ਲੁਧਿਆਣਾ, 27 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦਰੇਸੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਿਊ ਮਾਧੋਪੁਰੀ ਵਿਚ ਇਕ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਦਿੰਦਿਆਂ ਐਸ.ਐਚ.ਓ. ਗੁਰਮੀਤ ਸਿੰਘ ਨੇ ਦੱਸਿਆ ਕਿ ਮਿ੍ਤਕ ਦੀ ਸ਼ਨਾਖਤ ਅਮਨ ਅਰੋੜਾ ਪੁੱਤਰ ਰਾਜੇਸ਼ ਅਰੋੜਾ ਵਜੋਂ ਕੀਤੀ ਗਈ ਹੈ, ਉਸ ਦੀ ਉਮਰ 28 ਸਾਲ ਦੇ ਕਰੀਬ ਸੀ | ਅਮਨ ਅਰੋੜਾ ਨਸ਼ਾ ਕਰਨ ਦਾ ਆਦੀ ਸੀ | ਬੀਤੇ ਦਿਨ ਜਦੋਂ ਉਹ ਘਰ ਆਇਆ ਤਾਂ ਉਸ ਦੀ ਹਾਲਤ ਵਿਗੜੀ ਹੋਈ ਸੀ | ਗੰਭੀਰ ਹਾਲਾਤ ਵਿਚ ਉਸ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ | ਉਨ੍ਹਾਂ ਦੱਸਿਆ ਕਿ ਮਿ੍ਤਕ ਦੀ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਅਤੇ ਪੋਸਟਮਾਰਟਮ ਰਿਪੋਰਟ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਰਿਪੋਰਟ ਆਉਣ ਉਪਰੰਤ ਹੀ ਮੌਤ ਦੇ ਸਹੀ ਕਾਰਨਾਂ ਦਾ ਪਤਾ ਲੱਗ ਸਕੇਗਾ |