ਲੁਧਿਆਣਾ, 31 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਦੋ ਮੋਟਰਸਾਈਕਲ ਅਤੇ 10 ਮੋਬਾਈਲ ਬਰਾਮਦ ਕੀਤੇ ਹਨ | ਕਾਬੂ ਕੀਤੇ ਗਏ ਕਥਿਤ ਦੋਸ਼ੀ ਲੁੱਟ ਖੋਹ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਸਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ. ਡੀ. ਸੀ. ਪੀ. ਸਮੀਰ ਵਰਮਾ ਨੇ ਦੱਸਿਆ ਕਿ ਪੁਲਿਸ ਵਲੋਂ ਇਹ ਕਾਰਵਾਈ ਥਾਣਾ ਡਿਵੀਜ਼ਨ ਨੰਬਰ ਚਾਰ ਦੇ ਐਸ.ਐਚ.ਓ. ਇੰਸਪੈਕਟਰ ਗੁਰਜੀਤ ਸਿੰਘ ਦੀ ਅਗਵਾਈ ਹੇਠ ਅਮਲ ਵਿਚ ਲਿਆਂਦੀ ਹੈ ਅਤੇ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਰਿਸ਼ੀ ਪੁੱਤਰ ਅਨੂਪ ਕੁਮਾਰ ਵਾਸੀ ਗਲੀ ਨੰਬਰ ਇਕ ਮਿਹਰਬਾਨ ਅਤੇ ਆਦਿਲ ਪੁੱਤਰ ਜ਼ੁਲਫਕਾਰ ਵਾਸੀ ਮਿਹਰਬਾਨ ਸ਼ਾਮਿਲ ਹਨ | ਪੁਲਿਸ ਨੇ ਇਹਨਾਂ ਲਈ ਕਬਜ਼ੇ ਵਿਚੋਂ ਦੋ ਮੋਟਰਸਾਈਕਲ ਅਤੇ 10 ਮੋਬਾਈਲ ਬਰਾਮਦ ਕੀਤੇ ਹਨ, ਜੋ ਕਿ ਉਨ੍ਹਾਂ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਖੋਹੇ ਸਨ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਨਸ਼ਾ ਕਰਨ ਦੇ ਆਦੀ ਹਨ ਅਤੇ ਨਸ਼ੇ ਦੀ ਪੂਰਤੀ ਲਈ ਕਈ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ | ਉਨ੍ਹਾਂ ਦੱਸਿਆ ਕਿ ਇਹਨਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |