ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਗੈਂਗਸਟਰਾਂ ਨਾਲ ਸਬੰਧ ਅਤੇ ਉਨ੍ਹਾਂ ਦੀ ਮਦਦ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਿਸ ਵਲੋਂ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਛਾਪਾਮਾਰੀ ਕੀਤੀ ਗਈ ਹੈ ਅਤੇ ਇਸ ਦÏਰਾਨ 200 ਤੋਂ ਵੱਧ ਵਿਅਕਤੀਆਂ ਨੂੰ ਹਿਰਾਸਤ ਵਿਚ ਲੈ ਕੇ ਪੁੱਛ ਪੜਤਾਲ ਕੀਤੀ ਹੈ | ਕਈਆਂ ਪਾਸੋਂ ਹਥਿਆਰ ਅਤੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਮਿਲੀਆਂ ਹਦਾਇਤਾਂ ਅਨੁਸਾਰ ਇਹ ਕਾਰਵਾਈ ਆਉਂਦੇ ਦਿਨਾਂ ਵਿਚ ਵੀ ਜਾਰੀ ਰਹੇਗੀ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਅਜਿਹੇ ਕਿਸੇ ਵੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਜੋ ਕਿ ਅਪਰਾਧੀਆਂ ਦੀ ਮਦਦ ਅਤੇ ਉਨ੍ਹਾਂ ਨਾਲ ਸੰਬੰਧ ਰੱਖਦੇ ਹਨ | ਉਨ੍ਹਾਂ ਦੱਸਿਆ ਕਿ ਇਸ ਲਈ ਪੁਲਿਸ ਦੀਆਂ 50 ਟੀਮਾਂ ਬਣਾਈਆਂ ਗਈਆਂ ਹਨ ਅਤੇ ਇਹਨਾਂ ਵਿਚ 400 ਦੇ ਕਰੀਬ ਪੁਲਿਸ ਮੁਲਾਜ਼ਮ ਸ਼ਾਮਿਲ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਪੁਲਿਸ ਟੀਮਾਂ ਨੇ ਕਿਰਾਏਦਾਰਾਂ ਦੀ ਵਿਸਤਰਿਤ ਤਸਦੀਕ ਕੀਤੀ, ਪਛਾਣ ਦਸਤਾਵੇਜ਼ਾਂ ਦੀ ਜਾਂਚ ਕੀਤੀ ਅਤੇ ਸੰਬੰਧਿਤ ਥਾਣਿਆਂ ਰਾਹੀਂ ਪਿਛੋਕੜ ਦੀ ਪੜਤਾਲ ਕੀਤੀ¢ ਆਮ ਲੋਕਾਂ ਨੂੰ ਵੀ ਜਾਗਰੂਕ ਕੀਤਾ ਗਿਆ ਅਤੇ ਅਪੀਲ ਕੀਤੀ ਗਈ ਕਿ ਕਿਸੇ ਵੀ ਸਥਿਤੀ ਵਿਚ ਅਪਰਾਧੀਆਂ ਨੂੰ ਪਨਾਹ ਜਾਂ ਮਦਦ ਨਾ ਦਿੱਤੀ ਜਾਵੇੇ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੰਮ ਵਿਚ ਪੁਲਿਸ ਦਾ ਸਾਥ ਦੇਣ ਤਾਂ ਜੋ ਗੈਂਗਸਟਰਾਂ ਦੀਆਂ ਕਾਰਵਾਈਆਂ 'ਤੇ ਠੱਲ੍ਹ ਪਾਈ ਜਾ ਸਕੇ