ਲੁਧਿਆਣਾ, 28 ਜਨਵਰੀ (ਜਸਵਿੰਦਰ ਸਿੰਘ)-ਪੰਜਾਬ ਸਰਕਾਰ ਦੇ ਸੈਰ-ਸਪਾਟਾ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਕਿਲ੍ਹਾ ਰਾਏਪੁਰ ਵਿਖੇ ਜੋ 30 ਜਨਵਰੀ ਤੋਂ 1 ਫਰਵਰੀ ਤੱਕ ਪੇਂਡੂ ਓਲੰਪਿਕ ਖੇਡਾਂ ਕਰਵਾਈਆਂ ਜਾ ਰਹੀਆਂ ਸਨ | ਜਾਣਕਾਰੀ ਮੁਤਾਬਿਕ ਕੁਝ ਕਾਰਨਾਂ ਕਰਕੇ ਇਹਨਾਂ ਖੇਡਾਂ ਦੀ ਤਰੀਕ ਬਦਲ ਕੇ 17, 18, 19 ਫਰਵਰੀ ਕਰ ਦਿੱਤੀ ਗਈ ਹੈ, ਜਿੱਥੇ ਤਿੰਨੇ ਦਿਨ ਬੈਲ ਗੱਡੀਆਂ ਦੀਆਂ ਦੌੜਾਂ ਹੋਣਗੀਆਂ | ਬੈਲ ਗੱਡੀਆਂ ਦੀ ਦੌੜ ਵਿਚ ਸ਼ਾਮਲ ਹੋਣ ਲਈ ਕਿਸੇ ਵੀ ਤਰ੍ਹਾਂ ਦੀ ਰਜਿਸਟਰੇਸ਼ਨ ਫੀਸ ਨਹੀਂ ਹੈ | ਪ੍ਰਸ਼ਾਸਨ ਵੱਲੋਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਜੇਕਰ ਕੋਈ ਵਿਅਕਤੀ ਕਿਸੇ ਵੀ ਤਰੀਕੇ ਪੈਸਿਆਂ ਦੀ ਮੰਗ ਕਰਦਾ ਹੈ ਤਾਂ ਮਾਮਲਾ ਕਮੇਟੀ ਜਾਂ ਪ੍ਰਸ਼ਾਸ਼ਨ ਦੇ ਧਿਆਨ ਵਿਚ ਲਿਆਂਦਾ ਜਾਵੇ ਕਿਉਂਕਿ ਇਹ ਖੇਡਾਂ ਪਿਛਲੇ ਸਾਲ ਤੋਂ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਬੈਲ ਗੱਡੀਆਂ ਦੀਆਂ ਦੌੜਾਂ ਕਰਵਾਉਣ ਲਈ ਗਠਿਤ ਕਮੇਟੀ ਭਾਰਤੀ ਪਸ਼ੂ ਭਲਾਈ ਬੋਰਡ ਅਤੇ ਪੰਜਾਬ ਸਰਕਾਰ ਵਲੋਂ ਸਮੇਂ-ਸਮੇਂ 'ਤੇ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਏਗੀ |