਨੇ ਉਸ ਦੀ ਅਤੇ ਉਸ ਦੇ ਮਾਲਕ ਸਾਹਿਲ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ | ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |