ਲੁਧਿਆਣਾ, 31 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਸੀ. ਪੀ. ਹਰਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਬੀਤੀ ਸ਼ਾਮ ਤਾਜਪੁਰ ਰੋਡ ਨੇੜੇ ਨਾਕਾਬੰਦੀ ਕੀਤੀ ਹੋਈ ਸੀ ਕਿ ਉੱਥੇ ਜਾ ਰਹੇ ਇਕ ਨੌਜਵਾਨ ਨੂੰ ਜਦੋਂ ਰੁਕਣ ਦਾ ਇਸ਼ਾਰਾ ਕੀਤਾ ਤਾਂ ਇਹ ਭੱਜ ਪਿਆ | ਉਨ੍ਹਾਂ ਦੱਸਿਆ ਕਿ ਇਹ ਕਥਿਤ ਦੋਸ਼ੀ ਸੜਕ 'ਤੇ ਖੜ੍ਹਾ ਗ੍ਰਾਹਕ ਦੀ ਇੰਤਜ਼ਾਰ ਕਰ ਰਿਹਾ ਹੈ | ਪਿੱਛਾ ਕਰਨ 'ਤੇ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ ਅਤੇ ਤਲਾਸ਼ੀ ਲੈਣ ਉਪਰੰਤ ਇਸ ਦੇ ਕਬਜ਼ੇ ਵਿਚੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਗੋਤਮ ਸੈਨੀ ਵਾਸੀ ਤਾਜਪੁਰ ਰੋਡ ਵਜੋਂ ਕੀਤੀ ਗਈ ਹੈ | ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸੀ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਹੈਰੋਈਨ ਸਪਲਾਈ ਕਰਦਾ ਸੀ | ਪੁਲਿਸ ਵਲੋਂ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |